
ਨਸ਼ਾ ਤਸਕਰੀ ਕੇਸ: ਸੁਪਰੀਮ ਕੋਰਟ ਵੱਲੋਂ ਮਜੀਠੀਆ ਨੂੰ ਵੱਡੀ ਰਾਹਤ, ਸੋਮਵਾਰ ਤੱਕ ਗ੍ਰਿਫ਼ਤਾਰੀ ’ਤੇ ਲਗਾਈ ਰੋਕ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਪੰਜਾਬ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ 31 ਜਨਵਰੀ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਦੇਸ਼ ਦੀ ਸਿੱਖਰਲੀ ਅਦਾਲਤ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ ਰਾਹਤ ਮਿਲੀ ਹੈ, ਉੱਥੇ ਹੁਕਮਰਾਨ ਪਾਰਟੀ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਸੂਤਰ ਦੱਸਦੇ ਹਨ ਕਿ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਹੁਕਮਰਾਨਾਂ ਦੀ ਮਨਸ਼ਾ ਮਜੀਠੀਆ ਨੂੰ ਸਿਆਸੀ ਮੈਦਾਨ ’ਚੋਂ ਬਾਹਰ ਕਰਨ ਅਤੇ ਅਕਾਲੀ ਆਗੂ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਦੀ ਸੀ ਪਰ ਉਹ ਹਰ ਵਾਰੀ ਇਸ ਚੱਕਰਵਿਊ ’ਚੋਂ ਬਾਹਰ ਨਿਕਲ ਆਉਂਦੇ ਹਨ।
ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਹੀ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਪਿਛਲੇ ਦਿਨੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਮੱੁਢੋਂ ਰੱਦ ਕਰ ਦਿੱਤੀ ਸੀ। ਇਸ ਮਗਰੋਂ ਮਜੀਠੀਆ ਨੇ ਆਪਣੇ ਵਕੀਲਾਂ ਰਾਹੀਂ ਦੁਬਾਰਾ ਹਾਈ ਕੋਰਟ ਦਾ ਬੂਹਾ ਖੜਕਾਇਆ ਅਤੇ ਉਸ ਨੂੰ ਰਾਹਤ ਦੇਣ ਦੀ ਗੁਹਾਰ ਲਗਾਈ ਗਈ। ਅਕਾਲੀ ਆਗੂ ਨੇ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਲੜਨ ਲਈ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਅਤੇ ਹਾਈ ਕੋਰਟ ਦੇ ਤਾਜ਼ਾ ਫੈਸਲੇ (ਜ਼ਮਾਨਤ ਰੱਦ ਕਰਨ ਵਾਲਾ ਫੈਸਲਾ) ਨੂੰ ਸੁਪਰੀਮ ਕੋਰਟ ਵਿੱਚ ਚੁਨੌਤੀ ਦੇਣ ਲਈ ਕ੍ਰਮਵਾਰ ਸੱਤ ਅਤੇ ਤਿੰਨ ਦਿਨ ਦੀ ਮੋਹਲਤ ਮੰਗੀ ਗਈ ਸੀ ਹਾਈ ਕੋਰਟ ਨੇ ਮਜੀਠੀਆ ਦੀ ਅਪੀਲ ਮਨਜ਼ੂਰ ਕਰਦਿਆਂ ਉਸ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਤੱਕ ਤਿੰਨ ਦਿਨਾਂ ਲਈ ਗ੍ਰਿਫ਼ਤਾਰੀ ’ਤੇ ਰੋਕ ਲਗਾਈ ਗਈ ਸੀ।
ਮਜੀਠੀਆ ਨੇ ਅੱਜ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਹਾਈ ਕੋਰਟ ਦੇ ਫੈਸਲੇ ਨੂੰ ਚੁਨੌਤੀ ਦਿੱਤੀ ਗਈ। ਸੁਪਰੀਮ ਕੋਰਟ ਨੇ ਅਕਾਲੀ ਆਗੂ ਦੀ ਗ੍ਰਿਫ਼ਤਾਰੀ ’ਤੇ ਫਿਲਹਾਲ ਸੋਮਵਾਰ ਤੱਕ ਰੋਕ ਲਗਾ ਦਿੱਤੀ ਹੈ। ਮਜੀਠੀਆ ਦੀ ਪੱਕੀ ਜ਼ਮਾਨਤ ’ਤੇ ਸੋਮਵਾਰ ਨੂੰ ਮੁੜ ਸੁਣਵਾਈ ਹੋਵੇਗੀ। ਇਸ ਤਰ੍ਹਾ ਮਜੀਠੀਆ ਹੁਣ 31 ਜਨਵਰੀ ਤੱਕ ਆਸਾਨੀ ਨਾਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਮਜੀਠੀਆ ਇਸ ਵਾਰ ਅੰਮ੍ਰਿਤਸਰ ਪੂਰਬੀ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਚੋਣ ਲੜ ਰਹੇ ਹਨ।
ਅਕਾਲੀ ਆਗੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਵਿਰੁੱਧ ਗੈਰਕਾਨੂੰਨੀ ਤਰੀਕੇ ਨਾਲ ਇਹ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਕਰਤਾ ਨਹੀਂ ਹੈ। ਨਸ਼ਾ ਤਸਕਰੀ ਮਾਮਲੇ ਵਿੱਚ ਪੁਲੀਸ ਪਹਿਲਾਂ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜੋ ਵੱਖ-ਵੱਖ ਜੇਲ੍ਹਾਂ ਵਿੱਚ ਸਜਾ ਭੁਗਤ ਰਹੇ ਹਨ ਲੇਕਿਨ ਹੁਣ ਵਿਧਾਨ ਸਭਾ ਚੋਣਾਂ ਐਨ ਨੇੜੇ ਆਉਣ ਕਾਰਨ ਅਤੇ ਸੱਤਾਧਾਰੀ ਧਿਰ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਦੀ ਮਨਸ਼ਾ ਨਾਲ ਉਨ੍ਹਾਂ ਨੂੰ ਡੂੰਘੀ ਸਾਜ਼ਿਸ਼ ਤਹਿਤ ਝੂਠੇ ਕੇਸਾਂ ਵਿੱਚ ਉਲਝਾਉਣ ਕੇ ਰੱਖਣਾ ਚਾਹੁੰਦੀ ਹੈ।
ਸਰਕਾਰੀ ਵਕੀਲ ਦਾ ਕਹਿਣਾ ਸੀ ਕਿ ਮਜੀਠੀਆ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹਾਈ ਕੋਰਟ ਦੀ ਦੇਖਰੇਖ ਵਿੱਚ ਨਸ਼ਿਆਂ ਦੀ ਤਸਕਰੀ ਮਾਮਲੇ ਸਬੰਧੀ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਰਿਪੋਰਟ ਅਤੇ ਕਾਨੂੰਨੀ ਰਾਇ ਲੈਣ ਮਗਰੋਂ ਹੀ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਤੈਅ ਤੱਕ ਜਾਣ ਲਈ ਮਜੀਠੀਆ ਨੂੰ ਪੁਲੀਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨੀ ਬਹੁਤ ਜ਼ਰੂਰੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫਿਲਹਾਲ ਸੋਮਵਾਰ ਤੱਕ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਸਿੱਖਰਲੀ ਅਦਾਲਤ ਦੇ ਇਸ ਫੈਸਲੇ ਨਾਲ ਯੂਥ ਅਕਾਲੀ ਦਲ ਦੇ ਵਰਕਰਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਮਜੀਠੀਆ ਛੇਤੀ ਹੀ ਸੀਨੀਅਰ ਲੀਡਰਸ਼ਿਪ ਅਤੇ ਨੌਜਵਾਨਾਂ ਦੇ ਵੱਡੇ ਕਾਫ਼ਲੇ ਨਾਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।