ਡੀਟੀਸੀ ਦੇ ਵਰਕਰਾਂ ਨੇ ਪੰਜਾਬ ਦੇ ਲੋਕਾਂ ਨੂੰ ਕੀਤੀ ਸੋਚ-ਸਮਝ ਕੇ ਵੋਟ ਪਾਉਣ ਦੀ ਅਪੀਲ

ਦਿੱਲੀ ਦੇ ਮੁਲਾਜ਼ਮਾਂ ਨੇ ਕੇਜਰੀਵਾਲ ’ਤੇ ਲਾਇਆ ਵਾਅਦਾਖ਼ਿਲਾਫ਼ੀ ਦਾ ਦੋਸ਼, 17 ਹਜ਼ਾਰ ਮੁਲਾਜ਼ਮ ਪੱਕੇ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ:
ਦਿੱਲੀ ਸਰਕਾਰ ਦੇ ਟਰਾਂਸਪੋਰਟ ਕਾਰਪੋਰੇਸ਼ਨ ਵਿੱਚ ਕੰਮ ਕਰਦੇ ਪੱਕੇ ਅਤੇ ਕੱਚੇ ਮੁਲਾਜ਼ਮਾਂ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਉਤੇ ਵਾਅਦਾਖਿਲਾਫੀ ਦਾ ਦੋਸ਼ ਲਗਾਇਆ ਹੈ। ਅੱਜ ਇੱਥੇ ਮੁਹਾਲੀ ਪ੍ਰੈਸ ਕਲੱਬ ਵਿੱਚ ਇਕ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦੇ ਹੋਏ ਡੀਟੀਸੀ ਵਰਕਰ ਯੂਨਿਟੀ ਸੈਂਟਰ (ਏਕਟੂ) ਦੇ ਜਨਰਲ ਸਕੱਤਰ ਰਾਜੇਸ਼ ਚੋਪੜਾ, ਸਕੱਤਰ ਨਰੇਸ਼ ਕੁਮਾਰ, ਕੈਸ਼ੀਅਰ ਵਿਨੋਦ ਕੁਮਾਰ ਅਤੇ ਏਆਈਸੀਸੀਟੀਯੂ ਦਿੱਲੀ ਦੇ ਆਗੂ ਅਭਿਸ਼ੇਕ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ 2015 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਸਮੇਂ ਸਾਰੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਅੱਜ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਨੂੰ ਵੀ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੀ ਯੂਨੀਅਨ ਵੱਲੋਂ ਅਨੇਕਾਂ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਿਰਤ ਮੰਤਰੀ ਤੇ ਉਪ ਮੁੱਖ ਮੰਤਰੀ ਮੁਨੀਸ਼ ਸਿਸ਼ੋਦੀਆ ਸਮੇਤ ਹੋਰ ਮੰਤਰੀਆਂ ਨਾਲ ਆਪਣੀਆਂ ਹੱਕੀ ਮੰਗਾਂ ਲਈ ਗੱਲਬਾਤ ਕਰਨ ਦਾ ਸਮਾਂ ਮੰਗਿਆ, ਪ੍ਰੰਤੂ ਸਾਨੂੰ ਨਿਰਾਸ਼ਾ ਹੀ ਮਿਲੀ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਇੱਥੇ ਪ੍ਰੈਸ ਕਾਨਫਰੰਸ ਕਰਨ ਦਾ ਮਕਸਦ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਜਰੀਵਾਲ ਵੱਲੋਂ ਕੀਤੇ ਜਾ ਰਹੇ ਝੂਠੇ ਵਾਅਦਿਆਂ ਤੋਂ ਚੌਕਸ ਕੀਤਾ ਜਾਵੇ। ਜਿਸ ਨੇ ਸਾਡੀਆਂ ਰੈਲੀਆਂ, ਮੀਟਿੰਗਾਂ ਵਿੱਚ ਆ ਕੇ ਸਾਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਅੱਜ ਉਸ ਕੋਲ ਸਾਡੀ ਗੱਲ ਸੁਣਨ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਆਉਣ ਤੋਂ ਬਾਅਦ ਦਿੱਲੀ ਟਰਾਂਸਪੋਰਟ ਵਿੱਚ ਨਵੀਂਆਂ ਬੱਸਾਂ ਦਾ ਵਾਧਾ ਨਹੀਂ ਕੀਤਾ ਗਿਆ।
ਉਨ੍ਹਾਂ ਮੰਗ ਕੀਤੀ ਕਿ 17 ਹਜ਼ਾਰ ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, ਖਟਾਰਾ ਬੱਸਾਂ ਦੀ ਥਾਂ 11 ਹਜ਼ਾਰ ਨਵੀਆਂ ਬੱਸਾਂ ਪਾਈਆਂ ਜਾਣ, ਮੁਲਾਜ਼ਮਾਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਏਆਈਸੀਸੀਟੀਯੂ ਚੰਡੀਗੜ੍ਹ ਦੇ ਪ੍ਰਧਾਨ ਕੰਵਲਜੀਤ ਸਿੰਘ, ਜਨਰਲ ਸਕੱਤਰ ਸਤੀਸ਼ ਕੁਮਾਰ ਅਤੇ ਏਆਈਸੀਸੀਟੀਯੂ ਦੇ ਕੌਮੀ ਮੈਂਬਰ ਜੀਵਾ ਰਾਜ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…