nabaz-e-punjab.com

ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਦਾ ਮਾਮਲਾ ਸਿੱਖਿਆ ਮੰਤਰੀ ਤੇ ਸਕੱਤਰ ਕੋਲ ਪੁੱਜਾ

ਵਿਰੋਧੀ ਧਿਰ ਨੇ ਲਿਖਤੀ ਸ਼ਿਕਾਇਤ ਦੇ ਕੇ ਮੌਜੂਦਾ ਕਾਬਜ਼ ਧੜੇ ’ਤੇ ਸਮੇਂ ਸਿਰ ਚੋਣਾਂ ਨਾ ਕਰਵਾਉਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਕਤੂਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ (ਰਜਿਸਟ੍ਰੇਸ਼ਨ ਨੰਬਰ-42) ਦੀਆਂ ਸਾਲਾਨਾ ਚੋਣਾਂ ਦਾ ਮਾਮਲਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਕੋਲ ਪਹੁੰਚ ਗਿਆ ਹੈ। ਵਿਰੋਧੀ ਧਿਰ ਵੱਲੋਂ ਸਾਬਕਾ ਪ੍ਰਧਾਨ ਸੁਖਚੈਨ ਸਿੰਘ ਸੈਣੀ ਅਤੇ ਸਾਬਕਾ ਜਨਰਲ ਸਕੱਤਰ ਪਰਵਿੰਦਰ ਸਿੰਘ ਖੰਗੂੜਾ ਨੇ ਸਿੱਖਿਆ ਮੰਤਰੀ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਸ਼ਿਕਾਇਤ ਦੇ ਕੇ ਮੁਲਾਜ਼ਮ ਜਥੇਬੰਦੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕੀਤੀ ਹੈ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਿਰੋਧੀ ਧਿਰ ਦੀ ਸ਼ਿਕਾਇਤ ਨੂੰ ਅਗਲੀ ਕਾਰਵਾਈ ਲਈ ਸਕੂਲ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੂੰ ਲਿਖਿਆ ਹੈ।
ਵਿਰੋਧੀ ਧਿਰ ਦਾ ਕਹਿਣਾ ਹੈ ਕਿ ਮੁਲਾਜ਼ਮ ਜਥੇਬੰਦੀ ਦੇ ਸੰਵਿਧਾਨ ਅਨੁਸਾਰ ਮਿਆਦ ਪੂਰੀ ਹੋਣ ਤੋਂ ਪਹਿਲਾਂ-ਪਹਿਲਾਂ ਚੋਣਾਂ ਕਰਵਾਉਣੀਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਕ ਮਿਆਦ ਪੂਰੀ ਹੋਣ ’ਤੇ ਕਾਬਜ਼ ਗਰੁੱਪ ਵੱਲੋਂ ਇਕ ਮਹੀਨਾ ਪਹਿਲਾਂ ਮੌਜੂਦਾ ਜਥੇਬੰਦੀ ਨੂੰ ਭੰਗ ਕਰਕੇ ਨਵੀਆਂ ਚੋਣਾਂ ਦਾ ਸ਼ਡਿਊਲ ਜਾਰੀ ਕਰਕੇ ਮੁਲਾਜ਼ਮਾਂ ਦਾ ਜਨਰਲ ਇਜਲਾਸ ਬੁਲਾਉਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਲ 2018 ਵਿੱਚ 14 ਸਤੰਬਰ ਨੂੰ ਚੋਣਾਂ ਹੋਈਆਂ ਸਨ। ਉਸ ਅਨੁਸਾਰ ਜਥੇਬੰਦੀ ਦੀ ਮਿਆਦ ਦੋ ਮਹੀਨੇ ਪਹਿਲਾਂ ਹੀ ਖ਼ਤਮ ਹੋ ਚੁੱਕੀ ਹੈ। ਇਸ ਦੇ ਬਾਵਜੂਦ ਵੀ ਨਵੀਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ ਹਨ। ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਵਿਰੋਧੀ ਧਿਰ ਨੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਕਿ ਮੁਲਾਜ਼ਮ ਜਥੇਬੰਦੀ ’ਤੇ ਕਾਬਜ਼ ਗਰੁੱਪ ਨੂੰ ਬੀਤੀ 19 ਸਤੰਬਰ ਅਤੇ ਫਿਰ ਬੀਤੀ 11 ਅਕਤੂਬਰ ਨੂੰ ਦੋ ਯਾਦ ਪੱਤਰ ਦਿੱਤੇ ਜਾ ਚੁੱਕੇ ਹਨ ਪ੍ਰੰਤੂ ਹੁਣ ਤੱਕ ਚੋਣਾਂ ਕਰਵਾਉਣ ਸਬੰਧੀ ਲਿਖਤੀ ਜਾਂ ਜੁਬਾਨੀ ਕੋਈ ਠੋਸ ਜਵਾਬ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੂੰ ਨਿੱਜੀ ਦਖ਼ਲ ਦੇ ਕੇ ਮੁਲਾਜ਼ਮ ਜਥੇਬੰਦੀ ਦੀਆਂ ਸਾਲਾਨਾ ਚੋਣਾਂ ਕਰਵਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਸਬੰਧੀ ਕੋਈ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ ਤਾਂ ਜਥੇਬੰਦੀ ਦੇ ਸੰਵਿਧਾਨ ਅਨੁਸਾਰ ਉਹ (ਵਿਰੋਧੀ ਧਿਰ) ਸਕੂਲ ਬੋਰਡ ਦੇ ਸਮੁੱਚੇ ਮੁਲਾਜ਼ਮਾਂ ਦਾ ਜਨਰਲ ਇਜਲਾਸ ਸੱਦ ਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਜੇਕਰ ਇਸ ਦੌਰਾਨ ਬੋਰਡ ਦੇ ਹਾਲਾਤ ਖਰਾਬ ਹੋਏ ਤਾਂ ਪੰਜਾਬ ਸਰਕਾਰ, ਬੋਰਡ ਮੈਨੇਜਮੈਂਟ ਅਤੇ ਉੱਚ ਅਧਿਕਾਰੀ ਜ਼ਿੰਮੇਵਾਰ ਹੋਣਗੇ। ਵਿਰੋਧੀ ਧਿਰ ਨੇ ਸ਼ਿਕਾਇਤ ਦਾ ਉਤਾਰਾ ਸਿੱਖਿਆ ਬੋਰਡ ਦੇ ਚੇਅਰਮੈਨ ਅਤੇ ਸਕੱਤਰ ਨੂੰ ਵੀ ਭੇਜਿਆ ਹੈ।
(ਬਾਕਸ ਆਈਟਮ)
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਿਰੋਧੀ ਧਿਰ ਦੀ ਗੱਲ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਪ੍ਰਾਪਤ ਸ਼ਿਕਾਇਤ ਸਕੂਲ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੂੰ ਭੇਜਦਿਆਂ ਨਿਯਮਾਂ ਤਹਿਤ ਕਾਰਵਾਈ ਕਰਨ ਲਈ ਕਿਹਾ ਹੈ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…