Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰੀ ਕੇਸ: ਹਾਈ ਕੋਰਟ ਵੱਲੋਂ ਮਜੀਠੀਆ ਨੂੰ ਵੱਡੀ ਰਾਹਤ, ਅਗਾਊਂ ਜ਼ਮਾਨਤ ਮਨਜ਼ੂਰ ਮਜੀਠੀਆ ਆਪਣੇ ਵਕੀਲਾਂ ਨਾਲ ਬੁੱਧਵਾਰ ਨੂੰ ਮੁਹਾਲੀ ਥਾਣੇ ਵਿੱਚ ਹੋ ਸਕਦੇ ਨੇ ਜਾਂਚ ਵਿੱਚ ਸ਼ਾਮਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ: ਪੰਜਾਬ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਉੱਚ ਅਦਾਲਤ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ ਰਾਹਤ ਮਿਲੀ ਹੈ, ਉੱਥੇ ਹੁਕਮਰਾਨ ਪਾਰਟੀ ਨੂੰ ਜਬਰਦਸਤ ਝਟਕਾ ਲੱਗਿਆ ਹੈ। ਅਦਾਲਤ ਨੇ ਮਜੀਠੀਆ ਨੂੰ ਜ਼ਮਾਨਤ ਦਿੰਦਿਆਂ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕਰਾਇਮ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਸੀ। ਪੰਜਾਬ ਸਰਕਾਰ ਅਤੇ ਪੁਲੀਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖਦਸ਼ਾ ਪ੍ਰਗਟ ਕਰਦਿਆਂ ਅਕਾਲੀ ਆਗੂ ਦੇ ਖ਼ਿਲਾਫ਼ ਲੁੱਕ-ਆਊਟ ਨੋਟਿਸ ਜਾਰੀ ਕੀਤਾ ਗਿਆ ਸੀ ਲੇਕਿਨ ਹੁਣ ਤੱਕ ਉਹ ਪੁਲੀਸ ਦੇ ਹੱਥ ਨਹੀਂ ਲੱਗਿਆ। ਪੁਲੀਸ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ। ਆਪਣੀ ਗ੍ਰਿਫ਼ਤਾਰੀ ਤੋਂ ਬਚਨ ਲਈ ਮਜੀਠੀਆ ਨੇ ਪਹਿਲਾਂ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ। ਇਸ ਮਗਰੋਂ ਮਜੀਠੀਆ ਨੇ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਨੌਤੀ ਦਿੰਦਿਆਂ ਅਗਾਊਂ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਸੀ। ਅਕਾਲੀ ਆਗੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਵਿਰੁੱਧ ਗੈਰਕਾਨੂੰਨੀ ਤਰੀਕੇ ਨਾਲ ਇਹ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਕਰਤਾ ਨਹੀਂ ਹੈ। ਨਸ਼ਾ ਤਸਕਰੀ ਮਾਮਲੇ ਵਿੱਚ ਪੁਲੀਸ ਪਹਿਲਾਂ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜੋ ਵੱਖ-ਵੱਖ ਜੇਲ੍ਹਾਂ ਵਿੱਚ ਸਜਾ ਭੁਗਤ ਰਹੇ ਹਨ ਲੇਕਿਨ ਹੁਣ ਵਿਧਾਨ ਸਭਾ ਚੋਣਾਂ ਐਨ ਨੇੜੇ ਆਉਣ ਕਾਰਨ ਅਤੇ ਸੱਤਾਧਾਰੀ ਧਿਰ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਦੀ ਮਨਸ਼ਾ ਨਾਲ ਉਨ੍ਹਾਂ ਨੂੰ ਡੂੰਘੀ ਸਾਜ਼ਿਸ਼ ਤਹਿਤ ਝੂਠੇ ਕੇਸਾਂ ਵਿੱਚ ਉਲਝਾਉਣ ਕੇ ਰੱਖਣਾ ਚਾਹੁੰਦੀ ਹੈ। ਇਸ ਸਬੰਧੀ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 8 ਜਨਵਰੀ ਤੱਕ ਜਵਾਬ ਦੇਣ ਲਈ ਕਿਹਾ ਗਿਆ ਸੀ। ਸਰਕਾਰ ਨੇ ਹਾਈ ਕੋਰਟ ਵਿੱਚ ਜਵਾਬ ਦਾਖ਼ਲ ਕਰ ਦਿੱਤਾ ਹੈ। ਸਰਕਾਰੀ ਵਕੀਲ ਦਾ ਕਹਿਣਾ ਸੀ ਕਿ ਮਜੀਠੀਆ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹਾਈ ਕੋਰਟ ਦੀ ਦੇਖਰੇਖ ਵਿੱਚ ਨਸ਼ਿਆਂ ਦੀ ਤਸਕਰੀ ਮਾਮਲੇ ਸਬੰਧੀ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਰਿਪੋਰਟ ਅਤੇ ਕਾਨੂੰਨੀ ਰਾਇ ਲੈਣ ਮਗਰੋਂ ਹੀ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਤੈਅ ਤੱਕ ਜਾਣ ਲਈ ਮਜੀਠੀਆ ਨੂੰ ਪੁਲੀਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨੀ ਬਹੁਤ ਜ਼ਰੂਰੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ। ਉਂਜ ਅਦਾਲਤ ਨੇ ਅਕਾਲੀ ਆਗੂ ਨੂੰ ਪੁਲੀਸ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਵੀ ਦਿੱਤੇ ਹਨ। ਬਚਾਅ ਪੱਖ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਦੱਸਿਆ ਕਿ ਬੁੱਧਵਾਰ ਨੂੰ ਮਜੀਠੀਆ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕਰਾਇਮ ਥਾਣੇ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਪਹੁੰਚ ਸਕਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ