ਵਾਈਪੀਐਸ ਚੌਕ ’ਤੇ ਨਾਕਾਬੰਦੀ ਦੌਰਾਨ 30 ਪੇਟੀਆਂ ਸ਼ਰਾਬ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ:
ਮੁਹਾਲੀ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ 2 ਵਿਅਕਤੀਆਂ ਨੂੰ 30 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਰਾਜੇਸ਼ ਅਰੋੜਾ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਭੁਪਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਇੱਥੋਂ ਦੇ ਵਾਈਪੀਐਸ ਚੌਕ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਚੰਡੀਗੜ੍ਹ ਦੀ ਤਰਫ਼ੋਂ ਆ ਰਹੀ ਇੱਕ ਵਰਨਾ ਕਾਰ ਨੂੰ ਰੋਕ ਕੇ ਤਲਾਸ਼ੀ ਲੈਣ ’ਤੇ ਕਾਰ ਦੀ ਡਿੱਗੀ ’ਚੋਂ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
ਡੀਐਸਪੀ ਬੱਲ ਨੇ ਦੱਸਿਆ ਕਿ ਕਾਰ ’ਚੋਂ 20 ਪੇਟੀਆਂ ਏਸੀਈ 111 ਵਿਸਕੀ ਅਤੇ 10 ਪੇਟੀਆਂ ਸੌਂਫ ਰਸ (ਸਿਰਫ਼ ਚੰਡੀਗੜ੍ਹ ਵਿੱਚ ਵਿਕਰੀਯੋਗ) ਬਰਾਮਦ ਕੀਤੀਆਂ ਗਈਆਂ। ਕਾਰ ਨੂੰ ਰਾਕੇਸ਼ ਕੁਮਾਰ ਵਾਸੀ ਲਾਲਾ ਲਾਜਪਤ ਰਾਏ, ਰੋਡ ਮੁਹੱਲਾ ਧੁਮਣ ਜਗਰਾਓ, ਲੁਧਿਆਣਾ ਚਲਾ ਰਿਹਾ ਸੀ ਜਦੋਂਕਿ ਨਾਲ ਵਾਲੀ ਸੀਟ ’ਤੇ ਮਨਜੀਤ ਸਿੰਘ ਵਾਸੀ ਮੁਹੱਲਾ ਅਗਵਾੜ ਖਵਾਜਾ, ਲੁਧਿਆਣਾ ਬੈਠਾ ਸੀ। ਇਨ੍ਹਾਂ ਦੋਵਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਐਕਸਾਈਜ ਐਕਟ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਕਤ ਵਿਅਕਤੀ ਆਪਣੇ ਕੋਲ ਸ਼ਰਾਬ ਰੱਖਣ ਸਬੰਧੀ ਪੁਲੀਸ ਨੂੰ ਕੋਈ ਪਰਮਿਟ ਆਦਿ ਨਹੀਂ ਦਿਖਾ ਸਕੇ। ਪੁਲੀਸ ਨੇ ਮੁਲਜ਼ਮਾਂ ਦੀ ਵਰਨਾ ਕਾਰ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਥਾਣਾ ਮੁਖੀ ਰਾਜੇਸ਼ ਅਰੋੜਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਦੋਵੇਂ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।

Load More Related Articles

Check Also

ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ‘ਵਰਲਡ ਅਸਥਮਾ ਡੇਅ ’ਤੇ ਸੈਮੀਨਾਰ

ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ‘ਵਰਲਡ ਅਸਥਮਾ ਡੇਅ ’ਤੇ ਸੈਮੀਨਾਰ ਹਸਪਤਾਲ ਦੀ ਟੀਮ ਵੱਲੋਂ…