Share on Facebook Share on Twitter Share on Google+ Share on Pinterest Share on Linkedin ਲਿੰਕ ਸੜਕ ਦੀ ਖਸਤਾ ਹਾਲਤ ਕਾਰਨ ਇਲਾਕੇ ਦੇ ਲੋਕ ਤੇ ਰਾਹਗੀਰ ਡਾਢੇ ਪ੍ਰੇਸ਼ਾਨ ਸੜਕ ’ਤੇ ਪੱਥਰ ਖਿੱਲਰੇ ਹੋਣ ਕਾਰਨ ਰੋਜ਼ਾਨਾ ਵਾਪਰ ਰਹੇ ਨੇ ਹਾਦਸੇ, ਕਈ ਲੋਕ ਹੋ ਚੁੱਕੇ ਨੇ ਜ਼ਖ਼ਮੀ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਕਿਸਾਨਾਂ ਵੱਲੋਂ ਇੱਕ ਹਫ਼ਤੇ ਦਾ ਅਲਟੀਮੇਟਮ, ਸੰਘਰਸ਼ ਵਿੱਢਣ ਦੀ ਚਿਤਾਵਨੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ: ਮੁਹਾਲੀ ਜ਼ਿਲ੍ਹੇ ਦੇ ਨੇੜਲੇ ਪਿੰਡਾਂ ਬਡਾਲਾ, ਤ੍ਰਿਪੜੀ, ਰਸਨਹੇੜੀ, ਝੰਜੇੜੀ ਨੂੰ ਲਾਂਡਰਾਂ-ਸਰਹਿੰਦ ਮੁੱਖ ਮਾਰਗ ਅਤੇ ਖਰੜ ਨਾਲ ਜੋੜਦੀਆਂ ਸੜਕਾਂ ਦੀ ਖਸਤਾ ਹਾਲਤ ਕਾਰਨ ਪੇਂਡੂ ਖੇਤਰ ਦੇ ਵਸਨੀਕਾਂ ਅਤੇ ਹੋਰਨਾਂ ਰਾਹਗੀਰਾਂ ਨੂੰ ਆਵਾਜਾਈ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਲੜੀਵਾਰ ਧਰਨੇ ਦੇਣ ਦੇ ਬਾਵਜੂਦ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ। ਅੱਜ ਇਲਾਕੇ ਦੇ ਪੰਚਾਂ-ਸਰਪੰਚਾਂ ਅਤੇ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਦੀ ਗੈਰਮੌਜੂਦਗੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਅਤੇ ਪੀ.ਡਬਲਿਊ.ਡੀ ਵਿਭਾਗ ਦੇ ਐਕਸੀਅਨ ਨੂੰ ਵੱਖੋ-ਵੱਖਰੇ ਮੰਗ ਪੱਤਰ ਦੇ ਕੇ ਲਿੰਕ ਸੜਕਾਂ ਦਾ ਨਿਰਮਾਣ ਕਾਰਜ ਜਲਦੀ ਮੁਕੰਮਲ ਕਰਨ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਆਗੂਆਂ ਕੁਲਵੰਤ ਸਿੰਘ ਤ੍ਰਿਪੜੀ, ਜਸਪਾਲ ਸਿੰਘ ਨਿਆਮੀਆਂ, ਗੁਰਮੁੱਖ ਸਿੰਘ ਸਾਬਕਾ ਸਰਪੰਚ ਨਿਊਂ ਲਾਂਡਰਾਂ, ਦਵਿੰਦਰ ਸਿੰਘ ਦੇਹਕਲਾਂ ਜ਼ਿਲ੍ਹਾ ਪ੍ਰਧਾਨ ਲੱਖੋਵਾਲ ਗਰੁੱਪ, ਕਰਮਜੀਤ ਸਿੰਘ, ਜਸਵੰਤ ਸਿੰਘ, ਦਲਜੀਤ ਕੌਰ ਸਰਪੰਚ ਫੈਜਗੜ੍ਹ ਅਤੇ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਲਾਂਡਰਾਂ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ 5 ਅਗਸਤ 2021 ਨੂੰ ਪਿੰਡ ਬਡਾਲਾ ਤੋਂ ਰਸਨਹੇੜੀ, ਜੋ ਕਿ ਝੰਜੇੜੀ ਪਹੁੰਚ ਕੇ ਲਾਂਡਰਾਂ-ਸਰਹਿੰਦ ਮਾਰਗ ਨਾਲ ਜੁੜਦੀ ਸੜਕ ਬਣਾਉਣੀ ਸ਼ੁਰੂ ਕੀਤੀ ਗਈ ਸੀ ਅਤੇ ਠੇਕੇਦਾਰ ਨੂੰ ਅਪਰੈਲ 2022 ਤੱਕ ਇਹ ਸੜਕ ਨਿਰਮਾਣ ਦਾ ਕੰਮ ਮੁਕੰਮਲ ਕਰਕੇ ਦੇਣ ਦੀ ਡੈੱਡਲਾਈਨ ਦਿੱਤੀ ਗਈ ਸੀ ਪ੍ਰੰਤੂ ਲੰਮਾਂ ਸਮਾਂ ਬੀਤ ਜਾਣ ਦੇ ਬਾਵਜੂਦ ਸੜਕ ਨਿਰਮਾਣ ਦਾ ਕੰਮ ਨੇਪਰੇ ਨਹੀਂ ਚੜ੍ਹਿਆ। ਜਿਸ ਕਾਰਨ ਸੜਕ ’ਤੇ ਪੱਥਰ ਪਏ ਹੋਣ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਅਤੇ ਹੁਣ ਤੱਕ ਕਾਫ਼ੀ ਲੋਕ ਜ਼ਖ਼ਮੀ ਹੋ ਚੁੱਕੇ ਹਨ। ਇਲਾਕੇ ਦੇ ਸਰਪੰਚਾਂ ਅਤੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਉਕਤ ਪਿੰਡਾਂ ਨੂੰ ਜੋੜਦੀ ਸੜਕ ਦਾ ਨਿਰਮਾਣ ਕੰਮ ਸ਼ੁਰੂ ਕਰਕੇ ਜਲਦੀ ਮੁਕੰਮਲ ਨਹੀਂ ਕੀਤਾ ਗਿਆ ਤਾਂ ਇਲਾਕੇ ਦੇ ਲੋਕਾਂ ਵੱਲੋਂ ਵੱਡੇ ਪੱਧਰ ’ਤੇ ਲੜੀਵਾਰ ਸੰਘਰਸ਼ ਵਿੱਢਿਆ ਜਾਵੇਗਾ ਅਤੇ ਸੜਕਾਂ ਜਾਮ ਕਰਨ ਤੋਂ ਇਲਾਵਾ ਗੁਪਤ ਐਕਸ਼ਨ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ