
ਨਸ਼ਾ ਤਸਕਰੀ ਮਾਮਲਾ: ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅਦਾਲਤ ਨੇ ਕੀ ਹੁਕਮ ਕੀਤੇ ਜਾਰੀ
ਮਜੀਠੀਆ ਨੇ ਅਗਾਊਂ ਜ਼ਾਮਨਤ ਲੈਣ ਲਈ ਅਦਾਲਤ ਵਿੱਚ ਦਾਇਰ ਕੀਤੀ ਸੀ ਅਰਜ਼ੀਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਰਾਹਤ ਲੈਣ ਲਈ ਅਦਾਲਤ ਦਾ ਦਰਵਾਜਾ ਖੜਕਾਇਆ ਹੈ। ਮਜੀਠੀਆ ਨੇ ਆਪਣੇ ਵਕੀਲਾਂ ਰਾਹੀਂ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਗਈ ਹੈ। ਮਜੀਠੀਆ ਖ਼ਿਲਾਫ਼ ਬੀਤੇ ਦਿਨੀਂ ਇੱਥੋਂ ਦੇ ਫੇਜ-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕਰਾਇਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਅਦਾਲਤ ਨੇ ਮਜੀਠੀਆ ਦੀ ਅਰਜ਼ੀ ’ਤੇ ਪੰਜਾਬ ਸਰਕਾਰ ਨੂੰ ਕੱਲ੍ਹ ਸ਼ੁੱਕਰਵਾਰ ਲਈ ਨੋਟਿਸ ਜਾਰੀ ਕਰਕੇ ਅਕਾਲੀ ਆਗੂ ਖ਼ਿਲਾਫ਼ ਦਰਜ ਕੀਤੇ ਤਾਜ਼ਾ ਕੇਸ ਬਾਰੇ ਰਿਕਾਰਡ ਪੇਸ਼ ਕਰਨ ਲਈ ਕਿਹਾ ਹੈ।
ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਹਨ। ਪੰਜਾਬ ਸਰਕਾਰ ਅਤੇ ਪੁਲੀਸ ਨੂੰ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖਦਸ਼ਾ ਹੈ। ਇਸ ਸਬੰਧੀ ਪੰਜਾਬ ਪੁਲੀਸ ਨੇ ਅਕਾਲੀ ਆਗੂ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਲੇਕਿਨ ਹੁਣ ਤੱਕ ਮਜੀਠੀਆ ਪੁਲੀਸ ਦੇ ਹੱਥ ਨਹੀਂ ਲੱਗਿਆ ਹੈ। ਪੁਲੀਸ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।