nabaz-e-punjab.com

ਡਰੱਗ ਤਸਕਰੀ: ਐਨਆਈਏ ਵੱਲੋਂ 6 ਮੁਲਜ਼ਮ ਪ੍ਰੋਡਕਸ਼ਨ ਵਰੰਟ ’ਤੇ ਗ੍ਰਿਫ਼ਤਾਰ

ਮੁਹਾਲੀ ਅਦਾਲਤ ਨੇ 3 ਮੁਲਜ਼ਮਾਂ ਨੂੰ ਜੇਲ੍ਹ ਭੇਜਿਆ, 3 ਮੁਲਜ਼ਮਾਂ ਦਾ 17 ਫਰਵਰੀ ਤੱਕ ਪੁਲੀਸ ਰਿਮਾਂਡ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਅੰਮ੍ਰਿਤਸਰ ਦੇ ਹੈਰੋਇਨ ਤਸਕਰੀ ਮਾਮਲੇ ਵਿੱਚ 6 ਮੁਲਜ਼ਮਾਂ ਜੱਜਬੀਰ ਸਿੰਘ ਵਾਸੀ ਤਰਨਤਾਰਨ, ਵਰਿੰਦਰ ਸਿੰਘ ਵਾਸੀ ਅੰਮ੍ਰਿਤਸਰ, ਹਰਪ੍ਰੀਤ ਸਿੰਘ ਵਾਸੀ ਮੋਗਾ, ਸਤਪਾਲ ਸਿੰਘ, ਨਿਰਮਲ ਸਿੰਘ ਵਾਸੀ ਬਟਾਲਾ ਅਤੇ ਹੀਰਾ ਲਾਲ ਵਾਸੀ ਅੰਮ੍ਰਿਤਸਰ ਨੂੰ ਪ੍ਰੋਡਕਸ਼ਨ ਵਰੰਟ ’ਤੇ ਗ੍ਰਿਫ਼ਤਾਰ ਕੀਤਾ ਗਿਆ। ਇਸ ਸਮੇਂ ਇਹ ਸਾਰੇ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸਨ। ਇਸ ਸਬੰਧੀ ਐਨਆਈਏ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਬੀਤੀ 22 ਜਨਵਰੀ ਨੂੰ ਨਵੇਂ ਸਿਰਿਓਂ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮਈ 2019 ਵਿੱਚ ਅੰਮ੍ਰਿਤਸਰ ਪੁਲੀਸ ਨੇ ਮੁਲਜ਼ਮ ਜੱਜਬੀਰ ਸਿੰਘ, ਵਰਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਇਸ ਮਾਮਲੇ ਦੀ ਜਾਂਚ ਐਨਆਈਏ ਦੇ ਸਪੁਰਦ ਕੀਤੀ ਗਈ ਹੈ।
ਅੱਜ ਉਕਤ ਮੁਲਜ਼ਮਾਂ ਨੂੰ ਮੁਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਐਨਆਈਏ ਦੀ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮਾਂ ਕੋਲੋਂ ਨਸ਼ਾ ਤਸਕਰੀ ਮਾਮਲੇ ਸਬੰਧੀ ਪੁੱਛਗਿੱਛ ਕਰਨੀ ਹੈ ਕਿ ਇਸ ਮਾਮਲੇ ਵਿੱਚ ਕੌਣ ਕੌਣ ਲੋਕ ਸ਼ਾਮਲ ਹਨ ਅਤੇ ਸਰਹੱਦ ਪਾਰ ਤੋਂ ਕਿਵੇਂ ਪੰਜਾਬ ਵਿੱਚ ਨਸ਼ਾ ਲਿਆਉਂਦੇ ਹਨ। ਇਸ ਮਾਮਲੇ ਵਿੱਚ ਪੈਸਿਆਂ ਦੇ ਲੈਣ ਦੇਣ ਵਿੱਚ ਸਤਪਾਲ ਸਿੰਘ, ਨਿਰਮਲ ਸਿੰਘ ਅਤੇ ਹੀਰਾ ਲਾਲ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ’ਤੇ ਦੋਸ਼ ਹੈ ਕਿ ਉਹ ਹਵਾਲਾ ਰਾਹੀਂ ਪੈਸਿਆਂ ਦਾ ਲੈਣ ਦੇਣ ਕਰਦੇ ਹਨ।
ਉਧਰ, ਬਚਾਅ ਪੱਖ ਦੇ ਵਕੀਲ ਰਣਜੋਧ ਸਿੰਘ ਸਰਾਓ ਨੇ ਮੁਲਜ਼ਮਾਂ ਦੇ ਪੁਲੀਸ ਰਿਮਾਂਡ ਦਾ ਵਿਰੋਧ ਕਰਦਿਆਂ ਐਨਆਈਏ ਮਨਘੜਤ ਕਹਾਣੀ ਦੇ ਆਧਾਰ ’ਤੇ ਮੁਲਜ਼ਮਾਂ ਨੂੰ ਝੂਠੇ ਕੇਸ ਵਿੱਚ ਫਸਾ ਰਹੀ ਹੈ ਜਦੋਂਕਿ ਪੰਜਾਬ ਪੁਲੀਸ ਪਹਿਲਾਂ ਹੀ ਪੁੱਛਗਿੱਛ ਕਰ ਚੁੱਕੀ ਹੈ। ਅਦਾਲਤ ਨੇ ਮੁਲਜ਼ਮ ਸਤਪਾਲ ਸਿੰਘ, ਨਿਰਮਲ ਸਿੰਘ ਅਤੇ ਹੀਰਾ ਲਾਲ ਨੂੰ 17 ਫਰਵਰੀ ਤੱਕ ਪੂਲੀਸ ਰਿਮਾਂਡ ’ਤੇ ਭੇਜ ਦਿੱਤਾ, ਜਦੋਂਕਿ ਜੱਜਬੀਰ ਸਿੰਘ, ਵਰਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਨਿਆਇਕ ਹਿਰਾਸਤ ਅਧੀਨ ਫਿਰ ਤੋਂ ਅੰਮ੍ਰਿਤਸਰ ਜੇਲ੍ਹ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਸਾਰੇ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਥਾਣਾ ਤਰਿਸਕਾ ਦੀ ਪੁਲੀਸ ਨੂੰ ਪਿਛਲੇ ਸਾਲ 31 ਮਈ 2019 ਨੂੰ ਗੁਪਤ ਸੂਚਨਾ ਮਿਲਣ ਤੋਂ ਬਾਅਦ ਨਾਕਾਬੰਦੀ ਦੌਰਾਨ ਜੱਜਬੀਰ ਸਿੰਘ, ਵਰਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਵਰਨਾ ਕਾਰ ਵਿੱਚ ਸਵਾਰ ਹੋ ਕੇ ਆਪਣੇ ਗਾਹਕਾਂ ਨੂੰ ਚਿੱਟੇ ਦੀ ਸਪਲਾਈ ਦੇਣ ਜਾ ਰਹੇ ਸੀ। ਇਨ੍ਹਾਂ ਮੁਲਜ਼ਮਾਂ ਦੀ ਪੁੱਛਗਿੱਛ ਤੋਂ ਬਾਅਦ ਪੁਲੀਸ ਨੇ ਸਤਪਾਲ ਸਿੰਘ, ਨਿਰਮਲ ਸਿੰਘ ਅਤੇ ਹੀਰਾ ਲਾਲ ਨੂੰ ਵੀ ਨਾਮਜ਼ਦ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…