
ਦੁਕਾਨਦਾਰਾਂ ਵੱਲੋਂ ਮੈਨਹੋਲ ਵਿੱਚ ਕਚਰਾ ਸੁੱਟਣ ਕਾਰਨ ਪਾਣੀ ਦੀ ਨਿਕਾਸੀ ਰੁਕੀ, ਲੋਕ ਅੌਖੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ:
ਇੱਥੋਂ ਦੇ ਫੇਜ਼-5 ਦੀ ਮਾਰਕੀਟ ਵਿੱਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੀ ਰਹਿੰਦ-ਖਹੂੰਦ\ਕਚਰਾ ਆਦਿ ਮੈਨਹੋਲ ਵਿੱਚ ਸੁੱਟਣ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਬੰਦ ਹੋਣ ਕਾਰਨ ਸਥਾਨਕ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੰਦਾ ਪਾਣੀ ਓਵਰਫਲੋ ਹੋ ਕੇ ਸੜਕ ’ਤੇ ਆ ਗਿਆ ਹੈ। ਸੂਚਨਾ ਮਿਲਦੇ ਹੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਬੀਬੀ ਪ੍ਰਭਜੋਤ ਕੌਰ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ। ਲੋਕਾਂ ਨੇ ਦੱਸਿਆ ਕਿ ਅਕਸਰ ਬਰਸਾਤ ਦੇ ਮੌਸਮ ਵਿੱਚ ਸ਼ਹਿਰ ਵਾਸੀਆਂ ਨੂੰ ਗੰਦਾ ਪਾਣੀ ਜਮ੍ਹਾ ਹੋਣ ਕਾਰਨ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਬੀਬੀ ਪ੍ਰਭਜੋਤ ਕੌਰ ਨੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਸੱਦ ਕੇ ਹਾਲਾਤਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨਗਰ ਨਿਗਮ ਦੀ ਮਾੜੀ ਕਾਰਗੁਜ਼ਾਰੀ ’ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਦੀ ਇਸ ਸਮੱਸਿਆ ਨੂੰ ਅੱਖੋਂ-ਪਰੋਖੇ ਕਰਕੇ ਸਾਰਾ ਕੰਮ ਰੱਬ ਸਹਾਰੇ ਛੱਡ ਰੱਖਿਆ ਹੈ। ਉਨ੍ਹਾਂ ਕਿਹਾ ਕਿ ਨਿਗਮ ਅਧਿਕਾਰੀਆਂ ਅਤੇ ਸਬੰਧਤ ਸਟਾਫ਼ ਦੀ ਇਸ ਲਾਪਰਵਾਹੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਬਰਸਾਤੀ ਪਾਣੀ ਦੀ ਨਿਕਾਸੀ ਲਈ ਰੋਡ ਗਲੀਆਂ ਦੀ ਸਫ਼ਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦੀ ਰਹਿੰਦ-ਖਹੂੰਦ ਅਤੇ ਕੂੜਾ ਕਰਕਟ ਮੈਨਹੋਲ ਅਤੇ ਸੜਕਾਂ ਕਿਨਾਰੇ ਨਾ ਸੁੱਟਿਆ ਜਾਵੇ।