Nabaz-e-punjab.com

ਸਿੱਖਿਆ ਬੋਰਡ, ਡੀਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਗਾ ਕੇ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਸਤੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਬੋਰਡ ਮੁਲਾਜ਼ਮਾਂ ਨੇ ਅੱਜ ਮੁਕੰਮਲ ਹੜਤਾਲ ਕੀਤੀ। ਇਸ ਦੌਰਾਨ ਬੋਰਡ ਦੇ ਮੁਲਾਜ਼ਮਾਂ ਕਾਲੇ ਬਿੱਲੇ ਲਗਾ ਕੇ ਸਰਕਾਰ ਪ੍ਰਤੀ ਰੋਸ ਪ੍ਰਗਟਾਇਆ। ਮੁਲਾਜ਼ਮ ਜਥੇਬੰਦੀ ਦੇ ਮੀਤ ਪ੍ਰਧਾਨ ਪ੍ਰਭਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਭਲਕੇ ਸ਼ੁੱਕਰਵਾਰ ਨੂੰ ਵੀ ਬੋਰਡ ਦੇ ਦਫ਼ਤਰੀ ਕਰਮਚਾਰੀ ਹੜਤਾਲ ’ਤੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣ ਵਾਅਦੇ ਪੁਰੇ ਕਰਨ ਦੀ ਬਜਾਏ ਪਹਿਲਾਂ ਤੋਂ ਨੌਕਰੀ ਕਰ ਰਹੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਤੋਂ ਮੂੰਹ ਮੋੜ ਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਬੋਰਡ ਦੀ ਖ਼ੁਦਮੁਖ਼ਤਿਆਰੀ ਬਹਾਲ ਕਰਵਾਉਣ ਅਤੇ ਸਰਕਾਰ ਵੱਲ ਕਿਤਾਬਾਂ ਦੀ ਸਪਲਾਈ ਅਤੇ ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ਦੀ ਬਕਾਇਆ ਰਾਸ਼ੀ ਲੈਣ ਲਈ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਵਿੱਢਿਆ ਜਾਵੇਗਾ।
ਉਧਰ, ਖੇਤੀਬਾੜੀ ਵਿਭਾਗ ਅਤੇ ਸਮੂਹ ਡੀਸੀ ਦਫ਼ਤਰ ਐਂਪਲਾਈਜ਼ ਯੂਨੀਅਨ ਪੰਜਾਬ ਦੇ ਬੈਨਰ ਹੇਠ ਅੱਜ ਡੀਸੀ ਦਫ਼ਤਰਾਂ ਦੇ ਮੁਲਾਜ਼ਮਾਂ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮ ਦੀਆਂ ਭਖਦੀਆਂ ਮੰਗਾਂ ਮਨਵਾਉਣ ਲਈ ਸੂਬਾ ਸਰਕਾਰ ’ਤੇ ਦਬਾਅ ਬਣਾਉਣ ਲਈ ਹੜਤਾਲ ਕੀਤੀ ਗਈ। ਸੂਬਾ ਚੇਅਰਮੈਨ ਓਮ ਪ੍ਰਕਾਸ਼ ਅਤੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਸਮੂਹ ਕਰਮਚਾਰੀਆਂ ਨੇ ਕਲਮਛੋੜ ਹੜਤਾਲ ਕੀਤੀ। ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਆਪਣੇ ਕੰਮਾਂ ਕਾਰਾਂ ਲਈ ਆਏ ਵਿਅਕਤੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਯੂਨੀਅਨ ਦੇ ਸੂਬਾ ਚੇਅਰਮੈਨ ਓਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਆਪਣੇ ਚੋਣ ਵਾਅਦਿਆਂ ਤੋਂ ਭੱਜ ਰਹੀ ਹੈ ਅਤੇ ਮੁਲਾਜ਼ਮਾਂ-ਦੀਆਂ ਹੱਕੀ ਮੰਗਾਂ ਮੰਨਣ ਦੀ ਥਾਂ ਉਲਟਾ ਮੁਲਾਜ਼ਮਾਂ ਤੋਂ 200 ਰੁਪਏ ਮਹੀਨਾ ਜਜ਼ੀਆ ਟੈਕਸ ਲਗਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਤਾਂ ਕੀ ਕਰਨਾ ਸੀ, ਉਲਟਾ ਪਹਿਲਾਂ ਤੋਂ ਨੌਕਰੀ ’ਤੇ ਤਾਇਨਾਤ ਕਰਮਚਾਰੀਆਂ ਦੀਆਂ ਛਾਂਟੀਆਂ ਕਰਨ ਅਤੇ ਦੁਰ ਦੁਰਾਡੇ ਬਦਲੀਆਂ ਕਰਨ ਦੇ ਰਾਹ ਪੈ ਗਈ ਹੈ। ਉਨ੍ਹਾਂ ਜੇਕਰ ਹੁਣ ਵੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਮੁਲਾਜ਼ਮ ਸਰਕਾਰ ਦੇ ਖ਼ਿਲਾਫ਼ ਸੜਕਾਂ ’ਤੇ ਆਉਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਇਸੇ ਦੌਰਾਨ ਹੋਰਨਾਂ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨੇ ਵੀ ਹੜਤਾਲ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…