ਨਸ਼ਾ ਤਸਕਰੀ ਮਾਮਲਾ: ਮਜੀਠੀਆ ਦੀ ਸੁਰੱਖਿਆ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਅਦਾਲਤ ਵਿੱਚ ਰੱਖਿਆ ਲਿਖਤੀ ਪੱਖ

ਮੁਹਾਲੀ ਅਦਾਲਤ ਵਿੱਚ 12 ਅਪਰੈਲ ਨੂੰ ਮੁੜ ਹੋਵੇਗੀ ਮਜੀਠੀਆ ਸੁਰੱਖਿਆ ਮਾਮਲੇ ਦੀ ਸੁਣਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ:
ਪੰਜਾਬ ਦੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਮਾਮਲੇ ਸਬੰਧੀ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਕੇਸ ਦੀ ਅਗਲੀ ਸੁਣਵਾਈ 12 ਅਪਰੈਲ ਨੂੰ ਹੋਵੇਗੀ। ਪੰਜਾਬ ਸਰਕਾਰ ਦੀ ਤਰਫੋਂ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਅਦਾਲਤ ਵਿੱਚ ਪੇਸ਼ ਹੋ ਕੇ ਲਿਖਤੀ ਪੱਖ ਰੱਖਿਆ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿੱਚ ਕੈਦੀਆਂ ਦੀ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਹਨ। ਜੇਲ੍ਹ ਕੰਪਲੈਕਸ ਅੰਦਰ ਮਜੀਠੀਆ ਸਮੇਤ ਕਿਸੇ ਵੀ ਕੈਦੀ ਨੂੰ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਜੇਲ੍ਹ ਦੇ ਰੂਲਾਂ ਮੁਤਾਬਕ ਹੀ ਮਜੀਠੀਆ ਨੂੰ ਦੂਜੀ ਬੈਰਕ ਵਿੱਚ ਬਦਲਿਆ ਗਿਆ ਹੈ। ਜਿੱਥੇ ਉਸ ਨੂੰ ਲੋੜੀਂਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਉਧਰ, ਬਚਾਅ ਪੱਖ ਦੇ ਵਕੀਲਾਂ ਦਮਨਬੀਰ ਸਿੰਘ ਸੋਬਤੀ, ਅਰਸ਼ਦੀਪ ਸਿੰਘ ਕਲੇਰ ਅਤੇ ਐਚਐਸ ਧਨੋਆ ਨੇ ਜੇਲ੍ਹ ਅੰਦਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਨਾ ਕਰਵਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮਜੀਠੀਆ ਨੂੰ ਜੋੜਾ ਚੱਕੀ ਵਿੱਚ ਬਹੁਤ ਛੋਟੇ ਆਕਾਰ ਦੀ ਬੈਰਕ ਵਿੱਚ ਰੱਖਿਆ ਗਿਆ ਹੈ। ਜਦੋਂਕਿ ਉਹ ਕੈਬਨਿਟ ਮੰਤਰੀ ਅਤੇ ਸੀਨੀਅਰ ਰਾਜਸੀ ਆਗੂ ਹਨ। ਲਿਹਾਜ਼ਾ ਉਨ੍ਹਾਂ ਨੂੰ ਜੇਲ੍ਹ ਵਿੱਚ ਨਿਯਮਾਂ ਤਹਿਤ ਆਮ ਕੈਦੀਆਂ ਨਾਲੋਂ ਵਧੀਆਂ ਸਹੂਲਤਾਂ ਦੇਣੀਆਂ ਬਣਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਮਜੀਠੀਆ ਦੀ ਪਹਿਲਾਂ ਵਾਲੀ ਸੁਰੱਖਿਆ ਬੈਰਕ ਵਿੱਚ ਸ਼ਿਫ਼ਟ ਕੀਤਾ ਜਾਵੇ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਸੁਰੱਖਿਆ ਅਤੇ ਬੈਰਕ ਤਬਦੀਲੀ ਮਾਮਲੇ ਦੀ ਅਗਲੀ ਸੁਣਵਾਈ 12 ਅਪਰੈਲ ’ਤੇ ਅੱਗੇ ਪਾ ਦਿੱਤੀ ਹੈ।
ਇੱਥੇ ਇਹ ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਉਸ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਉਧਰ, ਪਿਛਲੇ ਦਿਨੀਂ ਮਜੀਠੀਆ ਨੇ ਦੇਸ਼ ਦੀ ਸਿਖਰਲੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਇਸ ਨੂੰ ਮੁੱਢੋਂ ਖ਼ਾਰਜ ਕਰਨ ਦੀ ਗੁਹਾਰ ਲਗਾਈ ਗਈ ਹੈ। ਉਨ੍ਹਾਂ ਦਾ ਕਹਿਣ ਹੈ ਕਿ ਇਹ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਇਸ ਵਿੱਚ ਨਾ ਕੋਈ ਸ਼ਿਕਾਇਤ ਕਰਤਾ ਹੈ ਅਤੇ ਨਾ ਹੀ ਪੁਲੀਸ ਹੁਣ ਤੱਕ ਉਸ ਕੋਲੋਂ ਕੋਈ ਬਰਾਮਦਗੀ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਚੰਨੀ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਉਸ ਵਿਰੁੱਧ ਦਰਜ ਇਹ ਝੂਠਾ ਕੇਸ ਦਰਜ ਕੀਤਾ ਗਿਆ ਸੀ। ਲਿਹਾਜ਼ਾ ਇਹ ਝੂਠੀ ਐਫ਼ਆਈਆਰ ਮੱੁਢੋਂ ਰੱਦ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …