Nabaz-e-punjab.com

ਸਿੱਖਿਆ ਬੋਰਡ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਮਿਲਣ ਕਾਰਨ ਕਲਮਛੋੜ ਹੜਤਾਲ ਜਾਰੀ, ਲੋਕ ਪ੍ਰੇਸ਼ਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੂੰ ਜੂਨ ਮਹੀਨ ਦੀ ਤਨਖ਼ਾਹ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਪੈਨਸ਼ਨ ਨਾ ਮਿਲਣ ਦੇ ਰੋਸ ਵਜੋਂ ਚੱਲ ਰਹੀ ਲੜੀਵਾਰ ਕਲਮਛੋੜ ਹੜਤਾਲ ਅੱਜ ਚੌਥੇ ਦਿਨ ਵਿੱਚ ਦਾਖ਼ਲ ਹੋ ਗਈ ਹੈ। ਤਨਖ਼ਾਹ/ਪੈਨਸ਼ਨ ਨਾ ਮਿਲਣ ਕਾਰਨ ਮੁਲਾਜ਼ਮਾਂ ਅਤੇ ਰਿਟਾਇਰੀ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਅੱਜ ਬੋਰਡ ਦੇ ਮੁੱਖ ਦਫ਼ਤਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਜ਼ਿਲ੍ਹਾ ਖੇਤਰੀ ਦਫ਼ਤਰਾਂ ਵਿੱਚ ਪੂਰਨ ਤੌਰ ’ਤੇ ਹੜਤਾਲ ਰਹੀ। ਜਿਸ ਕਾਰਨ ਦੂਰ ਦੁਰਾਡੇ ਤੋਂ ਆਪਣੇ ਕੰਮਾਂ ਲਈ ਬੋਰਡ ਦਫ਼ਤਰ ਵਿਖੇ ਪਹੁੰਚੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲ ਕਿਤਾਬਾਂ ਅਤੇ ਫੀਸਾਂ ਦੀ ਅਦਾਇਗੀ ਦੇ ਰੂਪ ਵਿੱਚ 427 ਕਰੋੜੀ ਦੇਣਦਾਰੀ ਹੈ। ਇਸ ਤੋਂ ਇਲਾਵਾ ਬੋਰਡ ਇਮਾਰਤ ਵਿੱਚ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰਾਂ ਦੇ ਕਿਰਾਏ ਦੀ ਬਕਾਇਆ ਰਾਸ਼ੀ ਵਧ ਕੇ ਲਗਪਗ 20 ਕਰੋੜ ਹੋ ਗਈ ਹੈ ਪ੍ਰੰਤੂ ਸਰਕਾਰ ਨੇ ਹੁਣ ਤੱਕ ਇਕ ਧੇਲਾ ਵੀ ਨਹੀਂ ਦਿੱਤਾ। ਜਿਸ ਕਾਰਨ ਬੋਰਡ ਦੀ ਵਿੱਤੀ ਹਾਲਤ ਕਾਫੀ ਡਾਵਾਂਡੋਲ ਹੋ ਗਈ ਹੈ ਅਤੇ ਬੋਰਡ ਕਰਮਚਾਰੀਆਂ ਨੂੰ ਜੂਨ ਮਹੀਨੇ ਦੀ ਤਨਖ਼ਾਹ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਪੈਨਸ਼ਨ ਨਹੀਂ ਮਿਲੀ ਹੈ।
ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਚੱਲਦਿਆਂ ਪਹਿਲਾਂ ਹੀ ਘਰ ਚਲਾਉਣਾ ਅੌਖਾ ਹੈ, ਹੁਣ ਤਨਖ਼ਾਹ, ਪੈਨਸ਼ਨ ਜਾਰੀ ਨਾ ਹੋਣ ਕਾਰਨ ਮੁਲਾਜ਼ਮ ਰੋਜ਼ਮਰ੍ਹਾ ਦੇ ਖਰਚੇ ਕਰਨ ਤੋਂ ਵੀ ਤੰਗ ਹੋਏ ਪਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਤਨਖ਼ਾਹ ਅਤੇ ਪੈਨਸ਼ਨ ਨਹੀਂ ਮਿਲੀ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ ਅਤੇ ਪੈਦਾ ਹੋਏ ਹਾਲਾਤਾਂ ਲਈ ਬੋਰਡ ਮੈਨੇਜਮੈਂਟ, ਸਰਕਾਰ ਅਤੇ ਸਿੱਖਿਆ ਵਿਭਾਗ ਜ਼ਿੰਮੇਵਾਰ ਹੋਵੇਗਾ।
ਸੇਵਾਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਗੁਰਮੇਲ ਸਿੰਘ ਮੌਜੋਵਾਲ ਨੇ ਵੀ ਹੜਤਾਲ ਵਿੱਚ ਪੂਰਨ ਸਹਿਯੋਗ ਦਿੰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਜਥੇਬੰਦੀ ਮੁਲਾਜ਼ਮਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਭਵਿੱਖ ਵਿੱਚ ਵਿੱਢੇ ਜਾਣ ਵਾਲੇ ਸੰਘਰਸ਼ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ। ਇਸ ਮੌਕੇ ਗੁਰਚਰਨ ਸਿੰਘ ਤਰਮਾਲਾ, ਪਰਮਜੀਤ ਸਿੰਘ ਬੈਨੀਪਾਲ, ਸਤਨਾਮ ਸਿੰਘ ਸੱਤਾ, ਹਰਮਨਦੀਪ ਸਿੰਘ ਬੋਪਾਰਾਏ, ਗੁਰਦੀਪ ਸਿੰਘ ਪਨੇਸਰ, ਹਰਦੀਪ ਸਿੰਘ, ਰਮਨਦੀਪ ਗਿੱਲ, ਕੰਵਲਜੀਤ ਕੌਰ ਗਿੱਲ, ਕੁਲਦੀਪ ਸਿੰਘ ਮੰਡੇਰ, ਜਗਤਾਰ ਸਿੰਘ, ਬਲਵਿੰਦਰ ਸਿੰਘ, ਅਜੈਬ ਸਿੰਘ ਸਮੇਤ ਯੂਨੀਅਨ ਦੇ ਅਹੁਦੇਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …