Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰੀ: ਮੁਹਾਲੀ ਅਦਾਲਤ ਵੱਲੋਂ ਇੰਸਪੈਕਟਰ ਸਿੱਧੂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਐਸਟੀਐਫ਼ ਵੱਲੋਂ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ: ਏਆਈਜੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਸਤੰਬਰ: ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਤਤਕਾਲੀ ਇੰਚਾਰਜ ਤੇ ਸੀਨੀਅਰ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਐਸਟੀਐਫ਼ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ ਸਬ ਇੰਸਪੈਕਟਰ ਸੁਖਮੰਦਰ ਸਿੰਘ ਦੇ ਮਾਮਲੇ ਵਿੱਚ ਸੀਆਈਏ ਦੇ ਸਾਬਕਾ ਇੰਚਾਰਜ ਸਤਵੰਤ ਸਿੰਘ ਸਿੱਧੂ ਨੂੰ ਵੀ ਧਾਰਾ 120ਬੀ ਦੇ ਤਹਿਤ ਨਾਮਜ਼ਦ ਕਰ ਲਿਆ ਹੈ। ਉਧਰ, ਮੁਹਾਲੀ ਅਦਾਲਤ ਨੇ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਦੀ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ਦੀ ਕਾਪੀ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਮੁੱਢਲੀ ਪੜਤਾਲ ਤੋਂ ਬਾਅਦ ਉਕਤ ਮਾਮਲੇ ਵਿੱਚ ਨਾਮਜ਼ਦ ਕੀਤੇ ਇੰਸਪੈਕਟਰ ਸਿੱਧੂ ਦੀ ਗ੍ਰਿਫ਼ਤਾਰੀ ਲਈ ਯਤਨ ਤੇਜ਼ ਕੀਤੇ ਜਾਣਗੇ। ਜਾਣਕਾਰੀ ਅਨੁਸਾਰ ਇੰਸਪੈਕਟਰ ਸਿੱਧੂ ਨੇ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਜੇ ਅਗਨੀਹੋਤਰੀ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਅੱਜ ਖੁੱਲ੍ਹੀ ਅਦਾਲਤ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜੱਜ ਨੇ ਪੁਲੀਸ ਅਧਿਕਾਰੀ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਇੰਝ ਹੀ ਐਸਟੀਐਫ਼ ਵੱਲੋਂ ਗ੍ਰਿਫ਼ਤਾਰ ਕੀਤੇ ਸਬ ਇੰਸਪੈਕਟਰ ਸੁਖਮੰਦਰ ਸਿੰਘ, ਨਸ਼ਾ ਮਾਮਲੇ ਵਿੱਚ ਜਯੋਤੀ, ਮਨਿੰਦਰ ਸਿੰਘ ਸ਼ੈਟੀ ਅਤੇ ਲਵਪ੍ਰੀਤ ਸਿੰਘ ਵੀ ਅਦਾਲਤ ਵਿੱਚ ਜ਼ਮਾਨਤਾਂ ਦੀਆਂ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਸਨ। ਅਦਾਲਤ ਨੇ ਇਨ੍ਹਾਂ ਵਿਅਕਤੀਆਂ ਨੂੰ ਵੀ ਜ਼ਮਾਨਤਾਂ ਦੇਣ ਤੋਂ ਕੋਰਾ ਜਵਾਬ ਦੇ ਦਿੱਤਾ ਹੈ। ਇੰਸਪੈਕਟਰ ਸਿੱਧੂ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮ ਇਸ ਸਮੇਂ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਵਿੱਚ ਬੰਦ ਹਨ। ਸਬ ਇੰਸਪੈਕਟਰ ਸੁਖਮੰਦਰ ਸਿੰਘ ਦੀ ਗ੍ਰਿਫ਼ਤਾਰੀ ਹੋਣ ਤੋਂ ਬਾਅਦ ਐਸਐਸਪੀ ਨੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਸੀ। ਐਸਟੀਐਫ਼ ਦੀ ਜਾਣਕਾਰੀ ਅਨੁਸਾਰ ਪੁਲੀਸ ਅਧਿਕਾਰੀਆਂ ’ਤੇ ਨਸ਼ਾ ਤਸਕਰੀ ਮਾਮਲੇ ਵਿੱਚ ਮੁਲਜ਼ਮ ਕੁਲਦੀਪ ਸਿੰਘ ਉਰਫ਼ ਦੀਪਾ ਨੂੰ 7 ਲੱਖ ਤੋਂ ਵੱਧ ਰਿਸ਼ਵਤ ਲੈ ਕੇ ਛੱਡਣ ਦਾ ਦੋਸ਼ ਹੈ। ਉਧਰ, ਨਸ਼ਾ ਤਸਕਰੀ ਮਾਮਲੇ ਵਿੱਚ ਮਹਿਲਾ ਮੁਲਜ਼ਮ ਵੱਲੋਂ ਅਦਾਲਤ ਵਿੱਚ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਦੇ ਨਾਮ ਦਾ ਜ਼ਿਕਰ ਕਰਦਿਆਂ ਰਿਸ਼ਵਤ ਦੇਣ ਦੀ ਗੱਲ ਆਖੀ ਸੀ। ਜਯੋਤੀ ’ਤੇ ਦੋਸ਼ ਹੈ ਕਿ ਉਸ ਨੇ ਇਸ ਮਾਮਲੇ ਵਿੱਚ ਵਿਚੋਲਗੀ ਦੀ ਭੂਮਿਕਾ ਨਿਭਾਉਂਦਿਆਂ 5 ਲੱਖ ਰੁਪਏ ਕੁਲਦੀਪ ਸਿੰਘ ਦੇ ਪਰਿਵਾਰ ਤੋਂ ਲੈ ਕੇ ਪੁਲੀਸ ਅਧਿਕਾਰੀ ਨੂੰ ਦਿੱਤੇ ਸਨ। ਪੁਲੀਸ ਨੇ ਪੈਸੇ ਲੈਣ ਮਗਰੋਂ ਨਸ਼ਾ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੁਲਦੀਪ ਸਿੰਘ ਦੀਪਾ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਐਸਟੀਐਫ਼ ਵੱਲੋਂ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮਨਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਦੀ ਪੁੱਛਗਿੱਛ ਤੋਂ ਬਾਅਦ ਜਯੋਤੀ ਨਾਂ ਦੀ ਅੌਰਤ ਦੀ ਸ਼ਮੂਲੀਅਤ ਸਾਹਮਣੇ ਆਈ ਸੀ, ਕਿਉਂਕਿ ਜਯੋਤੀ ਦੋਵਾਂ ਦੀ ਦੋਸਤ ਹੈ। ਉਧਰ, ਸਨੇਟਾ ਪੁਲੀਸ ਚੌਕੀ ਵਿੱਚ ਤਾਇਨਾਤੀ ਦੌਰਾਨ ਸਬ ਇੰਸਪੈਕਟਰ ਸੁਖਮੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਬੀਤੀ 27 ਜੁਲਾਈ ਨੂੰ ਮੀਡੀਆ ਨੂੰ ਫੋਟੋ ਅਤੇ ਲਿਖਤੀ ਬਿਆਨ ਜਾਰੀ ਕਰਕੇ ਇਕ ਨੌਜਵਾਨ ਨੂੰ ਪਿੱਠੂ ਬੈਗ ’ਚੋਂ 30 ਨਸ਼ੀਲੇ ਟੀਕੇ ਅਤੇ 85 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ। ਪ੍ਰੰਤੂ ਇਸ ਸਬੰਧੀ ਪੀੜਤ ਨੌਜਵਾਨ ਦੇ ਮਾਪਿਆਂ ਨੇ ਐਸਐਸਪੀ ਨੂੰ ਸ਼ਿਕਾਇਤ ਦੇ ਕੇ ਕਿਹਾ ਸੀ ਕਿ ਪੁਲੀਸ ਮੁਲਾਜ਼ਮਾਂ ਨੇ ਉਸਦੇ ਘਰ ਵਿੱਚ ਜਬਰੀ ਦਾਖ਼ਲ ਹੋ ਕੇ ਧੱਕੇਸ਼ਾਹੀ ਕਰਨ ਉਸ ਦੇ ਘਰ ਤੋਂ ਨਕਦੀ ਅਤੇ ਕੀਮਤੀ ਸਾਮਾਨ ਇਕੱਠਾ ਕਰਕੇ ਨਾਲ ਲਿਜਾਉਣ ਅਤੇ ਉਸ ਦੇ ਬੇਟੇ ’ਤੇ ਝੂਠਾ ਕੇਸ ਬਣਾਉਣ ਦਾ ਦੋਸ਼ ਲਾਇਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ