
ਨਸ਼ਾ ਤਸਕਰੀ: ਮੁਹਾਲੀ ਪੁਲੀਸ ਵੱਲੋਂ ਨਸ਼ੀਲੇ ਪਦਾਰਥ ਸਣੇ ਮੁਲਜ਼ਮ ਗ੍ਰਿਫ਼ਤਾਰ
ਨਸ਼ੇ ਦਾ ਸੇਵਨ ਕਰਨ ਵਾਲੇ 4 ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ’ਚ ਦਾਖ਼ਲ ਕਰਵਾਇਆ
ਨਬਜ਼-ਏ-ਪੰਜਾਬ, ਮੁਹਾਲੀ, 15 ਮਾਰਚ:
ਮੁਹਾਲੀ ਪੁਲੀਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਅਕਬਰ ਵਾਸੀ ਪਿੰਡ ਕੰਡਾਲਾ (ਮੁਹਾਲੀ) ਵਜੋਂ ਹੋਈ ਹੈ। ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐਰੋਸਿਟੀ ਥਾਣਾ ਦੇ ਐਸਐਚਓ ਇੰਸਪੈਕਟਰ ਜਸ਼ਨਪ੍ਰੀਤ ਸਿੰਘ ਸਰਾਂ ਦੀ ਅਗਵਾਈ ਹੇਠ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਉਕਤ ਵਿਅਕਤੀ ਪਿੰਡ ਕੰਡਾਲਾ ’ਚੋਂ 6 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਡੀਐਸਪੀ ਬੱਲ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਮੁਲਜ਼ਮ ਅਕਬਰ ਨੇ ਮੰਨਿਆਂ ਕਿ ਉਹ ਪਿੰਡ ਕੰਡਾਲਾ ਅਤੇ ਆਸਪਾਸ ਦੇ ਹੋਰਨਾਂ ਪਿੰਡਾਂ ਵਿੱਚ ਨਸ਼ੀਲੇ ਪਦਾਰਥ ਵੇਚਦਾ ਹੈ। ਮੁਲਜ਼ਮ ਵਿਰੁੱਧ ਐਰੋਸਿਟੀ ਥਾਣਾ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਉਸ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਅਕਬਰ ਨੇ ਕੁੱਝ ਨੌਜਵਾਨਾਂ ਨੂੰ ਨਸ਼ੇ ਦੀ ਲਤ ਲਗਾ ਦਿੱਤੀ ਸੀ। ਪੀੜਤ ਨੌਜਵਾਨਾਂ ਦੀ ਸ਼ਨਾਖ਼ਤ ਕਰਕੇ ਪਹਿਲਾਂ ਉਨ੍ਹਾਂ ਦੀ ਕੌਂਸਲਿੰਗ ਕੀਤੀ ਗਈ। ਇਸ ਮਗਰੋਂ ਪਰਿਵਾਰਾਂ ਨਾਲ ਸਲਾਹ ਮਸ਼ਵਰਾ ਕਰਕੇ ਨਸ਼ੇ ਦੇ ਆਦੀ ਚਾਰ ਪੀੜਤ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊਂ ਕੇਂਦਰ ਸੈਕਟਰ-66 ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਡੀਐਸਪੀ ਬੱਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ ਅਤੇ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।