ਨਸ਼ਾ ਤਸਕਰੀ ਕੇਸ: ਸੁਪਰੀਮ ਕੋਰਟ ਵੱਲੋਂ ਮਜੀਠੀਆ ਨੂੰ ਵੱਡੀ ਰਾਹਤ, 23 ਫਰਵਰੀ ਤੱਕ ਗ੍ਰਿਫ਼ਤਾਰੀ ’ਤੇ ਰੋਕ

ਮਜੀਠੀਆ ਹੁਣ ਪੰਜਾਬ ਪੁਲੀਸ ਦੇ ਡਰ ਤੋਂ ਮੁਕਤ ਹੋ ਕੇ ਬੇਖ਼ੌਫ਼ ਲੜ ਸਕਣਗੇ ਵਿਧਾਨ ਸਭਾ ਦੀ ਚੋਣ

23 ਫਰਵਰੀ ਨੂੰ ਹੇਠਲੀ ਅਦਾਲਤ ਵਿੱਚ ਪੱਕੀ ਜ਼ਮਾਨਤ ਲਈ ਅਰਜ਼ੀ ਦਾਇਰ ਕਰਨ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਪੰਜਾਬ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਦੇਸ਼ ਦੀ ਸਿਖਰਲੀ ਅਦਾਲਤ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਵਿੱਚ ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਇਸ ਗੱਲ ’ਤੇ ਹੈਰਾਨੀ ਪ੍ਰਗਟ ਕੀਤੀ ਕਿ ਚੋਣਾਂ ਤੋਂ ਪਹਿਲਾਂ ਸਿਆਸੀ ਆਗੂਆਂ ਵਿਰੁੱਧ ਇਸ ਤਰ੍ਹਾਂ ਦੇ ਅਪਰਾਧਿਕ ਮਾਮਲੇ ਸਾਹਮਣੇ ਆ ਰਹੇ ਹਨ।
ਸੁਪਰੀਮ ਕੋਰਟ ਨੇ ਮਜੀਠੀਆ ਨੂੰ ਇਹ ਵੀ ਆਦੇਸ਼ ਵੀ ਦਿੱਤੇ ਹਨ ਕਿ ਉਹ 23 ਫਰਵਰੀ ਨੂੰ ਹੇਠਲੀ ਅਦਾਲਤ ਵਿੱਚ ਜੱਜ ਦੇ ਸਾਹਮਣੇ ਪੇਸ਼ ਹੋ ਕੇ ਪੱਕੀ ਜ਼ਮਾਨਤ ਲਈ ਅਰਜ਼ੀ ਦਾਇਰ ਕਰਨ। ਇਸ ਤਰ੍ਹਾਂ ਹੁਣ ਅਕਾਲੀ ਆਗੂ ਬਿਕਰਮ ਮਜੀਠੀਆ ਪੰਜਾਬ ਪੁਲੀਸ ਦੇ ਡਰ ਤੋਂ ਮੁਕਤ ਹੋ ਕੇ ਬੇਖ਼ੌਫ਼ ਵਿਧਾਨ ਸਭਾ ਦੀਆਂ ਚੋਣਾਂ ਲੜ ਸਕਣਗੇ ਅਤੇ ਦੂਜੇ ਹਲਕਿਆਂ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਸਕਣਗੇ। ਕਿਉਂਕਿ ਚੋਣਾਂ ਦੌਰਾਨ ਉਨ੍ਹਾਂ ਨੂੰ ਗ੍ਰਿਫ਼ਤਾਰੀ ਦਾ ਡਰ ਨਹੀਂ ਰਹੇਗਾ। ਸੂਤਰ ਦੱਸਦੇ ਹਨ ਕਿ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਹੁਕਮਰਾਨਾਂ ਦੀ ਮਨਸ਼ਾ ਮਜੀਠੀਆ ਨੂੰ ਸਿਆਸੀ ਮੈਦਾਨ ’ਚੋਂ ਬਾਹਰ ਕਰਨ ਅਤੇ ਅਕਾਲੀ ਆਗੂ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਦੀ ਸੀ ਲੇਕਿਨ ਇਸ ਵਾਰ ਵੀ ਉਹ ਬਚ ਕੇ ਨਿਕਲਣ ਵਿੱਚ ਸਫਲ ਰਹੇ ਹਨ ਪਰ ਹੁਣ ਮਜੀਠੀਆ ਦੇ ਸਿਆਸੀ ਭਵਿੱਖ ਦਾ ਫੈਸਲਾ ਵੋਟਰਾਂ ਦੇ ਹੱਥ ਵਿੱਚ ਹੈ।
ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਹੀ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਮੱੁਢੋਂ ਰੱਦ ਕਰ ਦੇਣ ਮਗਰੋਂ ਮਜੀਠੀਆ ਨੇ ਆਪਣੇ ਵਕੀਲਾਂ ਰਾਹੀਂ ਦੁਬਾਰਾ ਹਾਈ ਕੋਰਟ ਦਾ ਬੂਹਾ ਖੜਕਾਇਆ ਅਤੇ ਉਸ ਨੂੰ ਰਾਹਤ ਦੇਣ ਦੀ ਗੁਹਾਰ ਲਗਾਈ ਗਈ। ਅਕਾਲੀ ਆਗੂ ਨੇ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਲੜਨ ਲਈ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਅਤੇ ਹਾਈ ਕੋਰਟ ਦੇ ਤਾਜ਼ਾ ਫੈਸਲੇ (ਜ਼ਮਾਨਤ ਰੱਦ ਕਰਨ ਵਾਲਾ ਫੈਸਲਾ) ਨੂੰ ਸੁਪਰੀਮ ਕੋਰਟ ਵਿੱਚ ਚੁਨੌਤੀ ਦੇਣ ਲਈ ਕ੍ਰਮਵਾਰ ਸੱਤ ਅਤੇ ਤਿੰਨ ਦਿਨ ਦੀ ਮੋਹਲਤ ਮੰਗੀ ਗਈ ਸੀ ਹਾਈ ਕੋਰਟ ਨੇ ਮਜੀਠੀਆ ਦੀ ਅਪੀਲ ਮਨਜ਼ੂਰ ਕਰਦਿਆਂ ਉਸ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਤੱਕ ਤਿੰਨ ਦਿਨਾਂ (ਅੱਜ ਤੱਕ) ਲਈ ਗ੍ਰਿਫ਼ਤਾਰੀ ’ਤੇ ਰੋਕ ਲਗਾਈ ਗਈ ਸੀ।
ਮਜੀਠੀਆ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਹਾਈ ਕੋਰਟ ਦੇ ਫੈਸਲੇ ਨੂੰ ਚੁਨੌਤੀ ਦਿੱਤੀ ਸੀ। ਅਕਾਲੀ ਆਗੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਵਿਰੁੱਧ ਗੈਰਕਾਨੂੰਨੀ ਤਰੀਕੇ ਨਾਲ ਇਹ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਕਰਤਾ ਨਹੀਂ ਹੈ। ਨਸ਼ਾ ਤਸਕਰੀ ਮਾਮਲੇ ਵਿੱਚ ਪੁਲੀਸ ਪਹਿਲਾਂ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜੋ ਵੱਖ-ਵੱਖ ਜੇਲ੍ਹਾਂ ਵਿੱਚ ਸਜਾ ਭੁਗਤ ਰਹੇ ਹਨ ਲੇਕਿਨ ਹੁਣ ਵਿਧਾਨ ਸਭਾ ਚੋਣਾਂ ਐਨ ਨੇੜੇ ਆਉਣ ਕਾਰਨ ਅਤੇ ਸੱਤਾਧਾਰੀ ਧਿਰ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਦੀ ਮਨਸ਼ਾ ਨਾਲ ਉਨ੍ਹਾਂ ਨੂੰ ਡੂੰਘੀ ਸਾਜ਼ਿਸ਼ ਤਹਿਤ ਝੂਠੇ ਕੇਸਾਂ ਵਿੱਚ ਉਲਝਾਉਣ ਕੇ ਰੱਖਣਾ ਚਾਹੁੰਦੀ ਹੈ।
ਸਰਕਾਰੀ ਵਕੀਲ ਦਾ ਕਹਿਣਾ ਸੀ ਕਿ ਮਜੀਠੀਆ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹਾਈ ਕੋਰਟ ਦੀ ਦੇਖਰੇਖ ਵਿੱਚ ਨਸ਼ਿਆਂ ਦੀ ਤਸਕਰੀ ਮਾਮਲੇ ਸਬੰਧੀ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਰਿਪੋਰਟ ਅਤੇ ਕਾਨੂੰਨੀ ਰਾਇ ਲੈਣ ਮਗਰੋਂ ਹੀ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਤੈਅ ਤੱਕ ਜਾਣ ਲਈ ਮਜੀਠੀਆ ਨੂੰ ਪੁਲੀਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨੀ ਬਹੁਤ ਜ਼ਰੂਰੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 23 ਫਰਵਰੀ ਤੱਕ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਸਿਖਰਲੀ ਅਦਾਲਤ ਦੇ ਇਸ ਫੈਸਲੇ ਨਾਲ ਯੂਥ ਅਕਾਲੀ ਦਲ ਦੇ ਵਰਕਰਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।

Load More Related Articles

Check Also

Punjab seeks legal action against BBMB Chairman for misleading hon’ble High Court

Punjab seeks legal action against BBMB Chairman for misleading hon’ble High Court Ch…