Nabaz-e-punjab.com

ਪੰਜਾਬੀ ਨਾਲ ਮੋਹ: ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰ੍ਹਵੀਂ ਦਾ ਪਹਿਲਾਂ ਪੇਪਰ ਪੰਜਾਬੀ ਦਾ ਲਿਆ ਜਾਵੇਗਾ: ਕਲੋਹੀਆ

ਮਾਰਚ 2019 ਦੇ ਪਹਿਲੇ ਹਫ਼ਤੇ ਸ਼ੁਰੂ ਹੋਣਗੀਆਂ ਦਸਵੀਂ ਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ

ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਲਈ ਮਾਪਿਆਂ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਸਹਿਯੋਗ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਮਾਂ ਬੋਲੀ ਪੰਜਾਬੀ ਨਾਲ ਮੋਹ ਦਿਖਾਉਂਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਤਕੀਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਪਹਿਲਾਂ ਪੇਪਰ ਪੰਜਾਬੀ ਵਿਸ਼ੇ ਦਾ ਲੈਣ ਦਾ ਫੈਸਲਾ ਲਿਆ ਹੈ। ਇਹ ਫੈਸਲਾ ਸਕੂਲ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਦੀ ਪ੍ਰਧਾਨਗੀ ਹੇਠ ਬੋਰਡ ਆਫ਼ ਡਾਇਰੈਕਟਰਜ਼ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮਾਰਚ 2019 ਦੇ ਪਹਿਲੇ ਹਫ਼ਤੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ ਅਤੇ ਦੋਵੇਂ ਸ਼੍ਰੇਣੀਆਂ ਦਾ ਪਹਿਲਾਂ ਪੇਪਰ ਪੰਜਾਬੀ ਦਾ ਲਿਆ ਜਾਵੇਗਾ। ਉਨ੍ਹਾਂ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਇਸ ਸਬੰਧੀ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਨਾਲ ਨਾਲ ਬੱਚਿਆਂ ਦੇ ਮਾਪਿਆਂ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਸਹਿਯੋਗ ਲਿਆ ਜਾਵੇਗਾ।
ਸ੍ਰੀ ਕਲੋਹੀਆ ਨੇ ਦੱਸਿਆ ਕਿ ਨਕਲ ਰੋਕਣ ਅਤੇ ਸੁਖਾਵੇਂ ਮਾਹੌਲ ਵਿੱਚ ਪੀ੍ਰਖਿਆਵਾਂ ਕਰਵਾਉਣ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਓਪਨ ਸਕੂਲਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੀਖਿਆ ਕੇਂਦਰ ਬਣਾ ਕੇ ਉੱਥੇ ਇੱਕ ਪੱਕਾ ਆਬਜ਼ਰਵਰ ਅਤੇ ਦੋ ਪੁਲੀਸ ਮੁਲਜ਼ਮ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦਸਵੀਂ ਦੇ 7734 ਸਕੂਲਾਂ ਦੇ 3 ਲੱਖ 26 ਹਜ਼ਾਰ 897 ਰੈਗੂਲਰ ਵਿਦਿਆਰਥੀਆਂ ’ਚੋਂ 3 ਲੱਖ 20 ਹਜ਼ਾਰ 990 ਵਿਦਿਆਰਥੀਆਂ ਦੀ ਫੀਸ ਆ ਚੁੱਕੀ ਹੈ। ਇੰਝ ਹੀ ਬਾਰ੍ਹਵੀਂ ਦੇ 4039 ਸਕੂਲਾਂ ’ਚੋਂ 2 ਲੱਖ 75 ਹਜ਼ਾਰ 120 ਵਿਦਿਆਰਥੀਆਂ ’ਚੋਂ 2 ਲੱਖ 71 ਹਜ਼ਾਰ 134 ਵਿਦਿਆਰਥੀਆਂ ਦੀ ਫੀਸ ਪ੍ਰਾਪਤ ਹੋਈ ਹੈ। ਓਪਨ ਸਕੂਲਾਂ ਦੇ 23 ਹਜ਼ਾਰ 614 ਵਿਦਿਆਰਥੀਆਂ ’ਚੋਂ 22,920 ਬੱਚਿਆਂ ਦੀ ਫੀਸ ਆ ਚੁੱਕੀ ਹੈ। ਪ੍ਰੀਖਿਆਵਾਂ ਸਬੰਧੀ ਡੇਟਸ਼ੀਟ ਵੀ ਬੈਂਕਾਂ ਦੀਆਂ ਛੁੱਟੀਆਂ ਮੁਤਾਬਕ ਤਿਆਰ ਕੀਤੀ ਜਾਵੇਗੀ।
ਬੋਰਡ ਮੁਖੀ ਨੇ ਦੱਸਿਆ ਕਿ ਸਾਲਾਨਾ ਪ੍ਰੀਖਿਆਵਾਂ ਸਬੰਧੀ ਸਰਹੱਦੀ ਜ਼ਿਲ੍ਹਿਆਂ ਦੇ ਸਕੂਲ ਮੁਖੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗਾਂ ਕਰਕੇ ਪ੍ਰੀਖਿਆਵਾਂ ਦੌਰਾਨ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐਤਕੀਂ ਪ੍ਰੀਖਿਆ ਕੇਂਦਰਾਂ ਵਿੱਚ ਹਰੇਕ ਸਕੂਲਾਂ ਦੇ 40 ਫੀਸਦੀ ਅਧਿਆਪਕਾਂ ਨੂੰ ਛੱਡ ਕੇ ਬਾਕੀ 60 ਫੀਸਦੀ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ ਤਾਂ ਜੋ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਦੂਜੀਆਂ ਕਲਾਸਾਂ ਦੀਆਂ ਪ੍ਰੀਖਿਆਵਾਂ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਮੁੱਢਲੀਆਂ ਸਹੂਲਤਾਂ ਵਾਲੇ ਪ੍ਰਾਈਵੇਟ ਸਕੂਲਾਂ ਵਿੱਚ ਹੀ ਪ੍ਰੀਖਿਆ ਕੇਂਦਰ ਬਣਾਏ ਜਾਣਗੇ ਅਤੇ ਇੱਕ ਪ੍ਰੀਖਿਆ ਕੇਂਦਰ ਵਿੱਚ 500 ਤੋਂ ਵੱਧ ਵਿਦਿਆਰਥੀ ਨਹੀਂ ਬਿਠਾਏ ਜਾਣਗੇ। ਉਨ੍ਹਾਂ ਦੱਸਿਆ ਕਿ ਯੂਨੀਅਨ ਦੀ ਮੰਗ ਅਨੁਸਾਰ ਪਿਛਲੇ ਸਾਲ ਹੜਤਾਲ ਦੌਰਾਨ ਕਰਮਚਾਰੀਆਂ ਨੂੰ 6 ਦਿਨਾਂ ਦੀ ਕੱਟੀ ਤਨਖ਼ਾਹ ਜਲਦੀ ਰਿਲੀਜ਼ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੁਲਾਜ਼ਮਾਂ ਤੋਂ ਟੁੱਟ ਭੰਨ ਲਈ ਜਾਂਦੀ 10 ਫੀਸਦੀ ਰਾਸ਼ੀ ਘਟਾ ਕੇ 5 ਫੀਸਦੀ ਕੀਤੀ ਗਈ ਹੈ ਅਤੇ ਰਿਹਾਇਸ਼ੀ ਕੈਪਲੈਕਸ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਾਈਸ ਚੇਅਰਮੈਨ ਦੀ ਅਗਵਾਈ ਹੇਠ 5 ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਤੋਂ ਇਲਾਵਾ ਪਿਛਲੇ ਸਾਲ ਯੂਨੀਅਨ ਦੇ ਬੰਦ ਕੀਤੇ ਦਫ਼ਤਰ ਨੂੰ ਵੀ ਖੋਲ੍ਹ ਦਿੱਤਾ ਗਿਆ ਹੈ ਤਾਜ਼ਾ ਫੈਸਲੇ ਅਨੁਸਾਰ ਯੂਨੀਅਨ ਆਗੂ ਸਵੇਰੇ 2 ਘੰਟੇ ਦਫ਼ਤਰ ਬੈਠ ਕੇ ਮੀਟਿੰਗ ਵਗੈਰਾ ਕਰ ਸਕਣਗੇ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…