nabaz-e-punjab.com

ਸਿੱਖਿਆ ਸਕੱਤਰ ਦੀ ਚੈਕਿੰਗ ਦੌਰਾਨ ਦੂਜੇ ਦਿਨ 17 ਅਧਿਆਪਕ ਗ਼ੈਰਹਾਜ਼ਰ, 31 ਅਧਿਆਪਕ ਲੇਟ ਪਹੁੰਚੇ ਸਕੂਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲ ਸਿੱਖਿਆ ਦੇ ਸਕੱਤਰ ਤੇ ਸੀਨੀਅਰ ਆਈਏਐਸ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਸਿੱਖਿਆ ਸੁਧਾਰ ਟੀਮਾਂ ਵੱਲੋਂ 3 ਜ਼ਿਲ੍ਹਿਆਂ ਦੇ 178 ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਨਿੱਚਰਵਾਰ ਨੂੰ ਦੂਜੇ ਦਿਨ 17 ਨਿਰੀਖਣ ਟੀਮਾਂ ਵੱਲੋਂ ਚੈਕਿੰਗ ਕੀਤੀ ਗਈ। ਜਿਸ ਵਿੱਚ ਕਪੂਰਥਲਾ ਦੇ 51, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ 33 ਅਤੇ ਹੁਸ਼ਿਆਰਪੁਰ ਦੇ 94 ਸਕੂਲਾਂ ਦੀ ਵਿਜ਼ਿਟ ਦੌਰਾਨ 7 ਅਧਿਆਪਕ ਅਤੇ ਦਫ਼ਤਰੀ ਕਰਮਚਾਰੀ ਗੈਰ-ਹਾਜ਼ਰ, 31 ਅਧਿਆਪਕ/ਕਰਮਚਾਰੀ ਲੇਟ ਹਾਜ਼ਰ ਪਾਏ ਗਏ। ਇਸ ਤੋਂ ਇਲਾਵਾ ਇਹਨਾਂ ਨਿਰੀਖਣ ਕੀਤੇ ਗਏ ਸਕੂਲਾਂ ਵਿੱਚ 10 ਅਧਿਆਪਕ ਲੰਮੇ ਸਮੇਂ ਤੋਂ ਗੈਰ-ਹਾਜ਼ਰ ਪਾਏ ਗਏ।
ਉਧਰ, ਕ੍ਰਿਸ਼ਨ ਕੁਮਾਰ ਨੇ ਨਿਰੀਖਣ ਟੀਮਾਂ ਦੀ ਰਿਪੋਰਟ ਨੂੰ ਆਧਾਰ ਬਣਾ ਕੇ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਦੇ ਉੱਚ ਅਧਿਕਾਰੀਆਂ ਨੂੰ ਅੱਜ ਦੂਜੇ ਦਿਨ ਚੈਕਿੰਗ ਦੌਰਾਨ ਲੇਟ ਲਤੀਫ਼ੀ, ਗ਼ੈਰ-ਹਾਜ਼ਰ ਅਤੇ ਲੰਮੇ ਸਮੇਂ ਤੋਂ ਗੈਰਹਾਜ਼ਰ ਪਾਏ ਗਏ ਅਧਿਆਪਕਾਂ ਅਤੇ ਦਫ਼ਤਰੀ ਸਟਾਫ਼ ਵਿਰੁੱਧ ’ਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਸਪੱਸ਼ਟ ਆਖਿਆ ਕਿ ਲੇਟ ਲਤੀਫ਼ੀ ਅਤੇ ਗੈਰ ਜ਼ਿੰਮੇਵਾਰਾਨਾਂ ਰਵੱਈਆ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮੇਂ ਸਿਰ ਸਕੂਲ ਪਹੁੰਚਣ ਸਬੰਧੀ ਵਿਭਾਗ ਵੱਲੋਂ ਪਹਿਲਾਂ ਵੀ ਪੱਤਰ ਜਾਰੀ ਕੀਤੇ ਗਏ ਹਨ। ਜਿਨ੍ਹਾਂ ਉੱਤੇ ਗੰਭੀਰਤਾ ਨਾਲ ਅਮਲ ਨਹੀਂ ਹੋ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਾਰੇ ਅਧਿਆਪਕਾਂ ਅਤੇ ਕਰਮਚਾਰੀਆਂ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਸਮੇਂ ਤੋਂ ਪਹਿਲਾਂ ਡਿਊਟੀ ’ਤੇ ਹਾਜ਼ਰ ਹੋਣ ਅਤੇ ਸਾਲਾਨਾ ਪ੍ਰੀਖਿਆਵਾਂ ਦੇ ਚੱਲਦਿਆਂ ਵਿਦਿਆਰਥੀਆਂ ਨੂੰ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਨਕਲ ਵਿਰੁੱਧ ਲਾਮਬੰਦ ਕਰਨ ਦੇ ਨਾਲ ਨਾਲ ਕਲਾਸਾਂ ਵਿੱਚ ਚੰਗੇ ਤਰੀਕੇ ਨਾਲ ਪੜ੍ਹਾਇਆ ਜਾਵੇ ਤਾਂ ਜੋ ਸਰਕਾਰੀ ਸਕੂਲਾਂ ਦੇ ਨਤੀਜੇ ਵਧੀਆ ਆਉਣ ਦੀ ਉਮੀਦ ਰੱਖੀ ਜਾ ਸਕੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…