
ਨਸ਼ਾ ਤਸਕਰੀ: ਮੁਹਾਲੀ ਪੁਲੀਸ ਵੱਲੋਂ ਸਰਹੱਦੀ ਜ਼ਿਲ੍ਹਿਆਂ ਦੇ ਦੋ ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ
ਮੁਹਾਲੀ ਦੇ ਪਿੰਡ ਮੌਲੀ ਬੈਦਵਾਨ ਦੇ ਇੱਕ ਪੀਜੀ ਵਿੱਚ ਕਿਰਾਏ ’ਤੇ ਰਹਿ ਰਹੇ ਸਨ ਮੁਲਜ਼ਮ
ਨਬਜ਼-ਏ-ਪੰਜਾਬ, ਮੁਹਾਲੀ, 28 ਮਾਰਚ:
ਮੁਹਾਲੀ ਪੁਲੀਸ ਵੱਲੋਂ ‘ਯੱੁਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਕਬੂਲਸਾਹ (ਫਾਜ਼ਿਲਕਾ) ਅਤੇ ਸੰਦੀਪ ਸਿੰਘ ਵਾਸੀ ਪਿੰਡ ਪੀਰ ਇਸਮਾਇਲ ਖਾਨ (ਫਿਰੋਜ਼ਪੁਰ) ਵਜੋਂ ਹੋਈ ਹੈ। ਉਹ ਇਸ ਸਮੇਂ ਪਿੰਡ ਮੌਲੀ ਬੈਦਵਾਨ ਦੇ ਇੱਕ ਪੀਜੀ ਵਿੱਚ ਕਿਰਾਏ ’ਤੇ ਰਹਿ ਰਹੇ ਸਨ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਨ੍ਹਾਂ ਦਾ ਤੀਜਾ ਸਾਥੀ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਜਿਸ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਫੇਜ਼-11 ਥਾਣੇ ਦੇ ਐਸਐਚਓ ਇੰਸਪੈਕਟਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਪੁਲੀਸ ਵੱਲੋਂ ਲਰਨਿੰਗ ਪਾਥ ਸਕੂਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੋ ਮੋਟਰ-ਸਾਈਕਲ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲੀਸ ਨੂੰ ਦੇਖ ਕੇ ਘਬਰਾ ਗਏ ਅਤੇ ਵਾਪਸ ਪਿੱਛੇ ਨੂੰ ਮੁੜਨ ਦਾ ਯਤਨ ਕੀਤਾ ਪ੍ਰੰਤੂ ਪੁਲੀਸ ਕਰਮਚਾਰੀਆਂ ਨੇ ਦੋਵੇਂ ਨੌਜਵਾਨਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਨੌਜਵਾਨਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 12 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਹ ਫਿਰੋਜ਼ਪੁਰ ਬਾਰਡਰ ਤੋਂ ਹੈਰੋਇਨ ਲੈ ਕੇ ਆਉਂਦੇ ਸਨ ਅਤੇ ਉਨ੍ਹਾਂ ਮੁਹਾਲੀ ਵਿੱਚ ਇਹ ਚੌਥਾ ਗੇੜਾ ਹੈ। ਉਹ ਫਿਰੋਜ਼ਪੁਰ ’ਚੋਂ 1500 ਰੁਪਏ ਪ੍ਰਤੀ ਗਰਾਮ ਹੈਰੋਇਨ ਲੈ ਕੇ ਆਉਂਦੇ ਹਨ ਅਤੇ ਮੁਹਾਲੀ ਅਤੇ ਆਸਪਾਸ ਇਲਾਕੇ ਵਿੱਚ 2500 ਤੋਂ ਲੈ ਕੇ 3000 ਰੁਪਏ ਪ੍ਰਤੀ ਗਰਾਮ ਦੇ ਹਿਸਾਬ ਨਾਲ ਹੈਰੋਇਨ ਅੱਗੇ ਵੇਚਦੇ ਹਨ।