
ਨਸ਼ਾ ਤਸਕਰੀ ਮਾਮਲਾ: ਮਜੀਠੀਆ ਕੇਸ ਦੀ ਸੁਣਵਾਈ ਦੂਜੀ ਅਦਾਲਤ ਵਿੱਚ ਤਬਦੀਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ:
ਪੰਜਾਬ ਦੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਕੇਸ ਦੀ ਸੁਣਵਾਈ ਦੂਜੀ ਅਦਾਲਤ ਵਿੱਚ ਤਬਲੀਲ ਕਰ ਦਿੱਤੀ ਹੈ। ਹੁਣ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਦੀ ਅਦਾਲਤ ਵਿੱਚ ਇਸ ਕੇਸ ਦੀ ਸੁਣਵਾਈ ਹੋਵੇਗੀ। ਅੱਜ ਅਕਾਲੀ ਆਗੂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਅਦਾਲਤ ਨੇ 18 ਮਈ ਤੱਕ ਮਜੀਠੀਆ ਦੀ ਨਿਆਇਕ ਹਿਰਾਸਤ ਹੋਰ ਅੱਗੇ ਵਧਾ ਦਿੱਤੀ ਹੈ। ਉਹ ਵਿਧਾਨ ਸਭਾ ਚੋਣਾਂ ਤੋਂ ਅਮਲ ਖ਼ਤਮ ਹੋਣ ਤੋਂ ਬਾਅਦ ਬੀਤੀ 24 ਫਰਵਰੀ ਨੂੰ ਨਿੱਜੀ ਤੌਰ ’ਤੇ ਮੁਹਾਲੀ ਅਦਾਲਤ ਵਿੱਚ ਪੇਸ਼ ਹੋਏ ਸੀ ਅਤੇ ਉਸ ਦਿਨ ਤੋਂ ਹੀ ਨਿਆਇਕ ਹਿਰਾਸਤ ਅਧੀਨ ਪਟਿਆਲਾ ਜੇਲ੍ਹ ਵਿੱਚ ਬੰਦ ਹਨ।
ਇੱਥੇ ਇਹ ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਵੱਲੋਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਉਧਰ, ਪਿਛਲੇ ਦਿਨੀਂ ਮਜੀਠੀਆ ਨੇ ਸੁਪਰੀਮ ਕੋਰਟ ਵਿੱਚ ਇਕ ਅਰਜ਼ੀ ਦਾਇਰ ਕਰਕੇ ਇਸ ਨੂੰ ਮੁੱਢੋਂ ਖ਼ਾਰਜ ਕਰਨ ਦੀ ਗੁਹਾਰ ਲਗਾਈ ਗਈ ਹੈ। ਉਸ ਦਾ ਕਹਿਣਾ ਹੈ ਕਿ ਇਹ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਇਸ ਵਿੱਚ ਨਾ ਕੋਈ ਸ਼ਿਕਾਇਤ ਕਰਤਾ ਹੈ ਅਤੇ ਨਾ ਹੀ ਪੁਲੀਸ ਹੁਣ ਤੱਕ ਉਸ ਕੋਲੋਂ ਕੋਈ ਬਰਾਮਦਗੀ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਉਸ ਵਿਰੁੱਧ ਦਰਜ ਇਹ ਝੂਠਾ ਕੇਸ ਦਰਜ ਕੀਤਾ ਗਿਆ ਸੀ। ਲਿਹਾਜ਼ਾ ਇਹ ਝੂਠੀ ਐਫ਼ਆਈਆਰ ਮੱੁਢੋਂ ਰੱਦ ਕੀਤੀ ਜਾਵੇ। ਇਹ ਕੇਸ ਦੇਸ਼ ਦੀ ਸਿਖਰਲੀ ਅਦਾਲਤ ਵਿੱਚ ਵੱਖਰੇ ਤੌਰ ’ਤੇ ਵਿਚਾਰ ਅਧੀਨ ਹੈ।