ਮੁਹਾਲੀ ਪ੍ਰਸ਼ਾਸਨ ਨੇ ਜਗਤਪੁਰਾ ਕਲੋਨੀ ਦੇ ਗ਼ਰੀਬ ਪਰਿਵਾਰਾਂ ਨੂੰ ਦਿੱਤਾ ਸੁੱਕਾ ਰਾਸ਼ਨ

ਰਾਧਾ ਸੁਆਮੀ ਸਤਿਸੰਗ ਭਵਨ ਵੱਲੋਂ ਵੀ ਰੋਜ਼ਾਨਾ ਇਕ ਵੇਲੇ ਦਾ ਪਰੋਸਿਆ ਜਾ ਰਿਹਾ ਹੈ ਗ਼ਰੀਬਾਂ ਨੂੰ ਖਾਣਾ

ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਦੀ ਇਹ ਪੂਰੀ ਕੋਸ਼ਿਸ਼ ਹੈ ਕਿ ਕੋਈ ਵਿਅਕਤੀ ਭੁੱਖਾ ਨਾ ਰਹੇ: ਹਿਤੇਨ ਕਪਿਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ:
ਮੁਹਾਲੀ ਪ੍ਰਸ਼ਾਸਨ ਨੇ ਪਹਿਲਕਦਮੀ ਕਰਦਿਆਂ ਮੰਗਲਵਾਰ ਨੂੰ ਪਿੰਡ ਜਗਤਪੁਰਾ ਅਤੇ ਕਲੋਨੀ ਨੇੜਿਓਂ ਲੰਘਦੇ ਗੰਦੇ ਪਾਣੀ ਦੇ ਨਾਲੇ ਕੰਢੇ ਕਿਰਾਏ ਦੇ ਮਕਾਨਾਂ ਵਿੱਚ ਰਹਿੰਦੇ ਗਰੀਬ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਪੁੱਜਦਾ ਕੀਤਾ ਗਿਆ ਹੈ। ਬਲਾਕ ਵਿਕਾਸ ਤੇ ਪੰਚਾਇਤਾ ਅਫ਼ਸਰ (ਬੀਡੀਪੀਓ)-ਕਮ-ਨੋਡਲ ਅਫ਼ਸਰ ਹਿਤੇਨ ਕਪਿਲਾ ਨੇ ਦੱਸਿਆ ਕਿ ਜਗਤਪੁਰਾ ਵਿੱਚ ਹੁਣ ਤੱਕ ਕਿਸੇ ਲੋੜਵੰਦ ਪਰਿਵਾਰ ਨੂੰ ਖਾਣਾ ਅਤੇ ਸੁੱਕਾ ਰਾਸ਼ਨ ਨਾ ਮਿਲਣ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਹੈ ਪ੍ਰੰਤੂ ਇਸ ਦੇ ਬਾਵਜੂਦ ਅੱਜ ਅਖ਼ਬਾਰਾਂ ਵਿੱਚ ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਪੰਚਾਇਤ ਸਕੱਤਰ ਭੁਪਿੰਦਰ ਸਿੰਘ ਰਾਹੀਂ ਜਗਤਪੁਰਾ ਵਿੱਚ ਰਹਿੰਦੇ ਗਰੀਬ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਮੁਹੱਈਆ ਕਰਵਾਇਆ ਗਿਆ ਹੈ। ਅੱਜ 75 ਤੋਂ ਜ਼ਿਆਦਾ ਵਿਅਕਤੀਆਂ ਨੂੰ ਸੁੱਕਾ ਰਾਸ਼ਨ ਦਿੱਤਾ ਗਿਆ ਹੈ। ਇਹ ਉਹ ਵਿਅਕਤੀ ਹਨ ਜਿਨ੍ਹਾਂ ਬਾਰੇ ਸ਼ਿਕਾਇਤ ਕਰਤਾ ਰਣਜੀਤ ਸਿੰਘ ਨੇ ਪ੍ਰਸ਼ਾਸਨ ਨੂੰ ਸੂਚੀ ਤਿਆਰ ਕਰਕੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਾਕੀ ਪਰਿਵਾਰਾਂ ਨੂੰ ਵੀ ਪੜਾਅਵਾਰ ਜਲਦੀ ਹੀ ਰਾਸ਼ਨ ਮੁਹੱਈਆ ਕੀਤਾ ਜਾਵੇਗਾ।
ਬੀਡੀਪੀਓ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਉਨ੍ਹਾਂ ਕੋਲ ਮੁਹਾਲੀ ਸਮੇਤ ਖਰੜ ਅਤੇ ਘੜੂੰਆਂ ਕਾਨੂੰਗੋਈ ਦੇ ਚਮਕੌਰ ਸਾਹਿਬ ਹਲਕੇ ਵਿੱਚ ਆਉਂਦੇ ਕਾਫੀ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦਾ ਚਾਰਜ ਹੈ। ਜਿਨ੍ਹਾਂ ਵਿੱਚ ਸਲੱਮ ਏਰੀਆ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲਗਭਗ 14 ਲੱਖ ਵਿਅਕਤੀਆਂ ਨੂੰ ਤਿਆਰ ਕੀਤਾ ਖਾਣਾ ਅਤੇ ਸੁੱਕਾ ਰਾਸ਼ਨ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਰੋਜ਼ਾਨਾ ਹੀ ਕਿਸੇ ਨਾ ਕਿਸੇ ਹਿੱਸੇ ਵਿੱਚ ਲੋੜਵੰਦਾਂ ਨੂੰ ਰਾਸ਼ਨ ਪੁੱਜਦਾ ਕੀਤਾ ਜਾ ਰਿਹਾ ਹੈ। ਫਿਰ ਵੀ ਜੇਕਰ ਕੋਈ ਵਿਅਕਤੀ ਰਾਸ਼ਨ ਮਿਲਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਸਿੱਧੇ ਤੌਰ ’ਤੇ ਪ੍ਰਸ਼ਾਸਨ ਨਾਲ ਤਾਲਮੇਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਜਾਣਕਾਰੀ ਮਿਲਣ ’ਤੇ ਸਬੰਧਤ ਵਿਅਕਤੀਆਂ ਨੂੰ ਲੋੜ ਅਨੁਸਾਰ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਕੋਈ ਵਿਅਕਤੀ ਭੁੱਖਾ ਨਾ ਰਹੇ।
ਸਮਾਜ ਸੇਵੀ ਆਗੂ ਰਣਜੀਤ ਸਿੰਘ ਜਗਤਪੁਰਾ ਨੇ ਦੱਸਿਆ ਕਿ ਅੱਜ ਮੁਹਾਲੀ ਪ੍ਰਸ਼ਾਸਨ ਵੱਲੋਂ ਜਗਤਪੁਰਾ ਨਾਲੇ ਨੇੜੇ ਰਹਿੰਦੇ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕੀਤਾ ਗਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਜਗਤਪੁਰਾ ਦੇ ਕਪਿਲ ਸ਼ਰਮਾ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਜਗਤਪੁਰਾ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਹੋਇਆ ਹੈ ਅਤੇ ਸਾਰੇ ਐਂਟਰੀ ਪੁਆਇੰਟਾਂ ’ਤੇ ਤਾਇਨਾਤ ਸੀਆਰਪੀਐਫ਼ ਅਤੇ ਪੰਜਾਬ ਪੁਲੀਸ ਦੇ ਜਵਾਨ ਕਿਸੇ ਵੀ ਵਿਅਕਤੀ ਨੂੰ ਜਗਤਪੁਰਾ ’ਚੋਂ ਬਾਹਰ ਆਉਣ ਜਾਣ ਨਹੀਂ ਦੇ ਰਹੇ ਹਨ। ਜਿਸ ਕਾਰਨ ਗਰੀਬ ਲੋਕਾਂ ਨੂੰ ਆਪਣੇ ਪਰਿਵਾਰਾਂ ਦੀ ਰੋਜ਼ੀ ਰੋਟੀ ਦਾ ਫਿਕਰ ਸਤਾ ਰਿਹਾ ਹੈ। ਇਹੀ ਨਹੀਂ ਪੁਲੀਸ ਦੁਕਾਨਾਂ ਵੀ ਖੋਲ੍ਹਣ ਨਹੀਂ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਰਾਧਾ ਸੁਆਮੀ ਸਤਿਸੰਗ ਭਵਨ ਦੇ ਪੈਰੋਕਾਰਾਂ ਵੱਲੋਂ ਰੋਜ਼ਾਨਾ ਸ਼ਾਮ ਨੂੰ ਇਕ ਵੇਲੇ ਦਾ ਖਾਣਾ ਪਰੋਸਿਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In Food and health

Check Also

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਤ ਗਰਮ…