ਸਿੱਖਿਆ ਬੋਰਡ ਮਾਮਲਾ: ਮੁਲਜ਼ਮ ਜਥੇਬੰਦੀ ਵੱਲੋਂ ਅਣਮਿੱਥੇ ਸਮੇਂ ਲਈ ਸੰਘਰਸ਼ ਵਿੱਢਣ ਦਾ ਐਲਾਨ

ਚੇਅਰਮੈਨ ਅਤੇ ਯੂਨੀਅਨ ਵਿਚਲੇ ਗੱਲਬਾਤ ਰਹੀ ਬੇਸਿੱਟਾ, ਬੋਰਡ ਮੈਨੇਜਮੈਂਟ ਵੱਲੋਂ ਫੈਸਲਾ ਵਾਪਸ ਲੈਣ ਤੋਂ ਇਨਕਾਰ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਸਤੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪਿਛਲੇ ਲੰਮੇ ਸਮੇਂ ਤੋਂ ਖਾਲੀ ਚਲੀਆਂ ਆ ਰਹੀਆਂ 518 ਅਸਾਮੀਆਂ ਨੂੰ ਖਤਮ ਕਰਨ ਦੇ ਮਾਮਲੇ ਵਿੱਚ ਜਿੱਥੇ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਬੋਰਡ ਮੈਨੇਜਮੈਂਟ ਕ੍ਰਿਸ਼ਨ ਕੁਮਾਰ ਨੇ ਬੋਰਡ ਮੈਨੇਜਮੈਂਟ ਦੇ ਇਸ ਫੈਸਲੇ ਨੂੰ ਵਾਪਸ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਉੱਥੇ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਬੋਰਡ ਦੇ ਇਸ ਫੈਸਲੇ ਦੇ ਖ਼ਿਲਾਫ਼ ਅਣਮਿੱਥੇ ਸਮੇਂ ਤੱਕ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਦੇ ਨਾਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਸਿੰਘ ਗਿੱਲ ਅਤੇ ਜਨਰਲ ਸਕੱਤਰ ਪਰਵਿੰਦਰ ਸਿੰਘ ਖੰਗੂੜਾ ਵੱਲੋਂ ਕੀਤੀ ਗਈ ਮੀਟਿੰਗ ਵੀ ਬੇਸਿੱਟਾ ਰਹੀ ਅਤੇ ਮੀਟਿੰਗ ਦੌਰਾਨ ਉਕਤ ਯੂਨੀਅਨ ਆਗੂਆਂ ਵੱਲੋਂ ਬੋਰਡ ਦੀਆਂ ਅਸਾਮੀਆਂ ਖਤਮ ਕਰਨ ਦੇ ਫੈਸਲੇ ਦੇ ਵਿਰੋਧ ਨੂੰ ਦਰਕਿਨਾਰ ਕਰਦਿਆਂ ਚੇਅਰਮੈਨ ਵੱਲੋਂ ਉਹਨਾਂ ਨੂੰ ਸਪੱਸ਼ਟ ਕਰ ਦਿੱਤਾ ਗਿਆ ਕਿ ਇਹ ਫੈਸਲਾ ਬੋਰਡ ਆਫ ਡਾਇਰੈਕਟਰ ਵੱਲੋਂ ਲਿਆ ਗਿਆ ਹੈ ਅਤੇ ਇਸ ਨੂੰ ਵਾਪਸ ਨਹੀਂ ਲਿਆ ਜਾ ਸਕਦਾ ਪਰੰਤੂ ਜੇਕਰ ਕਰਮਚਾਰੀ ਇਸ ਸਬੰਧੀ ਕੋਈ ਮੰਗ ਕਰਨਾ ਚਾਹੁੰਦੇ ਹਨ ਤਾਂ ਉਸ ਨੂੰ ਲਿਖਤੀ ਰੂਪ ਵਿੱਚ ਦੇਣ।
ਪ੍ਰਾਪਤ ਜਾਣਕਾਰੀ ਅਨੁਸਾਰ ਚੇਅਰਮੈਨ ਵੱਲੋਂ ਨਾਂਹ ਵਿੱਚ ਸਪੱਸ਼ਟ ਜਵਾਬ ਮਿਲਣ ਤੇ ਕਰਮਚਾਰੀ ਆਗੂ ਮੀਟਿੰਗ ਛੱਡ ਕੇ ਬਾਹਰ ਆ ਗਏ ਅਤੇ ਉਹਨਾਂ ਵੱਲੋਂ ਅੱਜ ਦੀ 2 ਘੰਟੇ ਦੀ ਹੜਤਾਲ ਨੂੰ ਪੂਰੇ ਦਿਨ ਵਿੱਚ ਤਬਦੀਲ ਕਰਨ ਦੇ ਨਾਲ ਨਾਲ ਇਸ ਮਸਲੇ ਦਾ ਹੱਲ ਹੋਣ ਦੇ ਤੱਕ ਅਣਮਿੱਥੇ ਸਮੇੱ ਲਈ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਗਿਆ। ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਸਿੰਘ ਸੈਣੀ ਅਤੇ ਜਨਰਲ ਸਕੱਤਰ ਪਰਵਿੰਦਰ ਸਿੰਘ ਖੰਗੂੜਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਲਕੇ 27 ਸਤੰਬਰ ਨੂੰ ਸਿੱਖਿਆ ਬੋਰਡ ਭਵਨ ਸਮੇਤ ਜ਼ਿਲ੍ਹਾ ਪੱਧਰੀ ਸਾਰੇ ਖੇਤਰੀ ਦਫ਼ਤਰਾਂ ਦੇ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਸਵੇਰੇ ਤੋਂ ਆਪਣਾ ਕੰਮ ਠੱਪ ਰੱਖਣਗੇ। ਉਨ੍ਹਾਂ ਨੇ ਚੇਅਰਮੈਨ ਕ੍ਰਿਸ਼ਨ ਕੁਮਾਰ ’ਤੇ ਤਾਨਾਸ਼ਾਹੀ ਰਵੱਈਆ ਅਪਨਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮੁਲਾਜ਼ਮਾਂ ਦੀਆਂ ਅਸਾਮੀਆਂ ਘੱਟ ਕਰਨ ਤੋਂ ਪਹਿਲਾਂ ਐਸੋਸੀਏਸ਼ਨ ਨੂੰ ਭਰੋਸੇ ਵਿੱਚ ਲਿਆ ਜਾਵੇਗਾ ਪਰ ਅਜਿਹਾ ਨਹੀਂ ਹੋਇਆ।
ਇਸੇ ਦੌਰਾਨ ਗੌਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਚਮਕੌਰ ਸਿੰਘ ਖੇੜੀ, ਡੀਪੀਆਈ ਮਨਿਸਟਰੀਅਲ ਸਟਾਫ਼ ਯੂਨੀਅਨ ਦੇ ਜਨਰਲ ਸਕੱਤਰ ਪਵਨਜੀਤ ਸਿੰਘ ਅਤੇ ਈਟੀਟੀ ਟੀਚਰ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਤਾਲਾਵਾਲ ਨੇ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਮੁਲਾਜ਼ਮਾਂ ਦੇ ਹਿੱਤਾਂ ਲਈ ਵਿੱਢੇ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੁਲਾਜ਼ਮ ਜਥੇਬੰਦੀ ਰਾਜ ਪੱਧਰੀ ਰੋਸ ਮੁਜ਼ਾਹਰਾ ਕਰੇਗੀ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਮੈਨੇਜਮੈਂਟ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਬੋਰਡ ਆਫ ਡਾਇਰੈਕਟਰ ਵਲੋੱ ਰੈਸ਼ੇਲਾਈਜੇਸ਼ਨ ਦੇ ਤਹਿਤ ਪਿਛਲੇ ਲੰਬੇ ਸਮੇੱ ਤੋੱ ਖਾਲੀ ਚਲੀਆਂ ਆ ਰਹੀਆਂ 518 ਅਸਾਮੀਆਂ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਫੈਸਲੇ ਨੂੰ ਵਾਪਿਸ ਨਹੀਂ ਲਿਆ ਜਾਵੇਗਾ। ਉਹਨਾਂ ਕਿਹਾ ਉਹਨਾਂ ਵੱਲੋਂ ਕਰਮਚਾਰੀ ਆਗੂਆਂ ਨੂੰ ਆਪਣੀ ਮੰਗ ਲਿਖ ਕੇ ਦੇਣ ਲਈ ਕਿਹਾ ਗਿਆ ਹੈ। ਇੱਥੇ ਇਹ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਬੋਰਡ ਮੀਟਿੰਗ ਦੌਰਾਨ ਚੇਅਰਮੈਨ ਅਤੇ ਬੋਰਡ ਮੈਂਬਰਾਂ ਦਾ ਘਿਰਾਓ ਵੀ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…