
ਸੁਰੱਖਿਆ ਦੇ ਮੱਦੇਨਜ਼ਰ ਮੁਹਾਲੀ ਅਦਾਲਤ ’ਚ ਪੇਸ਼ ਨਹੀਂ ਹੋ ਸਕੇ ਜਗਤਾਰ ਸਿੰਘ ਹਵਾਰਾ
ਜਗਤਾਰ ਸਿੰਘ ਹਵਾਰਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਅਦਾਲਤ ਵਿੱਚ ਪੇਸ਼ੀ ਭੁਗਤੀ
ਨਬਜ਼-ਏ-ਪੰਜਾਬ, ਮੁਹਾਲੀ, 10 ਅਗਸਤ:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਨਜ਼ਰਬੰਦ ਜਗਤਾਰ ਸਿੰਘ ਹਵਾਰਾ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਅਦਾਲਤ ਵਿੱਚ ਪੇਸ਼ੀ ਭੁਗਤੀ। ਇਸ ਸਿੱਖ ਨੌਜਵਾਨ ਖ਼ਿਲਾਫ਼ ਮੁਹਾਲੀ ਅਦਾਲਤ ਵਿੱਚ ਦੋ ਵੱਖੋ-ਵੱਖ ਅਪਰਾਧਿਕ ਕੇਸ ਚੱਲ ਰਹੇ ਹਨ। ਅਸਲਾ ਐਕਟ ਤਹਿਤ ਸੋਹਾਣਾ ਥਾਣੇ ਵਿੱਚ ਪਰਚਾ ਦਰਜ ਹੈ ਜਦੋਂਕਿ ਦੂਜਾ ਕੇਸ ਆਰਡੀਐਕਸ ਦਾ ਖਰੜ ਥਾਣੇ ਵਿੱਚ ਦਰਜ ਹੈ। ਮੁਹਾਲੀ ਅਦਾਲਤ ਨੇ ਇਨ੍ਹਾਂ ਦੋਵੇਂ ਕੇਸਾਂ ਦੀ ਸੁਣਵਾਈ ਲਈ 28 ਅਗਸਤ ਦਾ ਦਿਨ ਨਿਰਧਾਰਿਤ ਕੀਤਾ ਹੈ। ਬਚਾਅ ਪੱਖ ਵੱਲੋਂ ਸੀਨੀਅਰ ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਗੁਰਸ਼ਰਨ ਸਿੰਘ, ਦਿਲਸ਼ੇਰ ਸਿੰਘ ਜੰਡਿਆਲਾ ਅਤੇ ਬੀਬੀ ਕੁਲਵਿੰਦਰ ਕੌਰ ਹਵਾਰਾ ਕੇਸ ਦੀ ਪੈਰਵਾਈ ਕਰ ਰਹੇ ਹਨ।
ਬਚਾਅ ਪੱਖ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਕੇ.ਕੇ. ਸਿੰਗਲਾ ਨੇ ਉਕਤ ਦੋਵੇਂ ਕੇਸਾਂ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਸੀ ਪ੍ਰੰਤੂ ਕੇਂਦਰੀ ਜੇਲ੍ਹ ਮੰਡੋਲੀ, ਦਿੱਲੀ ਦੇ ਜੇਲ੍ਹ ਸੁਪਰਡੈਂਟ ਵੱਲੋਂ ਅਦਾਲਤ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ 15 ਅਗਸਤ ਦੇ ਮੱਦੇਨਜ਼ਰ ਜ਼ਿਆਦਾਤਰ ਪੁਲੀਸ ਜਵਾਨਾਂ ਦੀ ਡਿਊਟੀ ਸੁਰੱਖਿਆ ਪ੍ਰਬੰਧਾਂ ਲਈ ਲਗਾਈ ਗਈ ਹੈ। ਜਿਸ ਕਾਰਨ ਪੁਲੀਸ ਫੋਰਸ ਦੀ ਘਾਟ ਦੇ ਚੱਲਦਿਆਂ ਜਗਤਾਰ ਸਿੰਘ ਹਵਾਰਾ ਨੂੰ ਅੱਜ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਸਕਦਾ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਸ ਦੀ ਸੁਣਵਾਈ 28 ਅਗਸਤ ’ਤੇ ਅੱਗੇ ਪਾ ਦਿੱਤੀ।
ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਹਵਾਰਾ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਇਨ੍ਹਾਂ ਮਾਮਲਿਆਂ ਵਿੱਚ ਹਾਲੇ ਤੱਕ ਜ਼ਿਲ੍ਹਾ ਪੁਲੀਸ ਮੁਹਾਲੀ ਹਵਾਰਾ ਕੋਲੋਂ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਵੀ ਨਹੀਂ ਕਰ ਸਕੀ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਸਿੱਖ ਨੌਜਵਾਨ ਅਦਾਲਤ ਵੱਲੋਂ ਦਿੱਤੀ ਸਜ਼ਾ ਭੁਗਤ ਚੁੱਕਾ ਹੈ ਲੇਕਿਨ ਇਸ ਦੇ ਬਾਵਜੂਦ ਹਵਾਰਾ ਸਮੇਤ ਹੋਰਨਾਂ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਿੱਖਾਂ ਅਤੇ ਹੋਰਨਾਂ ਧਰਮਾਂ ਦੇ ਲੋਕਾਂ ਲਈ ਵੱਖੋ-ਵੱਖਰੇ ਕਾਨੂੰਨ ਹਨ। ਉਨ੍ਹਾਂ ਦੇਸ਼ ਦੀ ਸਿਖਰਲੀ ਅਦਾਲਤ ਤੋਂ ਮੰਗ ਕੀਤੀ ਕਿ ਆਪਣੀਆਂ ਸਜ਼ਾ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਨਜ਼ਰਬੰਦ ਕਰਕੇ ਜੇਲ੍ਹਾਂ ਵਿੱਚ ਡੱਕੀ ਰੱਖਣ ਸਬੰਧੀ ਗੰਭੀਰ ਨੋਟਿਸ ਲੈ ਕੇ ਤੁਰੰਤ ਰਿਹਾਈ ਦੇ ਆਦੇਸ਼ ਜਾਰੀ ਕੀਤੇ ਜਾਣ।
ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਅਤੇ ਇਨਸਾਫ਼ ਪਸੰਦ ਲੋਕ ਇਸੇ ਸਾਲ ਬੀਤੀ 7 ਜਨਵਰੀ ਤੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ ਅਤੇ 15 ਅਗਸਤ ਨੂੰ ਆਜ਼ਾਦੀ ਦਿਹਾੜਾ ਕਾਲੇ ਦਿਨ ਵਜੋਂ ਮਨਾਉਣ ਅਤੇ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ।