ਘਰੇਲੂ ਤੇ ਕਮਰਸ਼ੀਅਲ ਗੈਸ ਕੀਮਤ ’ਚ ਵਾਧਾ ਕਰਕੇ ਲੋਕਾਂ ਦਾ ਲੱਕ ਤੋੜਿਆ: ਕੁਲਜੀਤ ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੇਂਦਰ ਸਰਕਾਰ ਵੱਲੋਂ ਘਰੇਲੂ ਤੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਹੁਕਮਰਾਨ ਮਹਿੰਗਾਈ ਦੇ ਇਸ ਯੁੱਗ ਵਿੱਚ ਲੋਕਾਂ ਦਾ ਲੱਕ ਤੋੜਨ ’ਤੇ ਲੱਗੇ ਹੋਏ ਹਨ। ਜਦੋਂਕਿ ਭਾਜਪਾ ਨੇ ਅੱਛੇ ਦਿਨ ਆਉਣ ਦੀ ਗੱਲ ਕਹੀ ਸੀ। ਬੇਦੀ ਨੇ ਕਿਹਾ ਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਹੋਇਆ ਹੈ ਜਦੋਂਕਿ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 350 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤਰ੍ਹਾਂ ਹੁਣ ਘਰੇਲੂ ਸਿਲੰਡਰ ਦੀ ਕੀਮਤ 1103 ਰੁਪਏ ਪ੍ਰਤੀ ਸਿਲੰਡਰ ਹੋਵੇਗੀ। ਵਧੀਆਂ ਕੀਮਤਾਂ ਨਾਲ ਇੱਕ ਵਾਰ ਫਿਰ ਲੋਕਾਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ।
ਕੁਲਜੀਤ ਬੇਦੀ ਨੇ ਕਿਹਾ ਕਿ ਮਹਿੰਗਾਈ ਸਿਖਰ ’ਤੇ ਪਹੁੰਚ ਗਈ ਹੈ ਅਤੇ ਲੋਕਾਂ ਦੀਆਂ ਥਾਲੀਆਂ ’ਚੋਂ ਸਬਜ਼ੀਆਂ ਅਤੇ ਦਾਲਾਂ ਗਾਇਬ ਹੋ ਚੁੱਕੀਆਂ ਹਨ। ਹੁਣ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਕਰਕੇ ਕੇਂਦਰ ਸਰਕਾਰ ਵੱਲੋਂ ਮੁੜ ਆਮ ਆਦਮੀ ਦੀ ਜੇਬ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਲਗਾਤਾਰ ਵਧਾਏ ਜਾ ਰਹੇ ਤੇਲ, ਗੈਸ ਦੀਆਂ ਕੀਮਤਾਂ ਕਾਰਨ ਆਮ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਨੋਟਬੰਦੀ, ਜੀਐਸਟੀ ਅਤੇ ਕਰੋਨਾ ਦੀ ਮਾਰ ਕਾਰਨ ਲੋਕਾਂ ਦੇ ਘਰ ਦਾ ਬਜਟ ਹਿੱਲ ਗਿਆ ਸੀ ਅਤੇ ਹੁਣ ਦੁਬਾਰਾ ਤੋਂ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਕਰਕੇ ਗਰੀਬ ਲੋਕਾਂ ਦਾ ਕਚੂਮਰ ਕੱਢਿਆ ਜਾ ਰਿਹਾ ਹੈ।
ਡਿਪਟੀ ਮੇਅਰ ਨੇ ਕਿਹਾ ਕਿ ਇੱਕ ਪਾਸੇ ਬੇਰੁਜ਼ਗਾਰੀ ਸਿਖਰ ’ਤੇ ਹੈ, ਦੂਜੇ ਪਾਸੇ ਤਨਖ਼ਾਹਾਂ ਘਟਦੀਆਂ ਜਾ ਰਹੀਆਂ ਹਨ। ਜਿਸ ਕਾਰਨ ਲੋਕਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ ਪ੍ਰੰਤੂ ਹੁਣ ਕੇਂਦਰ ਸਰਕਾਰ ਨੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਬਲਦੀ ’ਤੇ ਤੇਲ ਪਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਗੈਸ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਵਾਪਸ ਲਿਆ ਜਾਵੇ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…