nabaz-e-punjab.com

ਪੰਜਾਬ ਵਿੱਚ ਧੁੰਦ ਤੇ ਠੰਢ ਕਾਰਨ 15 ਜਨਵਰੀ ਤੱਕ ਸਾਰੇ ਸਕੂਲਾਂ ਦਾ ਸਮਾਂ ਬਦਲਿਆ

ਸੂਬੇ ਵਿੱਚ ਪਹਿਲਾਂ ਹੀ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ:
ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਠੰਢ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇਸ ਵਾਰ ਠੰਢ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਕੜਾਕੇ ਦੀ ਠੰਢ ਕਾਰਨ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਗਈ ਹੈ। ਇਸ ਸਬੰਧੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਿੱਥੇ ਬੀਤੀ 19 ਦਸੰਬਰ ਨੂੰ ਇਕ ਹੁਕਮ ਜਾਰੀ ਕਰਕੇ ਪੰਜਾਬ ਰਾਜ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੋਇਆ ਹੈ, ਉੱਥੇ ਹੁਣ ਵਿਦਿਆਰਥੀਆਂ ਨੂੰ ਠੰਢ ਤੋਂ ਬਚਾਅ ਲਈ ਸਾਰੇ ਸਕੂਲਾਂ ਦਾ ਸਵੇਰੇ ਲੱਗਣ ਅਤੇ ਛੁੱਟੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਭਲਕੇ 24 ਦਸੰਬਰ ਤੋਂ ਲੈ ਕੇ 15 ਜਨਵਰੀ 2020 ਤੱਕ ਸਮੂਹ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਡੀਪੀਆਈ ਵੱਲੋਂ ਅੱਜ ਜਾਰੀ ਪੱਤਰ ਅਨੁਸਾਰ ਭਲਕੇ 24 ਦਸੰਬਰ ਤੋਂ 15 ਜਨਵਰੀ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤਾ ਗਿਆ ਹੈ। ਇੰਝ ਹੀ ਸਾਰੇ ਐਲੀਮੈਂਟਰੀ/ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਲੱਗਣਗੇ ਅਤੇ ਬਾਅਦ ਦੁਪਹਿਰ 4 ਵਜੇ ਛੁੱਟੀ ਹੋਵੇਗੀ। ਡੀਪੀਆਈ ਨੇ ਤਾਜ਼ਾ ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਡਬਲ ਸ਼ਿਫ਼ਟ ਵਿੱਚ ਚੱਲਣ ਵਾਲੇ ਸਾਰੇ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ।
ਡੀਪੀਆਈ ਦੇ ਪਹਿਲੇ ਪੱਤਰ ਅਨੁਸਾਰ ਪੰਜਾਬ ਰਾਜ ਦੇ ਸਮੂਹ ਸਰਕਾਰੀ, ਏਡਿਡ, ਪ੍ਰਾਈਵੇਟ, ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਾਲ 2019 ਦੌਰਾਨ 25 ਦਸੰਬਰ ਤੋਂ 31 ਦਸੰਬਰ ਤੱਕ 7 ਦਿਨਾਂ ਲਈ ਸਰਦੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਸਿੱਖਿਆ ਮੰਤਰੀ, ਸਿੱਖਿਆ ਵਿਭਾਗ ਦੇ ਸਕੱਤਰ, ਡੀਜੀਐਸਈ, ਡੀਪੀਆਈ (ਐਲੀਮੈਂਟਰੀ), ਐਸਸੀਈਆਰਟੀ ਪੰਜਾਬ ਦੇ ਡਾਇਰੈਕਟਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਸਮੇਤ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਮੇਤ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਭੇਜ ਕੇ ਹੁਕਮਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਉਧਰ, ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪੈਂਦੇ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਗਿਆ ਹੈ। ਡੀਸੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਧੁੰਦ ਜ਼ਿਆਦਾ ਪੈਣ ਕਾਰਨ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਸਮੁੱਚੇ ਜ਼ਿਲ੍ਹੇ ਅੰਦਰ ਪੈਂਦੇ ਸਾਰੇ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ, ਜੋ 6 ਜਨਵਰੀ 2020 ਤੱਕ ਲਾਗੂ ਰਹਿਣਗੇ।
ਦੂਜੇ ਪਾਸੇ ਸਿੱਖਿਆ ਵਿਭਾਗ ਵੱਲੋਂ ਜਾਰੀ ਲਿਖਤੀ ਜਾਣਕਾਰੀ ਅਨੁਸਾਰ ਛੋਟੇ ਬੱਚਿਆਂ ਦੀ ਸੁਵਿਧਾ ਲਈ ਪ੍ਰਾਇਮਰੀ ਸਕੂਲ ਸਵੇਰੇ 10 ਤੋਂ ਬਾਅਦ ਦੁਪਹਿਰ 3 ਵਜੇ ਤੱਕ ਲੱਗਣਗੇ ਅਤੇ ਐਲੀਮੈਂਟਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਹੋਵੇਗਾ ਅਤੇ ਇਹ ਹੁਕਮ 15 ਜਨਵਰੀ ਤੱਕ ਲਾਗੂ ਰਹਿਣਗੇ। ਪ੍ਰੰਤੂ ਜ਼ਿਲ੍ਹਾ ਮੈਜਿਸਟਰੇਟ ਨੇ 6 ਜਨਵਰੀ ਤੱਕ ਸਿਰਫ਼ ਪ੍ਰਾਇਮਰੀ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿਸ ਕਾਰਨ ਸਕੂਲ ਮੁਖੀਆਂ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਭੰਬਲਭੂਸਾ ਪਾਇਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…