ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਜੇ ਹੁਣ 27 ਸਤੰਬਰ ਨੂੰ ਮੀਟਿੰਗ ਨਾ ਹੋਈ ਤਾਂ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ: ਡਾ. ਵਾਲੀਆ

ਨਬਜ਼-ਏ-ਪੰਜਾਬ, ਮੁਹਾਲੀ, 19 ਸਤੰਬਰ:
ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਅਫ਼ਸਰਾਂ ਦੀ ਮੈਡੀਕਲ ਡਾਕਟਰਾਂ ਦੇ ਬਰਾਬਰ ਤਨਖ਼ਾਹ ਕਰਨ ਦੀ ਮੰਗ ਨੂੰ ਲੈ ਕੇ ਜੁਆਇੰਟ ਐਕਸ਼ਨ ਕਮੇਟੀ ਦੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਬੀਤੀ 17 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪੇਅ-ਪੈਰਿਟੀ ਲਈ ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਗੁਰਚਰਨ ਸਿੰਘ, ਕੋ-ਕਨਵੀਨਰ ਡਾ. ਪੁਨੀਤ ਮਲਹੋਤਰਾ, ਡਾ. ਅਬਦੁਲ ਮਜ਼ੀਦ, ਡਾ. ਗੁਰਦੀਪ ਸਿੰਘ ਅਤੇ ਡਾ. ਹਰਮਨਦੀਪ ਸਿੰਘ ਨੇ ਵੈਟਰਨਰੀ ਅਫ਼ਸਰਾਂ ਦੀ ਮੈਡੀਕਲ ਅਫ਼ਸਰਾਂ ਦੇ ਬਰਾਬਰ ਤਨਖ਼ਾਹ ਕਰਨ ਲਈ ਪੰਜਾਬ ਸਰਕਾਰ ਦੀ ਟਾਲ-ਮਟੋਲ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ। ਅੱਜ ਇੱਥੇ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਉਂਦਿਆਂ ਨਾਅਰੇਬਾਜ਼ੀ ਕੀਤੀ।
ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਇਸ ਮਸਲੇ ਦਾ ਕਰਨ ਲਈ ਗੰਭੀਰ ਨਹੀਂ ਹੈ। ਉਹ ਵੱਖ-ਵੱਖ ਹਸਪਤਾਲਾਂ ਅਤੇ ਪੌਲੀ-ਕਲੀਨਿਕਾਂ ਵਿੱਚ ਪਸ਼ੂਆਂ ਦਾ ਇਲਾਜ ਕਰ ਰਹੇ ਹਨ। ਇੱਥੋਂ ਤੱਕ ਕਿ ਪਸ਼ੂ-ਧੰਨ ਕੰਪਲੈਕਸ ਮੁਹਾਲੀ ਦੇ ਬਾਹਰ ਬੀਤੀ 1 ਸਤੰਬਰ ਨੂੰ ਸੂਬਾ ਪੱਧਰੀ ਧਰਨਾ ਵੀ ਛੁੱਟੀ ਵਾਲੇ ਦਿਨ ਲਗਾਇਆ ਗਿਆ ਸੀ ਤਾਂ ਜੋ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦਾ ਇਲਾਜ ਕਰਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਜੇਕਰ ਸਰਕਾਰ ਨੇ ਵੈਟਰਨਰੀ ਅਫ਼ਸਰਾਂ ਦੀ ਇਹ ਜਾਇਜ਼ ਮੰਗ ਨਾ ਮੰਨੀ ਤਾਂ ਆਉਣ ਵਾਲੇ ਦਿਨਾਂ ਵਿੱਚ ਜੁਆਇੰਟ ਐਕਸ਼ਨ ਕਮੇਟੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ।
ਜਥੇਬੰਦੀ ਦੇ ਮੀਡੀਆ ਇੰਚਾਰਜ ਡਾ. ਗੁਰਿੰਦਰ ਸਿੰਘ ਵਾਲੀਆ ਨੇ ਦੋਸ਼ ਲਾਇਆ ਕਿ ਵੱਖ-ਵੱਖ ਪਸ਼ੂ ਪਾਲਣ ਮੰਤਰੀ ਹੁਣ ਤੱਕ ਇਹ ਭਰੋਸਾ ਦਿੰਦੇ ਰਹੇ ਹਨ ਕਿ ਪਿਛਲੇ ਵਿੱਤ ਮੰਤਰੀ ਵੱਲੋਂ ਉਨ੍ਹਾਂ ਨਾਲ ਕੀਤੀ ਬੇਇਨਸਾਫ਼ੀ ਨੂੰ ਡਾਕਟਰਾਂ ਨਾਲ ਤਨਖ਼ਾਹ ਬਰਾਬਰ ਕਰਕੇ ਦੂਰ ਕੀਤਾ ਜਾਵੇਗਾ ਪਰ ਅਜੇ ਤਾਈਂ ਝੂਠੇ ਲਾਰਿਆਂ ਤੋਂ ਬਿਨਾਂ ਕੁੱਝ ਪੱਲੇ ਨਹੀਂ ਪਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜ਼ਮੀਨੀ ਪੱਧਰ ਦੇ ਆਗੂ ਹਨ, ਜੋ ਨਾ ਸਿਰਫ਼ ਇਮਾਨਦਾਰ ਬਲਕਿ ਦੂਰਅੰਦੇਸ਼ੀ ਵੀ ਹਨ। ਲਿਹਾਜ਼ਾ ਉਹ ਪੇਂਡੂ ਆਰਥਿਕਤਾ ਨੂੰ ਉੱਚਾ ਚੁੱਕਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਮੁੱਖ ਮੰਤਰੀ ਤੋਂ ਵੈਟਰਨਰੀ ਡਾਕਟਰਾਂ ਦੀ ਜਾਇਜ਼ ਮੰਗ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਹੈ। ਹੁਣ ਇਸ ਮੁੱਦੇ ਨੂੰ ਹੱਲ ਕਰਨ ਲਈ ਕੈਬਨਿਟ ਸਬ-ਕਮੇਟੀ ਦੀ 27 ਸਤੰਬਰ ਨੂੰ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਮੀਟਿੰਗ ਆਨੇ ਬਹਾਨੇ ਮੀਟਿੰਗ ਅੱਗੇ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸੇ ਦਿਨ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਫਲ ਤੇ ਸਬਜ਼ੀ ਮੰਡੀਆਂ ਵਿੱਚ ਹੁਣ ਆਨਲਾਈਨ ਹੋਵੇਗੀ ਗੇਟ ਐਂਟਰੀ: ਬਰਸਟ

ਪੰਜਾਬ ਦੀਆਂ ਫਲ ਤੇ ਸਬਜ਼ੀ ਮੰਡੀਆਂ ਵਿੱਚ ਹੁਣ ਆਨਲਾਈਨ ਹੋਵੇਗੀ ਗੇਟ ਐਂਟਰੀ: ਬਰਸਟ ਚੇਅਰਮੈਨ ਬਰਸਟ ਵੱਲੋਂ ਪੰਜ…