ਨਸ਼ਾ ਤਸਕਰੀ: ਕੈਪਟਨ ਸਰਕਾਰ ਦੇ 10 ਦਿਨਾਂ ਵਿੱਚ 485 ਨਸ਼ਾ ਸਮੱਗਲਰ ਗ੍ਰਿਫ਼ਤਾਰ, 387 ਕੇਸ ਦਰਜ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ, ਸੂਬਾ ਭਰ ਵਿੱਚ ਮੁੜ ਸ਼ੁਰੂ ਕੀਤੇ ਨਸ਼ਾ ਛੁਡਾਊ ਕੇਂਦਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਸ਼ਿਆਂ ਵਿਰੱਧ ਸ਼ੁਰੂ ਕੀਤੀ ਮੁਹਿੰਮ ਹੇਠ ਸੂਬੇ ਦੀਆਂ ਵੱਖ-ਵੱਖ ਏਜੰਸੀਆਂ ਨੇ ਇਕ ਵੱਡੀ ਕਾਰਵਾਈ ਕਰਕੇ 485 ਨਸ਼ਾ ਕਾਰੋਬਾਰੀਆਂ ਤੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ 387 ਮਾਮਲੇ ਦਰਜ ਕੀਤੇ ਹਨ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਹਰੇਕ ਜ਼ਿਲ੍ਹੇ ਵਿੱਚ ਐਂਟੀ-ਨਾਰੋਕਟਿਕ ਸੈੱਲ ਯੂਨਿਟਾਂ ਬਣਾਉਣ ਤੋਂ ਇਲਾਵਾ ਸੀ.ਆਈ.ਏ. ਦੇ ਸਹਿਯੋਗ ਨਾਲ ਐਸ.ਐਚ.ਓ. ਪੱਧਰ ’ਤੇ ਟੀਮਾਂ ਵੀ ਬਣਾਈਆਂ ਗਈਆਂ ਹਨ ਤਾਂ ਜੋ ਚਾਰ ਹਫ਼ਤਿਆਂ ਵਿੱਚ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕੀਤਾ ਜਾ ਸਕੇ। ਸੂਬੇ ਦੇ ਵਿਸ਼ੇਸ਼ ਅਪਰੇਸ਼ਨ ਸੈੱਲ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੈ ਜਿਸ ਨੇ ਸੂਬਾ ਭਰ ਵਿੱਚੋਂ ਵੱਡੀ ਮਾਤਰਾ ਵਿੱਚ ਨਸ਼ੇ ਬਰਾਮਦ ਕੀਤੇ ਹਨ।
ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਵੱਖ-ਵੱਖ ਪੁਲੀਸ ਤੇ ਖੁਫੀਆ ਏਜੰਸੀਆਂ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਿਵਲ ਪ੍ਰਸ਼ਾਸਨ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੇ ਸੂਬੇ ਦੀਆਂ ਵੱਖ-ਵੱਖ ਏਜੰਸੀਆਂ ਨੂੰ ਨਾਰਕੋਟਿਕ ਕੰਟਰੋਲ ਬਿਊਰੋ (ਐਨ.ਸੀ.ਬੀ.), ਦਾ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਆਰ.ਡੀ.ਆਈ.) ਅਤੇ ਕਸਟਮ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ ਤਾਂ ਜੋ ਸਰਹੱਦ ਪਾਰੋਂ ਅਤੇ ਭਾਰਤ ਦੇ ਹੋਰਨਾਂ ਹਿੱਸਿਆਂ ਤੋਂ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਤੇ ਤਸਕਰੀ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਕ ਵਿਸ਼ੇਸ਼ ਟਾਸਕ ਫੋਰਸ ਪਹਿਲਾਂ ਹੀ ਬਣਾਈ ਜਾ ਚੁੱਕੀ ਹੈ ਜਿਸ ਨੂੰ ਨਸ਼ਿਆਂ ਖਾਸ ਕਰਕੇ ਚਿੱਟੇ (ਹੈਰੋਇਨ, ਸਿੰਥੈਟਿਕ, ਫਾਰਮਾਸਿਟਿਕਲ ਡਰੱਗ) ਵਿਰੁੱਧ ਵਿਸ਼ੇਸ਼ ਮੁਹਿੰਮ ਕੀਤੀ ਜਾ ਸਕੇ।
ਬੁਲਾਰੇ ਨੇ ਅੱਗੇ ਦੱਸਿਆ ਕਿ 16 ਮਾਰਚ, 2017 ਤੋਂ ਲੈ ਕੇ 27 ਮਾਰਚ, 2017 ਤੱਕ ਵਿਸ਼ੇਸ਼ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਛਾਪਾ ਮਾਰ ਕੇ ਕੁੱਲ 3.945 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜਿਸ ਵਿੱਚ ਬੀ.ਐਸ.ਐਫ. ਵੱਲੋਂ ਫੜੀ ਗਈ ਇਕ ਕਿਲੋ ਹੈਰੋਇਨ ਵੀ ਸ਼ਾਮਲ ਹੈ। ਇਹ ਸਾਰੀ ਕਾਰਵਾਈ ਨਵੀਂ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ 10 ਦਿਨਾਂ ਵਿੱਚ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਫੜੇ ਗਏ ਨਸ਼ਿਆਂ ਵਿੱਚ 622.555 ਕਿਲੋ ਭੁੱਕੀ, 0.528 ਸਮੈਕ, 2.22 ਕਿਲੋ ਚਰਸ, 24.39 ਕਿਲੋ ਅਫੀਮ, 1.879 ਕਿਲੋ ਭੰਗ ਅਤੇ 65.6 ਕਿਲੋ ਗਾਂਜਾ ਸ਼ਾਮਲ ਹੈ। ਵਿਸ਼ੇਸ਼ ਟੀਮਾਂ ਨੇ 133 ਬੋਤਲਾਂ ਸਿਰਪ, 1075 ਟੀਕੇ, 90993 ਕੈਪਸੂਲ/ਗੋਲੀਆਂ ਬਰਾਮਦ ਕੀਤੀਆਂ ਹਨ। ਬੁਲਾਰੇ ਅਨੁਸਾਰ ਇਸ ਤੋਂ ਇਲਾਵਾ 11.224 ਕਿਲੋ ਨਸ਼ੀਲਾ ਪਾਊਡਰ ਵੀ ਫੜਿਆ ਗਿਆ ਹੈ। ਇਸ ਦੌਰਾਨ 7.25 ਕਿਲੋ ਅਫੀਮ ਬਰਾਮਦ ਕਰਨ ਤੋਂ ਇਲਾਵਾ ਬੀ.ਐਸ.ਐਫ. ਵੱਲੋਂ ਸਰਹੱਦ ’ਤੇ ਇਕ ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।
ਬੁਲਾਰੇ ਅਨੁਸਾਰ ਸਭ ਤੋਂ ਜ਼ਿਆਦਾ ਮਾਮਲੇ ਜਲੰਧਰ ਦਿਹਾਤੀ ਵਿੱਚ ਦਰਜ ਕੀਤੇ ਗਏ ਹਨ ਜਿਨ੍ਹਾਂ ਦੀ ਕੁੱਲ ਗਿਣਤੀ 63 ਹੈ। ਬੁਲਾਰੇ ਅਨੁਸਾਰ ਜਲੰਧਰ ਪੁਲੀਸ ਨੇ ਆਪਣਾ ਹੈਲਪਲਾਈਨ ਨੰਬਰ ਸ਼ੁਰੂ ਕੀਤਾ ਹੈ ਅਤੇ ਲੋਕਾਂ ਨੂੰ ਨਸ਼ਾ ਤਸਕਰਾਂ ਤੇ ਸਪਲਾਈ ਬਾਰੇ ਕਿਸੇ ਵੀ ਤਰ੍ਹਾਂ ਦੀ ਸੂਚਨਾ ਦੇਣ ਦੀ ਅਪੀਲ ਕੀਤੀ ਹੈ। ਸਾਰੇ ਪੁਲੀਸ ਥਾਣਿਆਂ ਨੂੰ ਨਸ਼ਾ ਤਸਕਰਾਂ ਅਤੇ ਉਨ੍ਹਾਂ ਲੋਕਾਂ ਦੀ ਸੂਚੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਜਿਨ੍ਹਾਂ ਵਿਰੁੱਧ ਪਿਛਲੇ 10 ਸਾਲਾਂ ਵਿੱਚ ਦੋ ਤੋਂ ਵੱਧ ਐਫ.ਆਰ.ਆਈਜ਼ ਦਰਜ ਹੋਈਆਂ ਹਨ। ਇਨ੍ਹਾਂ ਲੋਕਾਂ ’ਤੇ ਨੇੜਿਓਂ ਨਜ਼ਰ ਰੱਖੀ ਜਾਵੇਗੀ। ਮੁੱਖ ਮੰਤਰੀ ਦਫ਼ਤਰ ਨੂੰ ਜਲੰਧਰ ਵਿੱਚ ਅਧਿਕਾਰਤ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਵਾਸਤੇ ਛਾਪੇ ਮਾਰਨ ਲਈ ਪੁਲੀਸ ਕਮਿਸ਼ਨਰ ਦੀ ਮਦਦ ਲਈ ਪੱਕੇ ਤੌਰ ’ਤੇ ਇਕ ਡਰੱਗ ਇੰਸਪੈਕਟਰ ਲਾਉਣ ਦੀ ਅਪੀਲ ਕੀਤੀ ਗਈ ਹੈ। ਸੀਨੀਅਰ ਪੁਲੀਸ ਅਧਿਕਾਰੀਆਂ ਵੱਲੋਂ ਇਸ ਮਾਮਲੇ ’ਤੇ ਨਿੱਜੀ ਤੌਰ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਵੀ ਇਸ ਸਬੰਧ ਵਿੱਚ ਰੋਜ਼ਾਨਾ ਰਿਪੋਰਟ ਮੰਗ ਰਹੇ ਹਨ।
ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਸਥਾਪਤ ਕੀਤੀ ਵਿਸ਼ੇਸ਼ ਟਾਸਕ ਫੋਰਸ ਮੁੱਖ ਮੰਤਰੀ ਦੀ ਸਿੱਧੀ ਨਿਗਰਾਨੀ ਹੇਠ ਕੰਮ ਕਰ ਰਹੀ ਹੈ ਜਿਨ੍ਹਾਂ ਨੇ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਏ.ਡੀ.ਜੀ.ਪੀ. ਸ੍ਰੀ ਹਰਪ੍ਰੀਤ ਸਿੱਧੂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਲਈ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ। ਮੁੱਖ ਮੰਤਰੀ ਨੇ ਪੁਲੀਸ ਨੂੰ ਇਸ ਕਾਰੋਬਾਰ ਦੇ ਸੂਤਰਧਾਰ ਕਾਬੂ ਕਰਨ ਲਈ ਵੀ ਸਖ਼ਤ ਕਾਰਵਾਈ ਕਰਨ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਪੁਲੀਸ ਦੀ ਕਾਰਜ ਕੁਸ਼ਲਤਾ ਨਸ਼ਿਆਂ ਵਿਰੋਧੀ ਮੁਹਿੰਮ ਦੀ ਸਫਲਤਾ ’ਤੇ ਅਧਾਰਿਤ ਹੋਵੇਗੀ। ਐਨ.ਡੀ.ਪੀ.ਐਸ. ਐਕਟ ਦੀ ਧਾਰਾ 68 ਹੇਠ ਅਤੇ ਭਾਰਤ ਸਰਕਾਰ ਦੇ ਫੇਮਾ ਹੇਠ ਨਸ਼ਿਆਂ ਦੇ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਲਾਗੂ ਕਰਨ ਲਈ ਵੀ ਵਿਸ਼ੇਸ਼ ਟੀਮ ਨੂੰ ਹਦਾਇਤ ਕੀਤੀ ਗਈ ਹੈ। ਨਸ਼ਿਆਂ ਦੀ ਲਾਹਨਤ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲਾਂ-ਕਾਲਜਾਂ ਵਿੱਚ ਸੈਮੀਨਾਰ ਅਤੇ ਵਿਦਿਅਕ ਪ੍ਰੋਗਰਾਮ ਕਰਵਾਉਣ ਤੋਂ ਇਲਾਵਾ ਨੁੱਕੜ ਨਾਟਕ ਅਤੇ ਰੋਡ ਸ਼ੋਅ/ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ। ਪਿਛਲੀ ਸਰਕਾਰ ਵੱਲੋਂ ਨਕਾਰਾ ਕੀਤੇ ਨਸ਼ਾ ਛੁਡਾਊ ਕੇਂਦਰਾਂ ਨੂੰ ਮੁੜ ਚਲਾਇਆ ਜਾ ਰਿਹਾ ਹੈ। ਨਸ਼ਾ ਛੁਡਾਉਣ ਅਤੇ ਮੁੜ ਵਸੇਬਾ ਸਰਗਰਮੀਆਂ ਲਈ ਵਿਆਪਕ ਪਹੁੰਚ ਅਪਣਾਈ ਗਈ ਹੈ। ਸੂਬੇ ਵਿੱਚ ਸਿੱਖਿਆ ਸੰਸਥਾਵਾਂ, ਗੈਰ-ਸਰਕਾਰੀ ਸੰਸਥਾਵਾਂ, ਯੂਥ ਕਲੱਬਾਂ ਅਤੇ ਨਹਿਰੂ ਯੁਵਾ ਕੇਂਦਰਾਂ ਦੇ ਨਾਲ ਵੱਖ-ਵੱਖ ਮੀਡਆ ਮੰਚਾਂ ’ਤੇ ਵੀ ਨਸ਼ਿਆਂ ਵਿਰੁੱਧ ਪ੍ਰਚਾਰ ਤੇ ਜਾਗਰੂਕ ਮੁਹਿੰਮ ਸ਼ੁਰੂ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…