ਨਸ਼ਾ ਤਸਕਰੀ: ਪੰਜਾਬ ਪੁਲੀਸ ਦੇ ਮੁਲਾਜ਼ਮਾਂ ਦੀ ਭੂਮਿਕਾ ਬਾਰੇ ਖ਼ੁਫ਼ੀਆ ਵਿੰਗ ਵੱਲੋਂ ਜਾਂਚ ਸ਼ੁਰੂ

ਡੀਆਈਜੀ ਦੀ ਅਗਵਾਈ ਹੇਠ ਬਲੌਂਗੀ ਵਿੱਚ ਸਰਚ ਅਪਰੇਸ਼ਨ, 19 ਸ਼ੱਕੀ ਹਿਰਾਸਤ ’ਚ ਲਏ, 14 ਵਾਹਨ ਜ਼ਬਤ

ਰੂਪਨਗਰ ਰੇਂਜ ਨੇ ਹੁਣ ਤੱਕ 78 ਪਰਚੇ ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ: ਡੀਆਈਜੀ

ਨਬਜ਼-ਏ-ਪੰਜਾਬ, ਮੁਹਾਲੀ, 5 ਜੁਲਾਈ:
ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੀ ਨਸ਼ਿਆਂ ਦੇ ਖ਼ਤਮ ਲਈ ਵਚਨਬੱਧਤਾ ਦੇ ਮੱਦੇਨਜ਼ਰ ਮੁਹਾਲੀ ਪੁਲੀਸ ਵੱਲੋਂ ਰੂਪਨਗਰ ਰੇਂਜ ਦੇ ਡੀਆਈਜੀ ਸ੍ਰੀਮਤੀ ਨੀਲਾਂਬਰੀ ਜਗਦਲੇ ਦੀ ਅਗਵਾਈ ਹੇਠ ਕਸਬਾ ਬਲੌਂਗੀ ਦੀ ਘੇਰਾਬੰਦੀ ਕਰਕੇ ਸਰਚ ਅਪਰੇਸ਼ਨ ਚਲਾਇਆ ਗਿਆ। ਇਸ ਮੌਕੇ ਐੱਸਐੱਸਪੀ ਸੰਦੀਪ ਗਰਗ ਅਤੇ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਵੀ ਮੌਜੂਦ ਸਨ।
ਡੀਆਈਜੀ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਨਸ਼ਾ ਤਸਕਰਾਂ ਨੇ ਆਪਣੀ ਰਣਨੀਤੀ ਬਦਲਦੇ ਹੋਏ ਨਸ਼ਿਆਂ ਨੂੰ ਹੋਰ ਥਾਵਾਂ ’ਤੇ ਛੁਪਾ ਕੇ ਰੱਖਣਾ ਸ਼ੁਰੂ ਕਰ ਦਿੱਤਾ ਹੈ। ਨਸ਼ੀਲੇ ਪਦਾਰਥਾਂ ਦੀ ਛੁਪਣਗਾਹ ਦਾ ਪਤਾ ਲਗਾਉਣ ਲਈ ਅਪਰੇਸ਼ਨ ਕਾਸੋ ਦੌਰਾਨ ਨਾਰਕੋਟਿਕਸ ਸਨੀਫਰ ਡੌਗ ਸਕੁਐਡ ਨੂੰ ਵੀ ਸ਼ਾਮਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰੂਪਨਗਰ ਰੇਂਜ ਵੱਲੋਂ ਹੁਣ ਤੱਕ 10 ਕਿੱਲੋ ਅਫ਼ੀਮ, 650 ਗਰਾਮ ਹੈਰੋਇਨ ਤੋਂ ਇਲਾਵਾ ਗਾਂਜਾ, ਭੁੱਕੀ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ਅਤੇ 78 ਪਰਚੇ ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਡੀਆਈਜੀ ਨੇ ਦੱਸਿਆ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕਰਨ ਲਈ ਕਾਰਵਾਈ ਆਰੰਭ ਦਿੱਤੀ ਹੈ ਅਤੇ ਇਸ ਧੰਦੇ ਵਿੱਚ ਪੁਲੀਸ ਮੁਲਾਜ਼ਮਾਂ ਦੀ ਸ਼ਮੂਲੀਅਤ ਬਾਰੇ ਖ਼ੁਫ਼ੀਆ ਵਿੰਗ ਵੱਲੋਂ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਪੁਲੀਸ ਅਫ਼ਸਰਾਂ ਅਤੇ ਕਰਮਚਾਰੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲੀਸ ਨਸ਼ਿਆਂ ਖਿਲਾਫ਼ ਸਿਰਫ਼ ਛਾਪੇਮਾਰੀ ਤੱਕ ਸੀਮਤ ਨਹੀਂ ਹੈ, ਸਗੋਂ ਸਿਵਲ ਪ੍ਰਸ਼ਾਸਨ, ਸਿਹਤ ਵਿਭਾਗ, ਸਿੱਖਿਆ ਵਿਭਾਗ, ਜ਼ੋਨਲ ਲਾਇਸੈਂਸਿੰਗ ਅਥਾਰਟੀ, ਖੇਤੀਬਾੜੀ ਵਿਭਾਗ ਅਤੇ ਜੀਐਸਟੀ ਵਿਭਾਗ ਦੇ ਸਹਿਯੋਗ ਨਾਲ ਜਾਗਰੂਕਤਾ, ਕੌਂਸਲਿੰਗ, ਇਲਾਜ, ਪੁਨਰਵਾਸ ਅਤੇ ਜਾਂਚ ਦੇ ਮੰਤਵ ਲਈ ਸਾਂਝੀ ਰਣਨੀਤੀ ਤਿਆਰ ਕਰ ਰਹੀ ਹੈ। ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਬਲੌਂਗੀ ਸਰਚ ਅਪਰੇਸ਼ਨ ਦੌਰਾਨ 19 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ 14 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ ਪਿੰਡ ਮਨੌਲੀ ਦੇ ਜਤਿੰਦਰ ਸਿੰਘ…