
ਨਸ਼ਾ ਤਸਕਰੀ: ਇੱਕ ਕਿੱਲੋ ਅਫ਼ੀਮ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ
ਨਬਜ਼-ਏ-ਪੰਜਾਬ, ਮੁਹਾਲੀ, 19 ਅਪਰੈਲ:
ਮੁਹਾਲੀ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਇੱਕ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਮੁਲਜ਼ਮਾਂ ਪਛਾਣ ਹਰਪ੍ਰੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਬਠਿੰਡਾ ਵਜੋਂ ਹੋਈ ਹੈ। ਉਨ੍ਹਾਂ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਐਨਡੀਪੀਐਸ ਐਕਟ ਦੀ ਧਾਰਾ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਸੋਹਾਣਾ ਥਾਣਾ ਦੇ ਐਸਐਚਓ ਇੰਸਪੈਕਟਰ ਸਿਮਰਨ ਸਿੰਘ ਦੀ ਅਗਵਾਈ ਹੇਠ ਮੁਲਜ਼ਮ ਹਰਪ੍ਰੀਤ ਸਿੰਘ ਵਾਸੀ ਪਿੰਡ ਕੋਠੇ ਮਹਾਸਿੰਘ ਵਾਲਾ (ਬਠਿੰਡਾ) ਅਤੇ ਜਸ਼ਨਪ੍ਰੀਤ ਸਿੰਘ ਵਾਸੀ ਨੇੜੇ ਕਲਗੀਧਰ ਗੁਰਦੁਆਰਾ ਸਾਹਿਬ, ਮੰਡੀ ਰਾਮਪੁਰਾ (ਬਠਿੰਡਾ) ਨੂੰ ਮੁਹਾਲੀ ਦੇ ਸੈਕਟਰ-80 ’ਚੋਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਵਿਅਕਤੀ ਪੁਲੀਸ ਨੂੰ ਦੇਖ ਕੇ ਆਪਣੇ ਗੱਡੀ ਨੂੰ ਭਜਾਉਣ ਲੱਗੇ ਸਨ ਪ੍ਰੰਤੂ ਪੁਲੀਸ ਨੇ ਸ਼ੱਕ ਹੋਣ ’ਤੇ ਉਨ੍ਹਾਂ ਦੀ ਗੱਡੀ ਰੋਕ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਅਤੇ ਤਲਾਸ਼ੀ ਲੈਣ ’ਤੇ ਗੱਡੀ ’ਚੋਂ ਇੱਕ ਕਿੱਲੋ ਅਫ਼ੀਮ ਬਰਾਮਦ ਕੀਤੀ ਗਈ। ਇਸ ਮਗਰੋਂ ਪੁਲੀਸ ਨੇ ਦੋਵਾਂ ਵਿਅਕਤੀਆਂ ਦੀ ਮੌਕੇ ’ਤੇ ਹੀ ਗ੍ਰਿਫ਼ਤਾਰੀ ਪਾ ਲਈ। ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਪਤਾ ਲਾਇਆ ਜਾ ਰਿਹਾ ਹੈ, ਉਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਉਂਦੇ ਹਨ ਅਤੇ ਅੱਗੇ ਕਿੱਥੇ-ਕਿੱਥੇ ਵੇਚਦੇ ਹਨ ਅਤੇ ਉਨ੍ਹਾਂ ਦੇ ਗਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।