nabaz-e-punjab.com

ਨਸ਼ੇ ਦੀ ਓਵਰਡੋਜ਼: ਪੰਜਾਬੀ ਗਾਇਕ ਨੂੰ ਜੇਲ੍ਹ ਭੇਜਿਆ, 30 ਗਰਾਮ ਅਫ਼ੀਮ ਬਰਾਮਦ

ਸੋਹਾਣਾ ਹਸਪਤਾਲ ’ਚੋਂ ਛੁੱਟੀ ਮਿਲਣ ’ਤੇ ਪੁਲੀਸ ਨੇ ਪਾਈ ਗਾਇਕ ਗਰੇਵਾਲ ਦੀ ਗ੍ਰਿਫ਼ਤਾਰੀ

ਪੁਲੀਸ ਨੇ ਗਾਇਕ ਦੋ ਸਾਥੀਆਂ ਨੂੰ ਥਾਣੇ ਸੱਦ ਕੇ ਕੀਤੀ ਪੁੱਛਗਿੱਛ, ਹੋਟਲਾਂ ਵਿੱਚ ਵੀ ਰਹਿੰਦਾ ਹੈ ਗਾਇਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਮੁਹਾਲੀ ਵਿੱਚ ਆਪਣੇ ਦੋਸਤਾਂ ਇਕ ਨਾਮੀ ਪੰਜਾਬੀ ਗਾਇਕ ਜੀਐਸ ਗਰੇਵਾਲ ਦੀ ਨਸ਼ੇ ਦੀ ਓਵਰਡੋਜ਼ ਨਾਲ ਤਬੀਅਤ ਖ਼ਰਾਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸੋਹਾਣਾ ਦੇ ਸੁਪਰ ਸਪੈਸ਼ਲਿਟੀ ਹਸਪਤਾਲ ’ਚੋਂ ਛੁੱਟੀ ਮਿਲਣ ’ਤੇ ਪੁਲੀਸ ਨੇ ਗਾਇਕ ਦੀ ਗ੍ਰਿਫ਼ਤਾਰੀ ਪਾਈ ਗਈ। ਇਸ ਨਾਮੀ ਗਾਇਕ ਕੋਲੋਂ ਤਲਾਸ਼ੀ ਦੌਰਾਨ ਪੁਲੀਸ ਨੇ ਕਰੀਬ 30 ਗਰਾਮ ਅਫ਼ੀਮ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਗਾਇਕ ਦੇ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਡੀਐਸਪੀ ਰਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬੀ ਗਾਇਕ ਨੂੰ ਅੱਜ ਬਰਨਾਲਾ ਜੇਲ੍ਹ ਭੇਜ ਦਿੱਤਾ ਹੈ।
ਉਧਰ, ਸੋਹਾਣਾ ਹਸਪਤਾਲ ਤੋਂ ਹਾਸਲ ਕੀਤੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਨੂੰ ਨਸ਼ੇ ਦੀ ਓਵਰਡੋਜ਼ ਦੇ ਚੱਲਦਿਆਂ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਬੀਤੀ 13 ਅਪਰੈਲ ਨੂੰ ਬਾਅਦ ਦੁਪਹਿਰ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਸੀ। ਗਾਇਕ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਦੋ ਦਿਨ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਇਸ ਤੋਂ ਬਾਅਦ ਉਸ ਨੂੰ ਵਾਰਡ ਵਿੱਚ ਸ਼ਿਫ਼ਟ ਕੀਤਾ ਗਿਆ। ਇਲਾਜ ਦੌਰਾਨ ਗਾਇਕ ਦੀ ਹਾਲਤ ਵਿੱਚ ਸੁਧਾਰ ਆਉਣ ’ਤੇ ਅੱਜ ਉਸ ਨੂੰ ਹਸਪਤਾਲ ’ਚੋਂ ਛੁੱਟੀ ਗਈ ਸੀ ਅਤੇ ਹਸਪਤਾਲ ’ਚੋਂ ਛੁੱਟੀ ਮਿਲਦੇ ਹੀ ਸੋਹਾਣਾ ਪੁਲੀਸ ਨੇ ਗਰੇਵਾਲ ਨੂੰ ਹਿਰਾਸਤ ਵਿੱਚ ਲੈ ਲਿਆ। ਜਾਂਚ ਅਧਿਕਾਰੀ ਅਨੁਸਾਰ ਪਿਛਲੇ ਦਿਨੀਂ ਸੋਹਾਣਾ ਹਸਪਤਾਲ ’ਚੋਂ ਪੁਲੀਸ ਨੂੰ ਇਤਲਾਹ ਦਿੱਤੀ ਗਈ ਸੀ ਕਿ ਗਾਇਕ ਗਰੇਵਾਲ ਨਸ਼ੇ ਦੀ ਓਵਰਡੋਜ਼ ਕਾਰਨ ਇੱਥੇ ਜੇਰੇ ਇਲਾਜ ਹੈ। ਸੂਚਨਾ ਮਿਲਦੇ ਹੀ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਤਲਾਸ਼ੀ ਦੌਰਾਨ ਪੁਲੀਸ ਨੇ ਗਾਇਕ ਕੋਲੋਂ 30 ਗਰਾਮ ਅਫ਼ੀਮ ਬਰਾਮਦ ਕੀਤੀ ਗਈ। ਇਸ ਮਗਰੋਂ ਗਾਇਕ ਗਰੇਵਾਲ ਦੇ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਕਰੋਨਾਵਾਇਰਸ ਦੇ ਚੱਲਦਿਆਂ ਸਮੁੱਚੇ ਦੇਸ਼ ਵਿੱਚ ਕਰਫਿਊ ਲੱਗਿਆ ਹੋਇਆ ਹੈ। ਇਨ੍ਹਾਂ ਹਾਲਾਤਾਂ ਵਿੱਚ ਉਸ ਨੇ ਕਿੱਥੋਂ ਨਸ਼ਾ ਖ਼ਰੀਦਿਆਂ ਸੀ।
ਪੁਲੀਸ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਦਿਨ ਪਹਿਲਾਂ ਸੈਕਟਰ-51 ਵਿੱਚ ਰਹਿੰਦੇ ਆਪਣੇ ਦੋਸਤਾਂ ਕੋਲ ਆਇਆ ਸੀ। ਇਸ ਦੌਰਾਨ ਉਹ ਵੱਖ-ਵੱਖ ਹੋਟਲਾਂ ਵਿੱਚ ਜਾ ਕੇ ਵੀ ਰਹਿੰਦਾ ਰਿਹਾ ਹੈ। ਪੁਲੀਸ ਨੇ ਗਾਇਕ ਦੇ ਦੋ ਦੋਸਤਾਂ ਨੂੰ ਥਾਣੇ ਸੱਦ ਕੇ ਪੁੱਛਗਿੱਛ ਕੀਤੀ ਗਈ ਹੈ। ਅੱਜ ਗਾਇਕ ਦੀ ਗ੍ਰਿਫ਼ਤਾਰੀ ਪਾ ਕੇ ਉਸ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਗਾਇਕ ਨੂੰ ਨਿਆਇਕ ਹਿਰਾਸਤ ਅਧੀਨ ਬਰਨਾਲਾ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਉਸ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…