
ਨਸ਼ਾ ਤਸਕਰੀ: 13 ਕਿੱਲੋ ਅਫ਼ੀਮ ਸਣੇ ਮੁਲਜ਼ਮ ਗ੍ਰਿਫ਼ਤਾਰ
ਨਬਜ਼-ਏ-ਪੰਜਾਬ, ਮੁਹਾਲੀ, 3 ਮਾਰਚ:
ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਜ਼ੀਰਕਪੁਰ ਖੇਤਰ ’ਚੋਂ ਇੱਕ ਨਸ਼ਾ ਤਸਕਰ ਨੂੰ 13 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਲਲਚੀਆਂ, ਤਹਿਸੀਲ ਗੁਰੂ ਹਰਸਹਾਏ (ਫਿਰੋਜ਼ਪੁਰ) ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਜ਼ੀਰਕਪੁਰ ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ।
ਮੁਹਾਲੀ ਦੇ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗੁਪਤ ਸੂਚਨਾ ਦੇ ਆਧਾਰ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਜ਼ੀਰਕਪੁਰ ਜਸਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ। ਇਸ ਦੌਰਾਨ ਜ਼ੀਰਕਪੁਰ ਥਾਣਾ ਦੇ ਐਸਐਚਓ ਇੰਸਪੈਕਟਰ ਜਸਕਮਲ ਸਿੰਘ ਸੇਖੋਂ ਅਤੇ ਸੀਆਈਏ ਸਟਾਫ਼ ਦੇ ਐਸਆਈ ਸੁਰਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ13 ਕਿੱਲੋ ਅਫ਼ੀਮ ਬਰਾਮਦ ਕੀਤੀ ਗਈ। ਪੁਲੀਸ ਨੇ ਮੁਲਜ਼ਮ ਦੀ ਮਾਰੂਤੀ ਸਿਆਜ਼ ਕਾਰ ਵੀ ਜ਼ਬਤ ਕਰ ਲਈ ਹੈ।
ਐਸਪੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਝਾਰਖੰਡ ਤੋਂ ਨਸ਼ੇ ਦੀ ਖੇਪ ਲੈ ਕੇ ਆਇਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਧਾਰਾ 307, ਥਾਣਾ ਅਰਨੀਵਾਲਾ, ਜ਼ਿਲ੍ਹਾ ਫਾਜ਼ਿਲਕਾ ਵਿੱਚ ਐਨਡੀਪੀਐਸ ਐਕਟ ਤਹਿਤ ਦੋ ਪਰਚੇ ਦਰਜ ਹਨ। ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰੀ ਤੋਂ ਬਾਅਦ ਮੁਹਾਲੀ ਪੁਲਿਸ ਵੱਲੋਂ ਵੱਖ-ਵੱਖ ਠਿਕਾਣਿਆਂ ’ਤੇ ਲਗਾਤਾਰ ਛਾਪੇਮਾਰੀ ਕਰਕੇ ਨਸ਼ਾ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ ਜਾ ਰਿਹਾ ਹੈ।