Share on Facebook Share on Twitter Share on Google+ Share on Pinterest Share on Linkedin ਡਰੱਗ ਕੇਸ: ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਕਿਹੜੀ ਗੱਲੋਂ ਸੁਣਵਾਈ ਅੱਗੇ ਟਲੀ, ਪੜ੍ਹੋ ਪੂਰੀ ਰਿਪੋਰਟ ਮਾਮਲੇ ਦੀ ਤੈਅ ਤੱਕ ਜਾਣ ਲਈ ਮਜੀਠੀਆ ਨੂੰ ਪੁਲੀਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨੀ ਜ਼ਰੂਰੀ: ਸਰਕਾਰ ਮਜੀਠੀਆ ਨੇ ਪਟੀਸ਼ਨ ਵਿੱਚ ਆਪਣੇ ਵਿਰੁੱਧ ਦਰਜ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪੀ ਚਿਦੰਬਰਮ ਅਤੇ ਮਜੀਠੀਆ ਤਰਫ਼ੋਂ ਮੁਕੁਲ ਰੋਹਤਗੀ ਲੜਨਗੇ ਕੇਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ: ਪੰਜਾਬ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਅੱਗੇ ਪੈ ਗਈ ਹੈ। ਮਜੀਠੀਆ ਨੇ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਸੀ। ਅੱਜ ਹਾਈ ਕੋਰਟ ਵਿੱਚ ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਵਿੱਚ ਕੇਸ ਲੱਗਿਆ ਸੀ ਪ੍ਰੰਤੂ ਅਦਾਲਤ ਨੇ ਅਕਾਲੀ ਆਗੂ ਦੀ ਜ਼ਮਾਨਤ ’ਤੇ ਸੁਣਵਾਈ 5 ਜਨਵਰੀ ਤੱਕ ਅੱਗੇ ਟਾਲ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਮਜੀਠੀਆ ਖ਼ਿਲਾਫ਼ ਕਾਨੂੰਨੀ ਮਜ਼ਬੂਤ ਕਰਨ ਲਈ ਇਸ ਕੇਸ ਦੀ ਯੋਗ ਪੈਰਵੀ ਲਈ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਨੂੰ ਚੁਣਿਆ ਹੈ ਜਦੋਂਕਿ ਮਜੀਠੀਆ ਦੇ ਬਚਾਅ ਲਈ ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਕੇਸ ਲੜਨਗੇ। ਅੱਜ ਸਰਕਾਰੀ ਅਤੇ ਬਚਾਅ ਪੱਖ ਦੇ ਦੋਵੇਂ ਵਕੀਲ ਸੁਣਵਾਈ ਲਈ ਅਦਾਲਤ ਵਿੱਚ ਹਾਜ਼ਰ ਨਹੀਂ ਹੋ ਸਕੇ ਅਤੇ ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕਰਨ ਦੀ ਮੰਗ ਕੀਤੀ ਗਈ ਪਰ ਹਾਈ ਕੋਰਟ ਨੇ ਕੋਰੀ ਨਾਂਹ ਕਰਦਿਆਂ ਫਿਜ਼ੀਕਲ ਸੁਣਵਾਈ ’ਤੇ ਜ਼ੋਰ ਦਿੱਤਾ। ਇਸ ਤਰ੍ਹਾਂ ਦੋਵਾਂ ਧਿਰਾਂ ਦੀ ਸਹਿਮਤੀ ਤੋਂ ਬਾਅਦ ਮਜੀਠੀਆ ਖ਼ਿਲਾਫ਼ ਸੁਣਵਾਈ 5 ਜਨਵਰੀ 2022 ਤੱਕ ਮੁਲਤਵੀ ਕਰ ਦਿੱਤੀ ਗਈ। ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ। ਮਜੀਠੀਆ ਨੇ ਆਪਣੇ ਵਕੀਲ ਰਾਹੀਂ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਨੌਤੀ ਦਿੱਤੀ ਹੈ। ਅਕਾਲੀ ਆਗੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਵਿਰੁੱਧ ਗੈਰਕਾਨੂੰਨੀ ਤਰੀਕੇ ਨਾਲ ਇਹ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਕਰਤਾ ਨਹੀਂ ਹੈ। ਨਸ਼ਾ ਤਸਕਰੀ ਮਾਮਲੇ ਵਿੱਚ ਪੁਲੀਸ ਪਹਿਲਾਂ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜੋ ਵੱਖ-ਵੱਖ ਜੇਲ੍ਹਾਂ ਵਿੱਚ ਸਜਾ ਭੁਗਤ ਰਹੇ ਹਨ ਲੇਕਿਨ ਹੁਣ ਵਿਧਾਨ ਸਭਾ ਚੋਣਾਂ ਐਨ ਨੇੜੇ ਆਉਣ ਕਾਰਨ ਅਤੇ ਸੱਤਾਧਾਰੀ ਧਿਰ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਦੀ ਮਨਸ਼ਾ ਨਾਲ ਉਨ੍ਹਾਂ ਨੂੰ ਡੂੰਘੀ ਸਾਜ਼ਿਸ਼ ਤਹਿਤ ਝੂਠੇ ਕੇਸਾਂ ਵਿੱਚ ਉਲਝਾਉਣ ਕੇ ਰੱਖਣਾ ਚਾਹੁੰਦੀ ਹੈ। ਉਧਰ, ਸਰਕਾਰ ਦਾ ਕਹਿਣਾ ਹੈ ਕਿ ਮਜੀਠੀਆ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹਾਈ ਕੋਰਟ ਦੀ ਦੇਖਰੇਖ ਵਿੱਚ ਨਸ਼ਿਆਂ ਦੀ ਤਸਕਰੀ ਮਾਮਲੇ ਸਬੰਧੀ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਰਿਪੋਰਟ ਅਤੇ ਕਾਨੂੰਨੀ ਰਾਇ ਲੈਣ ਮਗਰੋਂ ਹੀ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਤੈਅ ਤੱਕ ਜਾਣ ਲਈ ਮਜੀਠੀਆ ਨੂੰ ਪੁਲੀਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨੀ ਬਹੁਤ ਜ਼ਰੂਰੀ ਹੈ। ਜਾਣਕਾਰੀ ਅਨੁਸਾਰ ਮਜੀਠੀਆ ਖ਼ਿਲਾਫ਼ ਕੁੱਝ ਦਿਨ ਪਹਿਲਾਂ ਹੀ ਇੱਥੋਂ ਦੇ ਫੇਜ-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕਰਾਇਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਿਆ ਹੈ। ਪੰਜਾਬ ਸਰਕਾਰ ਅਤੇ ਪੁਲੀਸ ਨੂੰ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖਦਸ਼ਾ ਹੈ। ਹਾਲਾਂਕਿ ਇਸ ਸਬੰਧੀ ਪੁਲੀਸ ਵੱਲੋਂ ਅਕਾਲੀ ਆਗੂ ਦੇ ਖ਼ਿਲਾਫ਼ ਲੁੱਕ-ਆਊਟ ਨੋਟਿਸ ਜਾਰੀ ਕੀਤਾ ਗਿਆ ਹੈ ਲੇਕਿਨ ਹੁਣ ਤੱਕ ਉਹ ਪੁਲੀਸ ਦੇ ਹੱਥ ਨਹੀਂ ਲੱਗਿਆ। ਪੁਲੀਸ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ