nabaz-e-punjab.com

ਜਨਰਲ ਵਰਗ ਦੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ ਮਿਲੇਗਾ 10 ਫੀਸਦੀ ਰਾਖਵੇਂਕਰਨ ਦਾ ਲਾਭ: ਡੀਸੀ

ਤਹਿਸੀਲਦਾਰ ਆਪਣੇ ਪੱਧਰ ’ਤੇ ਜਾਰੀ ਕਰੇਗਾ ਆਮਦਨ ਤੇ ਸੰਪਤੀ ਸਬੰਧੀ ਸਰਟੀਫਿਕੇਟ

10 ਫੀਸਦੀ ਰਾਖਵੇਂਕਰਨ ਦਾ ਲਾਭ ਲੈਣ ਲਈ ਬਿਨੈਕਾਰ ਨੂੰ ਅਰਜ਼ੀ ਅਤੇ ਸਵੈ ਘੋਸ਼ਣਾ ਪੱਤਰ ਦੇਣਾ ਜ਼ਰੂਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਪੰਜਾਬ ਸਰਕਾਰ ਨੇ ਜਨਰਲ ਵਰਗਾਂ ਦੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਸਰਕਾਰੀ ਨੌਕਰੀਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਦਾਖ਼ਲੇ ਲਈ 10 ਫੀਸਦੀ ਰਾਖਵਾਂਕਰਨ ਦੇਣ ਦਾ ਮਹੱਤਵਪੂਰਨ ਫੈਸਲਾ ਕੀਤਾ ਗਿਆ ਹੈ। ਰਾਖਵਾਂਕਰਨ ਦਾ ਇਹ ਲਾਭ ਉਨ੍ਹਾਂ ਸਾਰੇ ਵਿਅਕਤੀਆਂ ਨੂੰ ਮੁਹੱਈਆ ਕਰਵਾਇਆ ਜਾਵੇਗਾ, ਜੋ ਅਨੁਸੂਚਿਤ ਜਾਤਾਂ/ਅਨੁਸੂਚਿਤ ਕਬੀਲਿਆਂ ਅਤੇ ਪਛੜੀਆਂ ਸ਼੍ਰੇਣੀਆਂ ਲਈ ਰਾਖਵੇਂਕਰਨ ਦੀ ਮੌਜੂਦਾ ਸਕੀਮ ਦੇ ਘੇਰੇ ਵਿੱਚ ਨਹੀਂ ਆਉਂਦੇ ਅਤੇ ਜਿਨ੍ਹਾਂ ਦੇ ਪਰਿਵਾਰਾਂ ਦੀ ਕੁਲ ਸਾਲਾਨਾ ਆਮਦਨ ਅੱਠ ਲੱਖ ਤੋਂ ਘੱਟ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਦੇ ਚਾਹਵਾਨਾਂ ਦੇ ਪਰਿਵਾਰ ਦੀ ਆਮਦਨ ਵਿੱਚ ਸਾਰੇ ਸਰੋਤਾਂ ਨੂੰ ਸ਼ਾਮਲ ਕੀਤਾ ਜਾਵੇਗਾ। ਜਿਨ੍ਹਾਂ ਵਿੱਚ ਤਨਖ਼ਾਹ, ਖੇਤੀਬਾੜੀ, ਬਿਜ਼ਨਸ, ਕਿੱਤਾ ਅਤੇ ਵਿਆਜ ਆਦਿ ਹੋਣਗੇ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਪਰਿਵਾਰ ਦੀ ਪਰਿਭਾਸ਼ਾ ਵਿੱਚ ਬਿਨੈਕਾਰ, ਉਸ ਦੇ ਮਾਤਾ-ਪਿਤਾ ਅਤੇ 18 ਸਾਲ ਦੀ ਉਮਰ ਤੋਂ ਘੱਟ ਭੈਣ-ਭਰਾ, ਬਿਨੈਕਾਰ ਦੇ ਪਤੀ-ਪਤਨੀ ਅਤੇ 18 ਸਾਲ ਦੀ ਉਮਰ ਤੋਂ ਘੱਟ ਬੱਚੇ ਨੂੰ ਸ਼ਾਮਲ ਕੀਤਾ ਗਿਆ ਹੈ। ਜਿਸ ਵਿਅਕਤੀ ਜਾਂ ਉਸ ਦੇ ਪਰਿਵਾਰ ਕੋਲ 5 ਏਕੜ ਜਾਂ ਇਸ ਤੋਂ ਵੱਧ ਖੇਤੀਬਾੜੀ ਵਾਲੀ ਜ਼ਮੀਨ, ਨੋਟੀਫਾਈਡ ਮਿਊਂਸੀਪਲਟੀ ਵਿੱਚ ਇਕ ਹਜ਼ਾਰ ਵਰਗ ਫੁੱਟ ਜਾਂ ਇਸ ਤੋਂ ਵੱਧ ਦੇ ਰਿਹਾਇਸ਼ੀ ਫਲੈਟ, ਨੋਟੀਫਾਈਡ ਮਿਊਂਸੀਪਲਟੀ ਵਿੱਚ 100 ਵਰਗ ਗਜ਼ ਜਾਂ ਇਸ ਤੋਂ ਵੱਧ ਦਾ ਰਿਹਾਇਸ਼ੀ ਪਲਾਟ ਅਤੇ ਨੋਟੀਫਾਈਡ ਮਿਊਂਸੀਪਲਟੀ ਤੋਂ ਇਲਾਵਾ ਹੋਰ ਖੇਤਰਾਂ ਵਿੱਚ 200 ਵਰਗ ਗਜ਼ ਜਾਂ ਇਸ ਤੋਂ ਵੱਧ ਦਾ ਰਿਹਾਇਸ਼ੀ ਪਲਾਟ ਹੋਵੇਗਾ, ਉਸ ਨੂੰ ਆਰਥਿਕ ਤੌਰ ’ਤੇ ਪਛੜੇ ਵਰਗਾਂ ’ਚੋਂ ਬਾਹਰ ਰੱਖਿਆ ਜਾਵੇਗਾ।
ਡੀਸੀ ਨੇ ਦੱਸਿਆ ਕਿ ਬਿਨੈਕਾਰ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਅਰਜ਼ੀ ਅਤੇ ਸਵੈ ਘੋਸ਼ਣਾ ਪੱਤਰ ਦੇਣਾ ਜ਼ਰੂਰੀ ਹੋਵੇਗਾ। ਪਰਿਵਾਰ ਦੀ ਆਮਦਨ ਅਤੇ ਸੰਪਤੀ ਸਬੰਧੀ ਸਰਟੀਫਿਕੇਟ ਸਬੰਧਤ ਦਸਤਾਵੇਜ਼ਾਂ ਦੀ ਪੜਤਾਲ ਤੋਂ ਬਾਅਦ ਸਬੰਧਤ ਤਹਿਸੀਲਦਾਰ ਵੱਲੋਂ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…