
ਨਸ਼ਾ ਸਪਲਾਈ ਚੇਨ ਤੋੜਨ ਦੇ ਨਾਲ-ਨਾਲ ਨਸ਼ੇੜੀਆਂ ਦਾ ਇਲਾਜ ਯਕੀਨੀ ਬਣਾਇਆ ਜਾਵੇਗਾ: ਅਮਿਤ ਤਲਵਾੜ
ਭ੍ਰਿਸ਼ਟਾਚਾਰ, ਨਾਜਾਇਜ਼ ਮਾਈਨਿੰਗ ਤੇ ਨਾਜਾਇਜ਼ ਉਸਾਰੀਆਂ ਵਿਰੁੱਧ ਸਖ਼ਤ ਸ਼ਿਕੰਜਾ ਕੱਸਿਆ ਜਾਵੇਗਾ: ਡੀਸੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ:
ਮੁਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਨਾਲ ਨਵੇਂ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਲੋਕ ਹਿੱਤ ਵਿੱਚ ਲਏ ਸਾਰੇ ਫ਼ੈਸਲਿਆਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਅਤੇ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ ਸਮੂਹ ਸਰਕਾਰੀ ਦਫ਼ਤਰਾਂ ਦੇ ਕੰਮ-ਕਾਰ ਵਿੱਚ ਹੋਰ ਵਧੇਰੇ ਸੁਧਾਰ ਲਿਆਂਦਾ ਜਾਵੇਗਾ।
ਅਮਿਤ ਤਲਵਾੜ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ਵਿੱਚ ਜ਼ਿਲ੍ਹਾ ਮੁਹਾਲੀ ਆਪਣਾ ਅਹਿਮ ਯੋਗਦਾਨ ਪਾਵੇਗਾ ਅਤੇ ਨਸ਼ਾ ਸਪਲਾਈ ਚੇਨ ਨੂੰ ਤੋੜਨ ਦੇ ਨਾਲ-ਨਾਲ ਨਸ਼ੇੜੀਆਂ ਦਾ ਇਲਾਜ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਨਸ਼ਾ ਛਡਾਊ ਕੇਂਦਰ ਸੈਕਟਰ-66 ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਚਲਦੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ ਅਤੇ ਜੇਰੇ ਇਲਾਜ ਨਸ਼ਾ ਪੀੜਤਾਂ ਦੀ ਸੁਰੱਖਿਆ ਅਤੇ ਇਲਾਜ ਲਈ ਠੋਸ ਕਦਮ ਚੁੱਕੇ ਜਾਣਗੇ। ਇਸ ਤੋਂ ਇਲਾਵਾ ਸੀਨੀਅਰ ਸਿਟੀਜਨਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਰਹਿਣ ਬਸੇਵੇ ਦਾ ਖਾਸ ਧਿਆਨ ਰੱਖਿਆ ਜਾਵੇਗਾ ਕਿਉਂਕਿ ਬਜ਼ੁਰਗ ਸਾਡੇ ਦੇਸ਼ ਅਤੇ ਸਮਾਜ ਦਾ ਅਹਿਮ ਅੰਗ ਹਨ।
ਡੀਸੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਅੰਦਰ ਨਾਜਾਇਜ਼ ਮਾਈਨਿੰਗ ਅਤੇ ਨਾਜਾਇਜ਼ ਉਸਾਰੀਆਂ ਵਿਰੁੱਧ ਸਖ਼ਤ ਸ਼ਿਕੰਜਾ ਕੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਮੀਗਰੇਸ਼ਨ ਧੋਖਾਧੜੀ ਅਤੇ ਜ਼ਮੀਨਾਂ ਦੀ ਖ਼ਰੀਦੋ-ਫ਼ਰੋਖ਼ਤ ਸਮੇਤ ਸ਼ਾਮਲਾਤ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਇਸ ਦੌਰਾਨ ਨਵੇਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੀ ਸਥਿਤੀ ਬਾਰੇ ਮੁੱਢਲੀ ਜਾਣਕਾਰੀ ਹਾਸਲ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਅਤੇ ਸਰਕਾਰੀ ਦਫ਼ਤਰਾਂ ਵਿੱਚ ਦਫ਼ਤਰ ਦੇ ਇੰਚਾਰਜ ਸਮੇਤ ਦਫ਼ਤਰੀ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ।
ਇੱਥੇ ਇਹ ਦੱਸਣਯੋਗ ਹੈ ਕਿ ਸ੍ਰੀ ਅਮਿਤ ਤਲਵਾੜ 2013 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਤੋਂ ਪਹਿਲਾ ਉਹ 2010-12 ਦੇ ਅਰਸੇ ਦਰਮਿਆਨ ਜ਼ਿਲ੍ਹਾ ਮੁਹਾਲੀ ਵਿੱਚ ਐਸਡੀਐਮ ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਸ੍ਰੀ ਤਲਵਾੜ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਡਾਇਰੈਕਟਰ ਟ੍ਰਾਸਪੋਰਟ ਤੋਂ ਇਲਾਵਾ ਪੰਜਾਬ ਸਰਕਾਰ ਵਿੱਚ ਪਾਣੀ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਦੇ ਤੌਰ ’ਤੇ ਵੀ ਕੰਮ ਕਰ ਚੁੱਕੇ ਹਨ।