ਡੰਪਿੰਗ ਪੁਆਇੰਟ ਫੇਜ਼-10 ਵਿੱਚ ਕੂੜੇ ਨੂੰ ਅੱਗ ਲਗਾਉਣ ਕਾਰਨ ਲੋਕਾਂ ਦਾ ਘਰਾਂ ’ਚ ਰਹਿਣਾ ਹੋਇਆ ਦੁੱਭਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਨਿਯਮਾਂ ਦੀ ਉਲੰਘਣਾ ਕਰਕੇ ਸ਼ਰ੍ਹੇਆਮ ਕੂੜਾ ਸਾੜਿਆ ਜਾ ਰਿਹਾ ਹੈ। ਜਿਸ ਕਾਰਨ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ, ਉੱਥੇ ਸ਼ਹਿਰ ਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੇਕਿਨ ਮੁਹਾਲੀ ਪ੍ਰਸ਼ਾਸਨ ਦੇ ਅਧਿਕਾਰੀ ਮੂਕ ਦਰਸ਼ਕ ਬਣੇ ਹੋਏ ਹਨ।
ਇੱਥੋਂ ਦੇ ਫੇਜ਼-10 ਵਿੱਚ ਡੰਪਿੰਗ ਪੁਆਇੰਟ ਵਿੱਚ ਸ਼ਰ੍ਹੇਆਮ ਕੂੜਾ ਕਰਕਟ ਨੂੰ ਅੱਗ ਲਗਾਉਣ ਨਾਲ ਪੂਰੇ ਇਲਾਕੇ ਵਿੱਚ ਸੰਘਣਾ ਧੂੰਆਂ ਛਾਇਆ ਹੋਇਆ ਹੈ। ਜਿਸ ਕਾਰਨ ਰਿਹਾਇਸ਼ੀ ਖੇਤਰ ਦੇ ਲੋਕਾਂ ਦਾ ਆਪਣੇ ਘਰਾਂ ਵਿੱਚ ਰਹਿਣਾ ਦੁੱਭਰ ਹੋ ਗਿਆ ਹੈ। ਜ਼ਿਲ੍ਹਾ ਅਦਾਲਤ ਵਿੱਚ ਪ੍ਰੈਕਟਿਸ ਕਰਦੇ ਵਕੀਲ ਨਰਪਿੰਦਰ ਸਿੰਘ ਰੰਗੀ ਨੇ ਦੱਸਿਆ ਕਿ ਫੇਜ਼-10 ਵਿੱਚ ਡੰਪਿੰਗ ਪੁਆਇੰਟ ਵਿੱਚ ਫੇਜ਼-9, ਫੇਜ਼-10 ਅਤੇ ਫੇਜ਼-11 ਅਤੇ ਸੈਕਟਰ-48ਸੀ ਦੇ ਘਰਾਂ ’ਚੋਂ ਕੂੜਾ ਚੁੱਕ ਕੇ ਕਰਮਚਾਰੀਆਂ ਵੱਲੋਂ ਇੱਥੇ ਸੁੱਟਿਆਂ ਜਾਂਦਾ ਹੈ ਅਤੇ ਫਿਰ ਇੱਥੋਂ ਸਨਅਤੀ ਏਰੀਆ ਵਿੱਚ ਮੈਨ ਡੰਪਿੰਗ ਗਰਾਉਂਡ ਵਿੱਚ ਕੂੜਾ ਸੁੱਟਣ ਦੀ ਜ਼ਿੰਮੇਵਾਰੀ ਹੈ। ਲੇਕਿਨ ਸਥਾਨਕ ਡੰਪਿੰਗ ਪੁਆਇੰਟ ’ਚੋਂ ਕੂੜਾ ਚੁੱਕਣ ਦੀ ਬਜਾਏ ਉਲਟਾ ਕੂੜਾ ਕਰਕਟ ਨੂੰ ਅੱਗ ਲਗਾ ਦਿੱਤੀ ਗਈ ਹੈ। ਮੁਹਾਲੀ ਵਿਕਾਸ ਮੰਚ ਦੇ ਪ੍ਰਧਾਨ ਵਿਨੀਤ ਵਰਮਾ ਵੱਲੋਂ ਲਗਾਤਾਰ ਇਹ ਮਾਮਲਾ ਚੁੱਕਿਆ ਜਾ ਰਿਹਾ ਹੈ ਲੇਕਿਨ ਅਧਿਕਾਰੀ ਇਸ ਪਾਸੇ ਧਿਆਨ ਦੇਣ ਨੂੰ ਤਿਆਰ ਨਹੀਂ ਹਨ। ਜਿਸ ਕਾਰਨ ਆਈਟੀ ਸਿਟੀ ਵਿੱਚ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ। ਜਿਸ ਦਾ ਸ਼ਹਿਰ ਵਾਸੀਆਂ ਨੂੰ ਖ਼ਮਿਆਜ਼ਾ ਭੁਗਤਨਾ ਪੈ ਸਕਦਾ ਹੈ।
ਉਧਰ, ਵਾਤਾਵਰਨ ਪ੍ਰੇਮੀ ਗੁਰਮੇਲ ਸਿੰਘ ਮੌਜੇਵਾਲ, ਬਲਬੀਰ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਗਿੱਲ, ਪ੍ਰੈਸ ਸਕੱਤਰ ਧਰਮਪਾਲ ਹੁਸ਼ਿਆਰਪੁਰੀ ਅਤੇ ਹੋਰਨਾਂ ਵਿਅਕਤੀਆਂ ਨੇ ਦੱਸਿਆ ਕਿ ਨੇਚਰ ਪਾਰਕ ਸਮੇਤ ਹੋਰਨਾਂ ਥਾਵਾਂ ’ਤੇ ਕੂੜਾ ਸਾੜਨ ਬਾਰੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਲੇਕਿਨ ਹੁਣ ਤੱਕ ਕਿਸੇ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਅਜਿਹੇ ਲੋਕਾਂ ਦਾ ਹੌਸਲਾ ਹੁਣ ਹੋਰ ਜ਼ਿਆਦਾ ਵਧ ਗਿਆ ਹੈ ਅਤੇ ਉਨ੍ਹਾਂ ਨੇ ਸ਼ਰ੍ਹੇਆਮ ਕੂੜਾ ਸਾੜਨਾ ਸ਼ੁਰੂ ਕਰ ਦਿੱਤਾ ਹੈ। ਜਿਸ ਕਾਰਨ ਸ਼ਹਿਰ ਵਿੱਚ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…