Share on Facebook Share on Twitter Share on Google+ Share on Pinterest Share on Linkedin ਡਰੱਗ ਤਸਕਰੀ ਕੇਸ: ਜਗਦੀਸ਼ ਭੋਲਾ ਤੇ ਸਾਥੀਆਂ ਦੀ ਅਰਜ਼ੀ ’ਤੇ ਅਦਾਲਤ ਵੱਲੋਂ ਪੰਜਾਬ ਪੁਲੀਸ ਨੂੰ 15 ਮਈ ਤੱਕ ਜਵਾਬ ਦੇਣ ਦੇ ਆਦੇਸ਼ ਜਗਦੀਸ਼ ਭੋਲਾ ਤੇ ਹੋਰਨਾਂ ਮੁਲਜ਼ਮਾਂ ਨੇ ਆਪੋ ਆਪਣੇ ਵਕੀਲਾਂ ਰਾਹੀਂ ਅਰਜ਼ੀਆਂ ਦਾਇਰ ਕਰਕੇ ਕਿਹਾ ਖ਼ੁਦ ਬੇਕਸੂਰ ਦੱਸਿਆ, ਸਬੂਤ ਮੰਗਿਆਂ ਜਗਦੀਸ਼ ਭੋਲਾ ਤੇ ਸਾਥੀਆਂ ਨੇ ਮੁਹਾਲੀ ਅਦਾਲਤ ਵਿੱਚ ਪੇਸ਼ੀ ਭੁਗਤੀ, ਅਗਲੀ ਸੁਣਵਾਈ 15 ਮਈ ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ ਪੰਜਾਬ ਦੇ ਬਹੁ-ਚਰਚਿਤ ਡਰੱਗ ਤਸਕਰੀ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਆਂਸਲ ਬੇਰੀ ਦੀ ਅਦਾਲਤ ਵਿੱਚ ਹੋਈ। ਖੁੱਲ੍ਹੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਮੁਲਜ਼ਮ ਜਗਦੀਸ਼ ਭੋਲਾ ਤੇ ਉਸ ਦੇ ਕਈ ਹੋਰ ਸਾਥੀਆਂ ਨੇ ਆਪੋ ਆਪਣੇ ਵਕੀਲਾਂ ਰਾਹੀਂ ਵੱਖੋ ਵੱਖ ਅਰਜ਼ੀਆਂ ਨੇ ਖ਼ੁਦ ਨੂੰ ਬੇਕਸੂਰ ਦੱਸਦਿਆਂ ਪੁਲੀਸ ਦੀ ਕਾਰਵਾਈ ਨੂੰ ਬਿਲਕੁਲ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਪਲੀਮੈਂਟਰੀ ਚਲਾਨ ਨਿਰ੍ਹਾ ਝੂਠ ਦਾ ਪੁਲੰਦਾ ਹੈ ਅਤੇ ਉਨ੍ਹਾਂ ਦੇ ਖ਼ਿਲਾਫ਼ ਆਇਦ ਦੋਸ਼ ਵੀ ਝੂਠੇ ਹਨ। ਉਨ੍ਹਾਂ ਪੁਲੀਸ ਨੂੰ ਉਨ੍ਹਾਂ (ਮੁਲਜ਼ਮਾਂ) ਵਿਰੁੱਧ ਲਗਾਏ ਦੋਸ਼ਾਂ ਸਬੰਧੀ ਠੋਸ ਸਬੂਤ ਦੇਣ ਲਈ ਆਖਿਆ ਹੈ। ਇਸ ਮੁੱਦੇ ’ਤੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੇ ਵਕੀਲਾਂ ਵਿੱਚ ਜਬਰਦਸਤ ਬਹਿਸ ਹੋਈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਪੁਲੀਸ ਨੂੰ 15 ਮਈ ਤੱਕ ਨੋਟਿਸ ਜਾਰੀ ਕਰਕੇ ਮੁਲਜ਼ਮਾਂ ਦੀਆਂ ਦਲੀਲਾਂ ਸਬੰਧੀ ਆਪਣਾ ਜਵਾਬ ਦੇਣ ਲਈ ਆਖਿਆ ਹੈ। ਸਾਬਕਾ ਕੌਮਾਂਤਰੀ ਪਹਿਲਵਾਨ ਅਤੇ ਬਰਖ਼ਾਸਤ ਡੀਐਸਪੀ ਜਗਦੀਸ਼ ਸਿੰਘ ਉਰਫ਼ ਭੋਲਾ ਸਮੇਤ ਇਸ ਕੇਸ ਵਿੱਚ ਨਾਮਜ਼ਦ ਮੁਲਜ਼ਮ ਮਨਜਿੰਦਰ ਸਿੰਘ ਅੌਲਖ ਉਰਫ਼ ਬਿੱਟੂ ਅੌਲਖ, ਜਗਜੀਤ ਸਿੰਘ ਚੌਹਾਨ, ਅਨਿਲ ਚੌਹਾਨ, ਸਰਬਜੀਤ ਸਿੰਘ ਸਾਬਾ, ਸਤਿੰਦਰ ਸਿੰਘ ਧਾਮਾ, ਦਵਿੰਦਰ ਸਿੰਘ, ਹਰਵਿੰਦਰ ਸਿੰਘ ਤੇ ਸੁਰਜੀਤ ਸਿੰਘ, ਹਰਮਿੰਦਰ ਸਿੰਘ, ਪਰਮਜੀਤ ਸਿੰਘ ਚਾਹਲ, ਪਰਮਜੀਤ ਸਿੰਘ ਪੰਮਾ, ਬਲਜਿੰਦਰ ਸਿੰਘ ਪੰਨੂ ਅਤੇ ਦੀਪ ਸਿੰਘ ਦੀਪ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਉਕਤ ਸਾਰੇ ਮੁਲਜ਼ਮਾਂ ਦੇ ਖ਼ਿਲਾਫ਼ ਪਹਿਲਾਂ ਹੀ ਦੋਸ਼ ਤੈਅ ਹੋ ਚੁੱਕੇ ਹਨ ਅਤੇ ਕੁੱਝ ਸਮਾਂ ਪਹਿਲਾਂ ਮੁਲਜ਼ਮ ਅਨੂਪ ਸਿੰਘ ਕਾਹਲੋਂ ਨੂੰ ਡਿਸਚਾਰਜ ਕੀਤਾ ਜਾ ਚੁੱਕਾ ਹੈ। ਅਦਾਲਤ ਨੇ ਇਸ ਕੇਸ ਦੀ ਸੁਣਵਾਈ 15 ਮਈ ’ਤੇ ਅੱਗੇ ਪਾ ਦਿੱਤੀ ਹੈ। ਉਧਰ, ਈਡੀ ਵੱਲੋਂ ਭੋਲਾ ਕੇਸ ਦੀ ਸੁਣਵਾਈ ਪਟਿਆਲਾ ਅਦਾਲਤ ਵਿੱਚ ਤਬਦੀਲ ਕਰਨ ਲਈ ਦਾਇਰ ਅਰਜ਼ੀ ਸਬੰਧੀ ਜ਼ਿਲ੍ਹਾ ਅਦਾਲਤ ਨੇ ਅਗਲੀ ਸੁਣਵਾਈ ਵੀ 15 ਮਈ ਤੱਕ ਅੱਗੇ ਟਲ ਦਿੱਤੀ ਹੈ। ਦੱਸਿਆ ਗਿਆ ਹੈ ਕਿ ਜਗਦੀਸ਼ ਭੋਲਾ ਦੇ ਖ਼ਿਲਾਫ਼ ਪਟਿਆਲਾ ਅਦਾਲਤ ਵਿੱਚ ਵੀ ਡਰੱਗ ਤਸਕਰੀ ਮਾਮਲੇ ਦੀ ਸੁਣਵਾਈ ਚਲ ਰਹੀ ਹੈ। ਉਂਜ ਜਗਦੀਸ਼ ਭੋਲਾ ਦੇ ਖ਼ਿਲਾਫ਼ ਸਾਲ 2009 ਵਿੱਚ ਮੁੰਬਈ ਦੇ ਥਾਣੇ ਵਿੱਚ ਦਰਜ ਡਰੱਗ ਤਸਕਰੀ ਦਾ ਇੱਕ ਹੋਰ ਵੱਖਰਾ ਕੇਸ ਮੁੰਬਈ ਅਦਾਲਤ ਵਿੱਚ ਚਲ ਰਿਹਾ ਹੈ। ਪਿੱਛੇ ਜਿਹੇ ਮੁੰਬਈ ਪੁਲੀਸ ਭੋਲਾ ਨੂੰ ਰਾਹਦਾਰੀ ਵਾਰੰਟ ’ਤੇ ਗ੍ਰਿਫ਼ਤਾਰ ਕਰਕੇ ਮੁੰਬਈ ਲੈ ਗਈ ਸੀ ਅਤੇ ਨਿਆਇਕ ਹਿਰਾਸਤ ਅਧੀਨ ਭੋਲਾ ਮੁੰਬਈ ਜੇਲ੍ਹ ਵਿੱਚ ਹੈ ਅਤੇ ਮੌਜੂਦਾ ਸਮੇਂ ਵਿੱਚ ਉਸ ਨੂੰ ਪੇਸ਼ੀਆਂ ’ਤੇ ਵੱਖ-ਵੱਖ ਅਦਾਲਤਾਂ ਵਿੱਚ ਆਉਣਾ ਪੈਂਦਾ ਹੈ ਅਤੇ ਹਰ ਵਾਰੀ ਪੁਲੀਸ ਨੂੰ ਸਖ਼ਤ ਸੁਰੱਖਿਆ ਪ੍ਰਬੰਧ ਵੀ ਕਰਨੇ ਪੈਂਦੇ ਹਨ। ਜ਼ਿਕਰਯੋਗ ਹੈ ਕਿ ਭੋਲਾ ਤੇ ਸਾਥੀਆਂ ਨੂੰ ਇਕ ਸਾਂਝੇ ਅਪਰੇਸ਼ਨ ਤਹਿਤ 11 ਨਵੰਬਰ 2013 ਨੂੰ ਬਨੂੜ ਅਤੇ ਪਟਿਆਲਾ ਪੁਲੀਸ ਵੱਲੋਂ ਨਵੀਂ ਦਿੱਲੀ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ 18 ਕਰੋੜ ਰੁਪਏ ਦੀਆਂ ਨਸ਼ੀਲੀਆਂ ਵਸਤੂਆਂ ਬਰਾਮਦ ਕਰਨ ਦਾ ਵੀ ਦਾਅਵਾ ਕੀਤਾ ਹੈ। ਬਨੂੜ ਦੇ ਤਤਕਾਲੀ ਐਸ.ਐਚ.ਓ ਗੁਰਜੀਤ ਸਿੰਘ ਨੇ ਬੀਤੀ 15 ਮਈ 2013 ਨੂੰ ਗੁਪਤ ਸੂਚਨਾ ’ਤੇ ਬਨੂੜ ਖੇਤਰ ’ਚੋਂ ਜਗਦੀਸ਼ ਭੋਲਾ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਸ ਵੇਲੇ ਭੋਲਾ ਆਪਣੀ ਸਕਾਰਪਿਊ ਗੱਡੀ ਛੱਡ ਕੇ ਪੁਲੀਸ ਨੂੰ ਝਕਾਨੀ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ ਸੀ ਪਰ ਉਦੋਂ ਸੀ.ਆਈ.ਏ. ਸਟਾਫ਼ ਰਾਜਪੁਰਾ ਦੇ ਤਤਕਾਲੀ ਇੰਚਾਰਜ ਮਹਿੰਦਰ ਸਿੰਘ ਦੀ ਮਦਦ ਨਾਲ ਪੁਲੀਸ ਨੇ ਭੋਲਾ ਦੀ ਸਕਾਰਪਿਊ ਗੱਡੀ ’ਚੋਂ 18 ਕਿੱਲੋ ਗਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਮੁਲਜ਼ਮਾਂ ਖ਼ਿਲਾਫ਼ ਹੋਰਨਾਂ ਵੱਖ-ਵੱਖ ਥਾਣਿਆਂ ਵਿੱਚ ਵੀ ਅਪਰਾਧਿਕ ਕੇਸ ਦਰਜ ਹਨ। ਇਹ ਸਾਰੇ ਮਾਮਲੇ ਪੰਜਾਬ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ