nabaz-e-punjab.com

ਟਾਊਨ ਵੈਂਡਿੰਗ ਕਮੇਟੀ ਦੀ ਮੀਟਿੰਗ ਦੌਰਾਨ ਉੱਠਿਆ ਮਾਰਕੀਟਾਂ ਵਿੱਚ ਹੁੱਲੜਬਾਜ਼ੀ ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ

ਕੌਂਸਲਰ ਜਸਪ੍ਰੀਤ ਸਿੰਘ ਗਿੱਲ ਨੇ ਸਮੱਸਿਆ ਦੇ ਹੱਲ ਲਈ ਪੇਡ ਪਾਰਕਿੰਗ ਵਿਵਸਥਾ ਲਾਗੂ ਕਰਨ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ:
ਮੁਹਾਲੀ ਨਗਰ ਨਿਗਮ ਦੀ ਟਾਊਨ ਵੈਂਡਿੰਗ ਕਮੇਟੀ ਦੀ ਵੀਰਵਾਰ ਨੂੰ ਹੋਈ ਮੀਟਿੰਗ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਵਿੱਚ ਲਗਾਤਾਰ ਵੱਧ ਰਹੇ ਨਾਜਾਇਜ਼ ਕਬਜ਼ਿਆਂ ਅਤੇ ਬਾਜ਼ਾਰਾਂ ਵਿੱਚ ਸ਼ਰ੍ਹੇਆਮ ਹੁੰਦੀ ਹੱੁਲੜਬਾਜ਼ੀ ਦਾ ਮੁੱਦਾ ਵੀ ਉੱਠਿਆ। ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਕਮੇਟੀ ਦੇ ਮੈਂਬਰਾਂ ਜਸਪ੍ਰੀਤ ਸਿੰਘ ਗਿੱਲ ਅਤੇ ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਨਗਰ ਨਿਗਮ ਪ੍ਰਸ਼ਾਸਨ ਨੂੰ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ।
ਕਮੇਟੀ ਮੈਂਬਰ ਤੇ ਕਾਂਗਰਸੀ ਕੌਂਸਲਰ ਜਸਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਮੁਹਾਲੀ ਦੀਆਂ ਮਾਰਕੀਟਾਂ ਵਿੱਚ ਹੁੱਲੜਬਾਜ਼ੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਨੌਜਵਾਨ ਮੁੰਡੇ ਕੁੜੀਆਂ ਟੋਲੀਆਂ ਬੰਨ੍ਹ ਕੇ ਵੱਖ-ਵੱਖ ਗੱਡੀਆਂ ’ਤੇ ਸਵਾਰ ਹੋ ਕੇ ਮਾਰਕੀਟਾਂ ਵਿੱਚ ਗੇੜੀਆਂ ਲਗਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਸ਼ਹਿਰ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਨੂੰ ਫਿਰ ਤੋਂ ਪੇਡ ਪਾਰਕਿੰਗ ਲਾਗੂ ਕੀਤੀ ਜਾਵੇ ਅਤੇ ਮਾਰਕੀਟ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ਤੋਂ ਫੀਸ ਵਸੂਲੀ ਜਾਵੇ ਤਾਂ ਜੋ ਫਾਲਤੂ ਅਤੇ ਆਵਾਰਾ ਕਿਸਮ ਦੇ ਲੋਕ ਮਾਰਕੀਟਾਂ ਵਿੱਚ ਹੱੁਲੜਬਾਜ਼ੀ ਨਾ ਕਰ ਸਕਣ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਮਾਰਕੀਟਾਂ ਵਿੱਚ ਲਗਾਤਾਰ ਵੱਧਦੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਨਿਗਮ ਵਿੱਚ ਹੋਰ ਸਟਾਫ਼ ਭਰਤੀ ਕੀਤਾ ਜਾਵੇ ਅਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਹੋਰ ਵਾਹਨਾਂ ਦਾ ਪ੍ਰਬੰਧ ਕੀਤਾ ਜਾਵੇ।
ਇਸ ਮੌਕੇ ਕਾਬਜ਼ ਧਿਰ ਦੇ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਜੇਕਰ ਨਗਰ ਨਿਗਮ ਕੋਲ ਸਟਾਫ਼ ਦੀ ਘਾਟ ਹੈ ਤਾਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦਾ ਕੰਮ ਕਿਸੇ ਨਿੱਜੀ ਕੰਪਨੀ ਨੂੰ ਠੇਕੇ ’ਤੇ ਦਿੱਤਾ ਜਾ ਸਕਦਾ ਹੈ ਅਤੇ ਤਜਰਬੇ ਦੇ ਤੌਰ ’ਤੇ ਸ਼ਹਿਰ ਦੀਆਂ ਕੁੱਝ ਮਾਰਕੀਟਾਂ (ਜਿਨ੍ਹਾਂ ਵਿੱਚ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਜ਼ਿਆਦਾ ਹੈ) ਨੂੰ ਦਿੱਤਾ ਜਾ ਸਕਦਾ ਹੈ ਜਾਂ ਫਿਰ ਸ਼ਹਿਰ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡ ਕੇ ਠੇਕਾ ਦਿੱਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਸਬੰਧੀ ਠੇਕੇਦਾਰ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਜੇਕਰ ਫਿਰ ਵੀ ਮਾਰਕੀਟਾਂ ਵਿੱਚ ਨਾਜਾਇਜ਼ ਕਬਜ਼ੇ ਹੁੰਦੇ ਹਨ ਅਤੇ ਹੁੱਲੜਬਾਜ਼ੀ ਦੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਠੇਕੇਦਾਰ ਨੂੰ ਜੁਰਮਾਨਾ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਵੈਂਡਿੰਗ ਜੋਨ ਬਣਾਉਣ ਲਈ ਗਮਾਡਾ ਤੋਂ ਸਾਈਟਾਂ ਹਾਸਲ ਕਰਨ ਲਈ ਯੋਗ ਪੈਰਵੀ ਕੀਤੀ ਜਾਵੇ ਅਤੇ ਸਰਵੇ ਵਿੱਚ ਸ਼ਾਮਲ ਵੈਂਡਰਾਂ ਨੂੰ ਉੱਥੇ ਥਾਂ ਮੁਹੱਈਆ ਕਰਵਾਉਣ ਤੋਂ ਬਾਅਦ ਮਾਰਕੀਟਾਂ ਵਿੱਚ ਲੱਗਦੀਆਂ ਰੇਹੜੀਆਂ-ਫੜੀਆਂ ਅਤੇ ਹੋਰਨਾਂ ਨਾਜਾਇਜ਼ ਕਬਜ਼ਿਆਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…