ਨਸ਼ਾ ਤਸਕਰੀ ਮਾਮਲਾ: ਮਜੀਠੀਆ ਵੱਲੋਂ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ

ਅਕਾਲੀ ਆਗੂ ਨੇ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਦਿੱਤੀ ਚੁਨੌਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਤੋਂ ਬਚਨ ਅਤੇ ਰਾਹਤ ਲੈਣ ਲਈ ਸੋਮਵਾਰ ਨੂੰ ਉੱਚ ਅਦਾਲਤ ਦਾ ਬੂਹਾ ਖੜਕਾਇਆ ਹੈ। ਮਜੀਠੀਆ ਨੇ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਹੈ। ਇੱਥੇ ਇਹ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ।
ਮਜੀਠੀਆ ਨੇ ਆਪਣੇ ਵਕੀਲ ਰਾਹੀਂ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਨੌਤੀ ਦੇਣ ਵਾਲੀ ਪਟੀਸ਼ਨ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਵਿਰੁੱਧ ਬਿਲਕੁਲ ਗੈਰਕਾਨੂੰਨੀ ਤਰੀਕੇ ਨਾਲ ਇਹ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਕਰਤਾ ਵੀ ਨਹੀਂ ਹੈ। ਨਸ਼ਾ ਤਸਕਰੀ ਮਾਮਲੇ ਵਿੱਚ ਪੁਲੀਸ ਪਹਿਲਾਂ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜੋ ਵੱਖ-ਵੱਖ ਜੇਲ੍ਹਾਂ ਵਿੱਚ ਸਜਾ ਭੁਗਤ ਰਹੇ ਹਨ ਲੇਕਿਨ ਹੁਣ ਵਿਧਾਨ ਸਭਾ ਚੋਣਾਂ ਐਨ ਨੇੜੇ ਆਉਣ ਕਾਰਨ ਅਤੇ ਸੱਤਾਧਾਰੀ ਧਿਰ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਦੀ ਮਨਸ਼ਾ ਨਾਲ ਉਨ੍ਹਾਂ ਨੂੰ ਸਾਜ਼ਿਸ਼ ਤਹਿਤ ਝੂਠੇ ਕੇਸਾਂ ਵਿੱਚ ਉਲਝਾਉਣ ਕੇ ਰੱਖਣਾ ਚਾਹੁੰਦੀ ਹੈ।
ਜਾਣਕਾਰੀ ਅਨੁਸਾਰ ਮਜੀਠੀਆ ਖ਼ਿਲਾਫ਼ ਕੁੱਝ ਦਿਨ ਪਹਿਲਾਂ ਹੀ ਇੱਥੋਂ ਦੇ ਫੇਜ-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕਰਾਇਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਹਨ। ਪੰਜਾਬ ਸਰਕਾਰ ਅਤੇ ਪੁਲੀਸ ਨੂੰ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖਦਸ਼ਾ ਹੈ। ਹਾਲਾਂਕਿ ਇਸ ਸਬੰਧੀ ਪੰਜਾਬ ਪੁਲੀਸ ਵੱਲੋਂ ਅਕਾਲੀ ਆਗੂ ਦੇ ਖ਼ਿਲਾਫ਼ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਲੇਕਿਨ ਹੁਣ ਤੱਕ ਮਜੀਠੀਆ ਪੁਲੀਸ ਦੇ ਹੱਥ ਨਹੀਂ ਲੱਗਿਆ। ਪੁਲੀਸ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਧਰ, ਸਰਕਾਰ ਦਾ ਕਹਿਣਾ ਹੈ ਕਿ ਮਜੀਠੀਆ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹਾਈ ਕੋਰਟ ਦੀ ਦੇਖਰੇਖ ਵਿੱਚ ਨਸ਼ਿਆਂ ਦੀ ਤਸਕਰੀ ਮਾਮਲੇ ਸਬੰਧੀ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਰਿਪੋਰਟ ਅਤੇ ਕਾਨੂੰਨੀ ਰਾਇ ਲੈਣ ਮਗਰੋਂ ਹੀ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਮਜੀਠੀਆ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਅਕਾਲੀ ਆਗੂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਅਤੇ ਨਸ਼ਾ ਤਸਕਰੀ ਕੇਸ ਨੂੰ ਕਮਜ਼ੋਰ ਕਰਨ ਦੀ ਮਨਸ਼ਾ ਨਾਲ ਨਸ਼ਿਆਂ ਦੇ ਦੋਸ਼ਾਂ ਸਬੰਧੀ ਮਜੀਠੀਆ ਤੋਂ ਲਿਖਤੀ ਮੁਆਫ਼ੀ ਮੰਗੀ ਗਈ ਸੀ। ਕੇਜਰੀਵਾਲ ਦੇ ਇਸ ਮੁਆਫ਼ੀਨਾਮੇ ਨੂੰ ਹੁਣ ਮਜੀਠੀਆ ਢਾਲ ਬਣਾ ਕੇ ਵਰਤ ਰਿਹਾ ਹੈ ਪ੍ਰੰਤੂ ਪੰਜਾਬ ਸਰਕਾਰ ਮਜੀਠੀਆ ਦਾ ਅਜਿਹਾ ਕੋਈ ਵੀ ਪੈਂਤੜਾ ਚੱਲਣ ਨਹੀਂ ਦੇਵੇਗੀ।
ਆਖ਼ਰੀ ਦਮ ਤੱਕ ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਰੱਖਣ ਦਾ ਦਾਅਵਾ ਅਤੇ ਪੰਜਾਬ ’ਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਦੀ ਸਹੁੰ ਚੁੱਕਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮਜੀਠੀਆ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਪੂਰੀ ਵਾਹ ਲਗਾਈ ਗਈ। ਉਨ੍ਹਾਂ ਨੇ ਸਾਢੇ ਚਾਰ ਸਾਲਾਂ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮਾਮਲਿਆਂ ਵਿੱਚ ਕੋਈ ਜ਼ਿਕਰਯੋਗ ਕਾਰਵਾਈ ਨਹੀਂ ਕੀਤੀ ਗਈ ਲੇਕਿਨ ਹੁਣ ਮੌਜੂਦਾ ਸਰਕਾਰ ਮਜੀਠੀਆ ਨੂੰ ਭੱਜਣ ਨਹੀਂ ਦੇਵੇਗੀ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਵੀ ਬਖ਼ਸ਼ਿਆਂ ਨਹੀਂ ਜਾਵੇਗਾ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …