
ਡੀਐਸਪੀ ਦਿਲਸ਼ੇਰ ਸਿੰਘ ਨੇ ਨਵਜੋਤ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਚੰਡੀਗੜ੍ਹ ਦੇ ਡੀਐਸਪੀ ਦਿਲਸ਼ੇਰ ਸਿੰਘ ਨੇ ਜਿਗਰਾ ਦਿਖਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਦਿਲਸ਼ੇਰ ਸਿੰਘ ਦੇ ਵਕੀਲ ਰੰਜੀਵਨ ਸਿੰਘ ਨੇ ਦੱਸਿਆ ਕਿ ਬੀਤੀ 18 ਦਸੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਨਵਤੇਜ ਸਿੰਘ ਚੀਮਾ ਵੱਲੋਂ ਕਰਵਾਈ ਗਈ ਰੈਲੀ ਮੌਕੇ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਸ੍ਰੀ ਚੀਮਾ ਵੱਲ ਇਸ਼ਾਰਾ ਕਰਦਿਆਂ ਕਿਹਾ ਸੀ ਕਿ ਜੇਕਰ ਇਹ ਗੱਭਰੂ ਇਕ ਖੰਗੂਰਾ ਵੀ ਮਾਰ ਦੇਵੇ ਤਾਂ ਥਾਣੇਦਾਰ ਦੀ ਪੈਂਟ ਗਿੱਲੀ ਕਰ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਸਿੱਧੂ ਦੀ ਇਸ ਟਿੱਪਣੀ ਕਾਰਨ ਉਨ੍ਹਾਂ ਦੇ ਮੁਵਕਿਲ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਇਸ ਲਈ ਨਵਜੋਤ ਸਿੱਧੂ ਨੂੰ ਕਾਨੂੰਨੀ ਨੋਟਿਸ ਭੇੇਜ ਕੇ ਜਨਤਕ ਤੌਰ ’ਤੇ ਬਿਨਾ ਸ਼ਰਤ ਮੁਆਫ਼ੀ ਮੰਗਣ ਜਾਂ ਫਿਰ ਮੁਕੱਦਮੇ ਦਾ ਸਾਹਮਣਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਨੇ ਅਜਿਹੀ ਟਿੱਪਣੀ ਕਰਕੇ ਪੁਲੀਸ ਫੋਰਸ ਦਾ ਮਨੋਬਲ ਡੇਗਣ ਦਾ ਯਤਨ ਕੀਤਾ ਹੈ ਅਤੇ ਉਨ੍ਹਾਂ ਦੀ ਇਹ ਬਜਰ ਗਲਤੀ ਸਾਧਾਰਨ ਮੁਆਫ਼ੀ ਦੇ ਯੋਗ ਨਹੀਂ ਹੈ।