ਡਰੱਗ ਤਸਕਰੀ ਮਾਮਲਾ: ਸੀਬੀਆਈ ਅਦਾਲਤ ਵੱਲੋਂ ਜਗਦੀਸ਼ ਭੋਲਾ ਦੀ ਜ਼ਮਾਨਤ ਦੀ ਅਰਜ਼ੀ ਰੱਦ
ਛੇ ਹਜ਼ਾਰ ਕਰੋੜੀ ਡਰੱਗ ਮਨੀ ਕੇਸ ਦੀ ਸੁਣਵਾਈ ਅੱਜ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ:
ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੰਜਾਬ ਦੇ ਬਹੁ-ਚਰਚਿਤ ਡਰੱਗ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲੀਸ ਦੇ ਬਰਖ਼ਾਸਤ ਡੀਐਸਪੀ ਤੇ ਸਾਬਕਾ ਕੌਮਾਂਤਰੀ ਪਹਿਲਵਾਨ ਜਗਦੀਸ਼ ਭੋਲਾ ਦੀ ਜ਼ਮਾਨਤ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਬੀਤੀ 13 ਫਰਵਰੀ ਨੂੰ ਸੀਬੀਆਈ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਨੇ ਪੰਜਾਬ ਪੁਲੀਸ ਵੱਲੋਂ ਦਰਜ ਨਸ਼ਾ ਤਸਕਰੀ ਕੇਸਾਂ (7 ਕੇਸਾਂ) ਦਾ ਨਿਬੇੜਾ ਕਰਦਿਆਂ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦਿੰਦਿਆਂ ਇੱਕ ਕੇਸ ਵਿੱਚ 12 ਸਾਲ ਅਤੇ ਹੋਰ ਵੱਖ ਵੱਖ ਕੇਸਾਂ ਵਿੱਚ 10-10 ਸਾਲ ਦੀ ਕੈਦ ਦੀ ਸਜਾ ਸੁਣਾਈ ਗਈ ਸੀ।
ਉਧਰ, ਇੰਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਜਗਦੀਸ਼ ਭੋਲਾ ਤੇ ਹੋਰਨਾਂ ਦੇ ਖ਼ਿਲਾਫ਼ 6 ਹਜ਼ਾਰ ਕਰੋੜ ਦੀ ਡਰੱਗ ਮਨੀ ਦਾ ਵੱਖਰਾ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਦੀ ਸੁਣਵਾਈ ਵੀ ਸੀਬੀਆਈ ਦੀ ਉਕਤ ਅਦਾਲਤ ਵਿੱਚ ਚਲ ਰਹੀ ਹੈ। ਪਿਛਲੇ ਦਿਨੀਂ ਜਗਦੀਸ਼ ਭੋਲਾ ਨੇ ਆਪਣੇ ਵਕੀਲ ਰਾਹੀਂ ਸੀਬੀਆਈ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਅੱਜ ਖੁੱਲ੍ਹੀ ਅਦਾਲਤ ਵਿੱਚ ਈਡੀ ਦੇ ਵਕੀਲ ਜਗਜੀਤ ਸਿੰਘ ਸਰਾਓ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜੱਜ ਨੇ ਜਗਦੀਸ਼ ਭੋਲਾ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ।
ਈਡੀ ਦੇ ਵਕੀਲ ਜਗਜੀਤ ਸਿੰਘ ਸਰਾਓ ਨੇ ਦੱਸਿਆ ਕਿ ਇਸ ਕੇਸ ਵਿੱਚ ਨਾਮਜ਼ਦ ਕਰੀਬ 68 ਮੁਲਜ਼ਮ ਜ਼ਮਾਨਤ ’ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਜਗਦੀਸ਼ ਭੋਲਾ ਨੇ ਆਪਣੀ ਅਰਜ਼ੀ ਵਿੱਚ ਇਹ ਦਲੀਲ ਦਿੱਤੀ ਸੀ ਕਿ ਉਨ੍ਹਾਂ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮ ਜ਼ਮਾਨਤ ’ਤੇ ਜੇਲ੍ਹਾਂ ’ਚੋਂ ਰਿਹਾਅ ਹੋ ਚੁੱਕੇ ਹਨ। ਲਿਹਾਜ਼ਾ ਉਨ੍ਹਾਂ ਨੂੰ ਵੀ ਉਸੇ ਤਰਜ਼ ’ਤੇ ਜ਼ਮਾਨਤ ਦਿੱਤੀ ਜਾਵੇ। ਭੋਲੇ ਨੇ ਇਹ ਵੀ ਦਲੀਲ ਦਿੱਤੀ ਕਿ ਉਹ ਪਿਛਲੇ ਕਰੀਬ ਛੇ ਸਾਲ ਤੋਂ ਜੇਲ੍ਹ ਵਿੱਚ ਬੰਦ ਹੈ। ਸਾਰੀਆਂ ਗਵਾਹੀਆਂ ਹੋ ਚੁੱਕੀਆਂ ਹਨ।
ਵਕੀਲ ਸਰਾਓ ਨੇ ਦੱਸਿਆ ਕਿ ਅੱਜ ਸਿਰਫ਼ ਜਗਦੀਸ਼ ਭੋਲਾ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਹੋਈ ਹੈ ਜਦੋਂਕਿ ਡਰੱਗ ਮਨੀ ਕੇਸ ਦੀ ਸੁਣਵਾਈ ਭਲਕੇ 2 ਅਗਸਤ ਨੂੰ ਸੀਬੀਆਈ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਵਿੱਚ ਹੋਵੇਗੀ।