Nabaz-e-punjaab.com

ਸਿੱਖਿਆ ਬੋਰਡ ਦਿਹਾੜੀਦਾਰ ਕਰਮਚਾਰੀ ਯੂਨੀਅਨ ਨੇ ਲੋੜਵੰਦਾਂ ਨੂੰ ਖਾਣਾ ਪਰੋਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਾਰਚ:
ਕਰੋਨਾਵਾਇਰਸ ਕਾਰਨ ਕਰਫਿਊ ਦੇ ਚੱਲਦਿਆਂ ਜਿੱਥੇ ਪੰਜਾਬ ਸਰਕਾਰ ਅਤੇ ਗੁਰੂ ਨਾਨਕ ਲੇਵਾ ਸਾਧ ਸੰਗਤ ਮਜ਼ਦੂਰਾਂ ਨੂੰ ਭੁੱਖ ਮਰੀ ਤੋਂ ਬਚਾਉਣ ਲਈ ਘਰ-ਘਰ ਜਾ ਕੇ ਲੰਗਰ ਤੇ ਹੋਰ ਜ਼ਰੂਰੀ ਸਮਾਨ ਪਹੁੰਚਾ ਰਹੀ ਹੈ। ਉੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕੰਮ ਕਰਨ ਵਾਲੇ ਦਿਹਾੜੀਦਾਰ ਕਰਮਚਾਰੀ ਯੂਨੀਅਨ ਵੱਲੋਂ ਲੰਗਰ ਤਿਆਰ ਕਰਕੇ ਮਜ਼ਦੂਰਾਂ ਨੂੰ ਘਰ-ਘਰ ਭੇਜਿਆ ਜਾ ਰਿਹਾ ਹੈ। ਇਹ ਦਿਹਾੜੀਦਾਰ ਕਰਮਚਾਰੀ ਭਾਵੇਂ ਸਿੱਖਿਆ ਬੋਰਡ ਵਿੱਚ ਸਿਰਫ਼ 7-8 ਹਜ਼ਾਰ ਤਨਖ਼ਾਹ ’ਤੇ ਕੰਮ ਰਹੇ ਹਨ ਪਰ ਇਸ ਦੇ ਬਾਵਜੂਦ ਉਹ ਕਰੋਨਾ ਖ਼ਿਲਾਫ਼ ਵਿੱਢੀ ਜੰਗ ਵਿੱਚ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ। ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਣਧੀਰ ਸਿੰਘ ਅਤੇ ਜਨਰਲ ਸਕੱਤਰ ਅਸ਼ੋਕ ਕੁਮਾਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਇਸ ਮਹਾਂਮਾਰੀ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਚਾਹੀਦਾ ਹੈ।
ਨੌਜਵਾਨ ਆਗੂ ਇੰਦਰਪਾਲ ਸਿੰਘ ਧਨੋਆ ਅਤੇ ਆਲ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਬੱਲ ਅਤੇ ਸਮਾਜ ਸੇਵੀ ਜਗਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਲੋੜਵੰਦਾਂ ਦੀ ਮਦਦ ਲਈ ਗੁਰਦੁਆਰਾ ਸਾਹਿਬ ਸੈਕਟਰ-69 ਵਿੱਚ ਲੰਗਰ ਤਿਆਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੰਸਥਾਵਾਂ ਦੇ ਮੈਂਬਰਾਂ ਦੀਆਂ ਅੌਰਤਾਂ ਵੱਲੋਂ ਆਪਣੇ ਘਰਾਂ ’ਚੋਂ ਖਾਣਾ ਬਣਾ ਕੇ ਗਰੇਸ਼ੀਅਨ ਹਸਪਤਾਲ, ਮਾਇਓ ਹਸਪਤਾਲ, ਕੋਸਮੋ ਹਸਪਤਾਲ ਅਤੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਧਰ, ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਤੇ ਐਸਜੀਸੀਪੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵੱਲੋਂ ਪੀਜੀ ਅਤੇ ਕਿਰਾਏ ਦੇ ਮਕਾਨਾਂ ਵਿੱਚ ਰਹਿੰਦੇ ਬਾਹਰਲੇ ਸੂਬਿਆਂ ਅਤੇ ਜ਼ਿਲ੍ਹਿਆਂ ਵਿਅਕਤੀਆਂ ਸਮੇਤ ਹੋਰ ਲੋੜਵੰਦਾਂ ਨੂੰ ਤਿਆਰ ਕੀਤਾ ਖਾਣਾ ਅਤੇ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਐਸਜੀਪੀਸੀ ਸਟਾਫ਼ ਅਤੇ ਗੁਰੂ ਘਰ ਦੇ ਹੋਰ ਸੇਵਾਦਾਰ ਦਿਨ ਰਾਤ ਮਨੁੱਖਤਾ ਦੀ ਸੇਵਾ ਵਿੱਚ ਲੱਗੇ ਹੋਏ ਹਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…