
ਨਸ਼ਾ ਤਸਕਰੀ ਮਾਮਲਾ: ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ, ਮੁਹਾਲੀ ਅਦਾਲਤ ਵੱਲੋਂ ਜ਼ਮਾਨਤ ਰੱਦ
ਪੰਜਾਬ ਸਰਕਾਰ ਨੇ ਸਰਕਾਰੀ ਵਕੀਲ ਤੇ ਡੀਐਸਪੀ ਰਾਹੀਂ ਅਦਾਲਤ ’ਚ ਪੇਸ਼ ਕੀਤਾ ਮਜੀਠੀਆ ਕੇਸ ਬਾਰੇ ਰਿਕਾਰਡ
ਮਜੀਠੀਆ ਨੇ ਅਗਾਊਂ ਜ਼ਮਾਨਤ ਲੈਣ ਲਈ ਮੁਹਾਲੀ ਅਦਾਲਤ ਵਿੱਚ ਦਾਇਰ ਕੀਤੀ ਸੀ ਅਰਜ਼ੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਲਗਾਤਾਰ ਮੁਸ਼ਕਲਾਂ ਵਧ ਰਹੀਆਂ ਹਨ। ਮੁਹਾਲੀ ਅਦਾਲਤ ਨੇ ਅੱਜ ਸ਼ਾਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਅਦਾਲਤ ਦੇ ਇਸ ਫੈਸਲੇ ਨਾਲ ਅਕਾਲੀ ਦਲ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਨਸ਼ਾ ਤਸਕਰੀ ਮਾਮਲੇ ਵਿੱਚ ਰਾਹਤ ਲੈਣ ਲਈ ਮਜੀਠੀਆ ਨੇ ਵੀਰਵਾਰ ਨੂੰ ਮੁਹਾਲੀ ਅਦਾਲਤ ਦਾ ਬੂਹਾ ਖੜਕਾਇਆ ਸੀ। ਅਕਾਲੀ ਆਗੂ ਨੇ ਆਪਣੇ ਵਕੀਲਾਂ ਦਮਨਬੀਰ ਸਿੰਘ ਸੋਬਤੀ ਅਤੇ ਐਚਐਸ ਧਨੋਆ ਰਾਹੀਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਇਸ ਸਬੰਧੀ ਬੀਤੇ ਕੱਲ੍ਹ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਜੀਠੀਆ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਅੱਜ ਪੇਸ਼ ਕਰਨ ਲਈ ਕਿਹਾ ਸੀ। ਪੰਜਾਬ ਸਰਕਾਰ ਵੱਲੋਂ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਇਕ ਡੀਐਸਪੀ ਰਾਹੀਂ ਅਦਾਲਤ ਵਿੱਚ ਬਹੁਚਰਚਿਤ ਡਰੱਗ ਕੇਸ ਸਬੰਧੀ ਰਿਕਾਰਡ ਪੇਸ਼ ਕੀਤਾ ਗਿਆ।
ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਅਕਾਲੀ ਆਗੂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿੱਚ ਜ਼ਬਰਦਸਤ ਬਹਿਸ ਹੋਈ। ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮਜੀਠੀਆ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹਾਈ ਕੋਰਟ ਦੇ ਹੁਕਮਾਂ ’ਤੇ ਨਸ਼ਿਆਂ ਦੀ ਤਸਕਰੀ ਮਾਮਲੇ ਸਬੰਧੀ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਰਿਪੋਰਟ ਅਤੇ ਕਾਨੂੰਨੀ ਰਾਇ ਲੈਣ ਮਗਰੋਂ ਹੀ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਬਚਾਅ ਪੱਖ ਦੇ ਵਕੀਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਮਜੀਠੀਆ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਵਿਰੁੱਧ ਗੈਰਕਾਨੂੰਨੀ ਤਰੀਕੇ ਨਾਲ ਇਹ ਝੂਠਾ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਕਰਤਾ ਵੀ ਨਹੀਂ ਹੈ। ਅਦਾਲਤ ਨੇ ਦੋਵਾਂ ਧਿਰਾਂ ਨੂੰ ਆਪਣੀ ਗੱਲ ਕਹਿਣ ਦਾ ਪੂਰਾ ਅਤੇ ਖੁੱਲ੍ਹਾ ਸਮਾਂ ਦਿੱਤਾ ਗਿਆ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸਿਰੇ ਤੋਂ ਖਾਰਜ ਕਰ ਦਿੱਤੀ ਗਈ।
ਇੱਥੇ ਇਹ ਜ਼ਿਕਰਯੋਗ ਹੈ ਕਿ ਮਜੀਠੀਆ ਖ਼ਿਲਾਫ਼ ਬੀਤੇ ਦਿਨੀਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਹਨ। ਹਾਲਾਂਕਿ ਪੰਜਾਬ ਸਰਕਾਰ ਅਤੇ ਪੁਲੀਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਅਕਾਲੀ ਆਗੂ ਦੇ ਖ਼ਿਲਾਫ਼ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਲੇਕਿਨ ਹੁਣ ਤੱਕ ਮਜੀਠੀਆ ਪੁਲੀਸ ਦੇ ਹੱਥ ਨਹੀਂ ਲੱਗਿਆ। ਪੁਲੀਸ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਸੂਤਰ ਦੱਸਦੇ ਹਨ ਕਿ ਸ਼ੁੱਕਰਵਾਰ ਨੂੰ ਵੀ ਮਜੀਠੀਆ ਦੀ ਭਾਲ ਵਿੱਚ ਪੰਜਾਬ ਸਮੇਤ ਗੁਆਂਢੀ ਸੂਬਿਆਂ ਵਿੱਚ ਛਾਪੇ ਮਾਰੇ ਗਏ ਹਨ। ਲੇਕਿਨ ਉਹ ਕਿਤੇ ਵੀ ਪੁਲੀਸ ਨੂੰ ਨਹੀਂ ਮਿਲਿਆ। ਹਾਲਾਂਕਿ ਸਰਕਾਰ ਵੱਲੋਂ ਮਜੀਠੀਆ ਦੀ ਜਾਨ ਨੂੰ ਖ਼ਤਰਾ ਹੋਣ ਦੇ ਚੱਲਦਿਆਂ ਪੁਲੀਸ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ ਪਰ ਕੇਸ ਦਰਜ ਹੋਣ ਤੋਂ ਬਾਅਦ ਅਕਾਲੀ ਆਗੂ ਪੁਲੀਸ ਸੁਰੱਖਿਆ ਛੱਡ ਕੇ ਇਕੱਲੇ ਹੀ ਨਿਕਲ ਗਏ ਹਨ। ਪੁਲੀਸ, ਮਜੀਠੀਆ ਦੇ ਮੋਬਾਈਲ ਫੋਨ ਦੀ ਕਾਲ ਡਿਟੇਲ ਇਕੱਠੀ ਕਰਨ ਵਿੱਚ ਲੱਗੀ ਹੋਈ ਹੈ। ਸੂਤਰ ਇਹ ਵੀ ਦੱਸਦੇ ਹਨ ਕਿ ਨਵੇਂ ਡੀਜੀਪੀ ਦੀ ਨਿਯੁਕਤੀ ਲੱਗਣ ਤੋਂ ਤੁਰੰਤ ਬਾਅਦ ਉਸੇ ਰਾਤ ਮਜੀਠੀਆ ਪੰਜਾਬ ’ਚੋਂ ਬਾਹਰ ਕਿਸੇ ਸੁਰੱਖਿਅਤ ਥਾਂ ’ਤੇ ਜਾ ਕੇ ਲੁਕ ਗਏ ਹਨ। ਕੇਸ ਦਰਜ ਹੋਣ ਤੋਂ ਬਾਅਦ ਜਾਂ ਪਹਿਲਾਂ ਮਜੀਠੀਆ ਕਿਹੜੇ ਕਿਹੜੇ ਵਿਅਕਤੀਆਂ, ਸਿਆਸੀ ਆਗੂਆਂ ਜਾਂ ਅਫ਼ਸਰਾਂ ਦੇ ਸੰਪਰਕ ਵਿੱਚ ਰਿਹਾ ਹੈ। ਪੁਲੀਸ ਇਹ ਜਾਣਕਾਰੀ ਵੀ ਜੁਟਾਉਣ ਵਿੱਚ ਲੱਗ ਗਈ ਹੈ। ਜਾਣਕਾਰੀ ਮਿਲਣ ਤੋਂ ਬਾਅਦ ਸਬੰਧਤ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਜਾਵੇਗਾ।
ਬਚਾਅ ਪੱਖ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਅਤੇ ਐਚਐਸ ਧਨੋਆ ਨੇ ਮੁਹਾਲੀ ਅਦਾਲਤ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜਲਦੀ ਹੀ ਇਨਸਾਫ਼ ਪ੍ਰਾਪਤੀ ਲਈ ਹਾਈ ਕੋਰਟ ਵਿੱਚ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਚੁਨੌਤੀ ਦਿੱਤੀ ਜਾਵੇ ਅਤੇ ਉੱਥੇ ਨਵੇਂ ਸਿਰਿਓਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਜਾਵੇਗੀ।