ਡਰੱਗ ਮਾਮਲਾ: ਮਜੀਠੀਆ ਸੁਰੱਖਿਆ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ ਤੋਂ ਸਟੇਟਸ ਰਿਪੋਰਟ ਤਲਬ

ਬਚਾਅ ਪੱਖ ਨੇ ਜੇਲ੍ਹ ਵਿੱਚ ਮਜੀਠੀਆ ਦੀ ਜਾਨ ਨੂੰ ਖ਼ਤਰਾ ਦੱਸਿਆ

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ 14 ਦਿਨਾਂ ਦਾ ਹੋਰ ਵਾਧਾ

ਬਿਕਰਮ ਮਜੀਠੀਆ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ:
ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਸ ਕੇਸ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਹੋਈ। ਇਸ ਦੌਰਾਨ ਮਜੀਠੀਆ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਹਾਜ਼ਰੀ ਲਗਾਉਣ ਸਮੇਂ ਅਦਾਲਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜੇਲ੍ਹ ਵਿੱਚ ਸਾਰਾ ਕੁੱਝ (ਆਲ ਇਜ ਨੌਟ ਵੈਲ ਹੇਅਰ) ਠੀਕ ਨਹੀਂ ਹੈ? ਫਿਰ ਵਕੀਲਾਂ ਨੇ ਮਜੀਠੀਆ ਨਾਲ ਗੱਲ ਕੀਤੀ।
ਬਚਾਅ ਪੱਖ ਦੇ ਵਕੀਲਾਂ ਦਮਨਬੀਰ ਸਿੰਘ ਸੋਬਤੀ, ਅਰਸ਼ਦੀਪ ਸਿੰਘ ਕਲੇਰ ਅਤੇ ਐਚਐਸ ਧਨੋਆ ਨੇ ਕਿਹਾ ਕਿ ਜੇਲ੍ਹ ਵਿੱਚ ਮਜੀਠੀਆ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ, ਕਿਉਂਕਿ ਵਿੱਚ ਜੇਲ੍ਹ ਵਿੱਚ ਖਾੜਕੂ ਅਤੇ ਗੈਂਗਸਟਰਾਂ ਸਮੇਤ ਹੋਰ ਮਾੜੇ ਅਨਸਰ ਬੰਦ ਹਨ। ਬਚਾਅ ਪੱਖ ਨੇ ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰਾਂ ਅਤੇ ਜੇਲ੍ਹ ਮੰਤਰੀ ਦੇ ਦੌਰਾ ਬਾਰੇ ਫੋਟੋਆਂ ਦਿਖਾਉਂਦੇ ਹੋਏ ਅਦਾਲਤ ਨੂੰ ਦੱਸਿਆ ਕਿ ਮੰਤਰੀ ਦੇ ਦੌਰਾ ਤੋਂ ਬਾਅਦ ਮਜੀਠੀਆ ਦੀ ਬੈਰਕ ਬਦਲੀ ਗਈ ਹੈ। ਅਦਾਲਤ ਨੇ ਬਚਾਅ ਪੱਖ ਨੂੰ ਲਿਖਤੀ ਰੂਪ ਵਿੱਚ ਅਰਜ਼ੀ ਦੇਣ ਲਈ ਕਿਹਾ ਗਿਆ। ਇੰਜ ਬਾਅਦ ਦੁਪਹਿਰ ਬਚਾਅ ਪੱਖ ਵੱਲੋਂ ਅਦਾਲਤ ਵਿੱਚ ਨਵੇਂ ਸਿਰਿਓਂ ਅਰਜ਼ੀ ਦਾਇਰ ਕੀਤੀ ਗਈ। ਜਿਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਅਤੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਨੂੰ ਸੰਮਨ ਭੇਜ ਕੇ ਭਲਕੇ 6 ਅਪਰੈਲ ਤੱਕ ਮਜੀਠੀਆ ਦੇ ਸੁਰੱਖਿਆ ਮਾਮਲੇ ਵਿੱਚ ਵਿਸਥਾਰਪੂਰਵਕ ਸਟੇਟਸ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ। ਉਂਜ ਮੁਹਾਲੀ ਅਦਾਲਤ ਨੇ ਡਰੱਗ ਮਾਮਲੇ ਵਿੱਚ 14 ਦਿਨਾਂ ਲਈ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ ਵਾਧਾ ਕਰਦਿਆਂ ਅਕਾਲੀ ਆਗੂ ਨੂੰ ਅਗਲੀ ਤਰੀਕ ’ਤੇ 19 ਅਪਰੈਲ ਨੂੰ ਸੁਣਵਾਈ ਦੌਰਾਨ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ।
ਇੱਥੇ ਇਹ ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਉਸ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਉਧਰ, ਪਿਛਲੇ ਦਿਨੀਂ ਮਜੀਠੀਆ ਨੇ ਦੇਸ਼ ਦੀ ਸਿਖਰਲੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਇਸ ਨੂੰ ਮੁੱਢੋਂ ਖ਼ਾਰਜ ਕਰਨ ਦੀ ਗੁਹਾਰ ਲਗਾਈ ਗਈ ਹੈ। ਮਜੀਠੀਆ ਨੇ ਕਿਹਾ ਕਿ ਇਸ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਇਸ ਵਿੱਚ ਨਾ ਕੋਈ ਸ਼ਿਕਾਇਤ ਕਰਤਾ ਹੈ ਅਤੇ ਨਾ ਹੀ ਪੁਲੀਸ ਹੁਣ ਤੱਕ ਉਸ ਕੋਲੋਂ ਕੋਈ ਬਰਾਮਦਗੀ ਹੀ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਉਸ ਵਿਰੁੱਧ ਦਰਜ ਇਹ ਝੂਠਾ ਕੇਸ ਦਰਜ ਕੀਤਾ ਗਿਆ ਸੀ। ਲਿਹਾਜ਼ਾ ਇਹ ਝੂਠੀ ਐਫ਼ਆਈਆਰ ਰੱਦ ਕੀਤੀ ਜਾਵੇ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…