Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਵੱਲੋਂ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਵਾਲਾ ਇਸ਼ਤਿਹਾਰ ਰੱਦ ਕੱਚੇ ਅਧਿਆਪਕਾਂ ਨੇ ਤਾਜ਼ਾ ਫੈਸਲੇ ਨੂੰ ਸੰਘਰਸ਼ ਦੀ ਜਿੱਤ ਦੱਸਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ: ਸਿੱਖਿਆ ਵਿਭਾਗ ਪੰਜਾਬ ਨੇ ਇਕ ਅਹਿਮ ਫੈਸਲਾ ਲੈਂਦਿਆਂ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਵਾਲਾ ਇਸ਼ਤਿਹਾਰ ਮੁੱਢੋਂ ਰੱਦ ਕਰ ਦਿੱਤਾ ਹੈ। ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ (ਐਲੀਮੈਂਟਰੀ) ਦੇ ਤਾਜ਼ਾ ਹੁਕਮਾਂ ਵਾਲਾ ਇਕ ਸਰਕਾਰੀ ਪੱਤਰ ਅੱਜ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋਇਆ ਹੈ। ਇਸ ਸਬੰਧੀ ਸੰਪਰਕ ਕਰਨ ’ਤੇ ਇਸ ਗੱਲ ਦੀ ਪੁਸ਼ਟੀ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਸਿੱਖਿਆ ਵਿਭਾਗ ਦੇ ਭਰਤੀ ਸੈੱਲ ਦੇ ਇੰਚਾਰਜ ਜਰਨੈਲ ਸਿੰਘ ਕਾਲਕੇ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵਿਭਾਗ ਵੱਲੋਂ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਲਈ ਜਿਹੜਾ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਉਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ ਅਤੇ ਹੁਣ ਨਵੇਂ ਸਿਰਿਓਂ ਅਸਾਮੀਆਂ ਦੀ ਰਚਨਾ ਕਰਕੇ ਅਧਿਆਪਕਾਂ ਦੀ ਭਰਤੀ ਸਬੰਧੀ ਇਸ਼ਤਿਹਾਰ ਦਿੱਤਾ ਜਾਵੇਗਾ। ਉਧਰ, ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਲਗਾ ਕੇ ਬੈਠੇ ਕੱਚੇ ਅਧਿਆਪਕ ਯੂਨੀਅਨ ਦੇ ਆਗੂ ਇਸ ਸਰਕਾਰੀ ਪੱਤਰ ਨੂੰ ਆਪਣੇ ਸੰਘਰਸ਼ ਦੀ ਵੱਡੀ ਜਿੱਤ ਦੱਸ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਹੁਣ ਨਵੇਂ ਸਿਰੇ ਤੋਂ ਅਧਿਆਪਕਾਂ ਦੀ ਭਰਤੀ ਸਬੰਧੀ ਪੰਜਾਬ ਕੈਬਨਿਟ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਨਵੇਂ ਨਿਯਮਾਂ ਅਨੁਸਾਰ ਅਧਿਆਪਕਾਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਹੋਵੇਗਾ। ਆਗੂਆਂ ਨੇ ਕਿਹਾ ਕਿ ਉਹ ਸ਼ੁਰੂ ਤੋਂ ਕਹਿੰਦੇ ਆ ਰਹੇ ਹਨ ਕਿ 8393 ਅਸਾਮੀਆਂ ਦੀ ਭਰਤੀ ਰੋਕ ਕੇ ਮੌਜੂਦਾ ਹਾਲਾਤਾਂ ਮੁਤਾਬਕ ਘੱਟੋ-ਘੱਟ 13 ਹਜ਼ਾਰ ਅਸਾਮੀਆਂ ਦੀ ਰਚਨਾ ਕੀਤੀ ਜਾਵੇ ਤਾਂ ਜੋ ਸਾਰੇ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਰਾਹ ਪੱਧਰਾ ਹੋ ਸਕੇ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਰਾਹੀਂ 23 ਨਵੰਬਰ 2020 ਨੂੰ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਲਈ ਅਧਿਆਪਕਾਂ ਦੀ ਭਰਤੀ ਕਰਨ ਸਬੰਧੀ ਇਸ਼ਤਿਹਾਰ ਦਿੱਤਾ ਗਿਆ ਸੀ, ਹੁਣ ਡਾਇਰੈਕਟਰ ਸਿੱਖਿਆ ਵਿਭਾਗ (ਐਲੀਮੈਂਟਰੀ) ਵੱਲੋਂ ਅਚਾਨਕ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਰੋਕ ਲਈ ਗਈ ਹੈ ਅਤੇ ਪਿਛਲੇ ਸਾਲ 8393 ਅਸਾਮੀਆਂ ਭਰਨ ਲਈ ਦਿੱਤਾ ਇਸ਼ਤਿਹਾਰ ਰੱਦ ਕਰ ਦਿੱਤਾ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀ ਵੱਲੋਂ ਕਿਹਾ ਗਿਆ ਹੈ ਕਿ ਜਿਨ੍ਹਾਂ ਉਮੀਦਵਾਰਾਂ ਨੇ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕੀਤਾ ਸੀ, ਉਨ੍ਹਾਂ ਨੂੰ ਜਿਸ ਅਕਾਊਂਟ ’ਚੋਂ ਫੀਸ ਭਰੀ ਗਈ ਹੈ, ਉਸੇ ਅਕਾਉਂਟ ਵਿੱਚ ਫੀਸ ਦੇ ਸਾਰੇ ਪੈਸੇ ਵਾਪਸ ਭੇਜ ਦਿੱਤੇ ਜਾਣਗੇ। ਜਾਣਕਾਰੀਅ ਅਨੁਸਾਰ ਇੱਥੋਂ ਦੇ ਫੇਜ਼-3ਬੀ1 ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਪਲੈਕਸ ਅੰਦਰ ਸਿੱਖਿਆ ਵਿਭਾਗ ਦਾ ਭਰਤੀ ਸੈੱਲ ਸਥਾਪਿਤ ਕੀਤਾ ਗਿਆ ਹੈ। ਮੌਜੂਦਾ ਸਮੇਂ ਵਿੱਚ ਪੁਰਾਣੇ ਇਸ਼ਤਿਹਾਰ ਮੁਤਾਬਕ 8393 ਅਸਾਮੀਆਂ ਭਰਨ ਲਈ ਪ੍ਰੀ ਪ੍ਰਾਇਮਰੀ ਅਧਿਆਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਸੀ ਅਤੇ ਬੇਰੁਜ਼ਗਾਰ ਅਧਿਆਪਕਾਂ ਅਤੇ ਨੌਜਵਾਨ ਲੜਕੇ-ਲੜਕੀਆਂ ਨੂੰ ਇਹ ਭਰਤੀ ਪ੍ਰਕਿਰਿਆ ਨੇਪਰੇ ਚੜ੍ਹਨ ਨਾਲ ਸਿੱਖਿਆ ਵਿਭਾਗ ਵਿੱਚ ਨੌਕਰੀ ਮਿਲਣ ਦੀ ਆਸ ਬੱਝੀ ਸੀ ਲੇਕਿਨ ਹੁਣ ਤਾਜ਼ਾ ਫੈਸਲੇ ਨੇ ਨੌਜਵਾਨਾਂ ਦੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ ਹੈ। ਪਿਛਲੇ ਦਿਨੀਂ ਕੱਚੇ ਅਧਿਆਪਕਾਂ ਦੀ ਵੱਖਰੀ ਤਾਲਮੇਲ ਕੇਮਟੀ ਪੰਜਾਬ ਦੇ ਪੰਜ ਨੁਮਾਇੰਦੇ ਹੱਕਾਂ ਲਈ ਪਿੰਡ ਕੁੰਭੜਾ ਦੀ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ ਸੀ ਅਤੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਭਰਤੀ ਪ੍ਰਕਿਰਿਆ ਦੌਰਾਨ ਉਨ੍ਹਾਂ ਦਾ ਖਿਆਲ ਰੱਖਣ ਦਾ ਭਰੋਸਾ ਦੇ ਕੇ ਥੱਲੇ ਲਾਹਿਆ ਸੀ। ਬੇਰੁਜ਼ਗਾਰ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਅਧਿਕਾਰੀਆਂ ਵਿੱਚ ਆਪਸੀ ਤਾਲਮੇਲ ਨਾ ਹੋਣ ਦਾ ਖ਼ਮਿਆਜ਼ਾ ਬੇਰੁਜ਼ਗਾਰ ਨੌਜਵਾਨਾਂ ਨੂੰ ਭੁਗਤਨਾ ਪੈ ਰਿਹਾ ਹੈ। ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਜ਼ਮੀਨੀ ਹਕੀਕਤ ਤੋਂ ਵਾਕਿਫ਼ ਨਹੀਂ ਹਨ ਅਤੇ ਸਿੱਖਿਆ ਅਧਿਕਾਰੀ ਇਸ ਗੱਲਾ ਦਾ ਲਾਹਾ ਲੈਂਦੇ ਹੋਏ ਸਰਕਾਰ ਨੂੰ ਗਲਤ ਤੱਥ ਪੇਸ਼ ਕਰਕੇ ਗੁੰਮਰਾਹ ਕਰ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ