ਸਿੱਖਿਆ ਵਿਭਾਗ ਵੱਲੋਂ ਪਹਿਲੀ ਜਮਾਤ ਤੱਕ ਦੇ ਬੱਚਿਆਂ ਲਈ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਦੀ ਸ਼ੁਰੂਆਤ

ਤਿੰਨ ਮਹੀਨੇ ਪਲੇ-ਵੇਅ ਅਤੇ ਰੌਚਕ ਵਿਧੀਆਂ ਨਾਲ ਪਹਿਲੀ ਜਮਾਤ ਦੇ ਬੱਚਿਆਂ ਨੂੰ ਸਕੂਲੀ ਸਿੱਖਿਆ ਨਾਲ ਜੋੜਨ ਦਾ ਉਪਰਾਲਾ

ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਮਾਈਕ੍ਰੋ ਯੋਜਨਾਬੰਦੀ ਦੀ ਸਿਖਲਾਈ ਦੇਣ ਲਈ ਖਿੱਚੀ ਤਿਆਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਮੂਹ ਸਰਕਾਰੀ ਸਕੂਲਾਂ ਵਿੱਚ ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸਦੇ ਤਹਿਤ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਗ੍ਰਹਿਣ ਕਰਨ ਦੇ ਯੋਗ ਬਣਾਉਣ ਲਈ 3 ਮਹੀਨਿਆਂ ਦਾ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡੀਜੀਐਸਈ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪਿਛਲੇ 2 ਸਾਲਾਂ ਦੌਰਾਨ ਸਕੂਲਾਂ ਵਿੱਚ ਬੱਚਿਆਂ ਦਾ ਦਾਖ਼ਲਾ ਤਾਂ ਰਿਹਾ ਪਰ ਉਨ੍ਹਾਂ ਨੂੰ ਕੋਵਿਡ-19 ਦੀਆਂ ਲਾਜ਼ਮੀ ਬੰਦਸ਼ਾਂ ਕਾਰਨ ਲਗਾਤਾਰ ਕਲਾਸ-ਰੂਮ ਦਾ ਵਾਤਾਵਰਨ ਨਹੀਂ ਮਿਲ ਸਕਿਆ। ਜਿਸ ਕਾਰਨ ਇਨ੍ਹਾਂ ਬੱਚਿਆਂ ਦਾ ਸਕੂਲੀ ਸਿੱਖਿਆ ਪ੍ਰਾਪਤੀ ਦਾ ਆਧਾਰ ਕਮਜ਼ੋਰ ਰਹਿਣ ਦੇ ਜ਼ਿਆਦਾ ਖਦਸ਼ੇ ਜ਼ਾਹਰ ਕੀਤੇ ਜਾ ਸਕਦੇ ਹਨ। ਛੋਟੇ ਬੱਚਿਆਂ ਦੇ ਸਾਖਰਤਾ ਅਤੇ ਸੰਖਿਆ ਗਿਆਨ ਦੇ ਆਧਾਰ ਨੂੰ ਮਜ਼ਬੂਤੀ ਦੇਣ ਲਈ 3 ਮਹੀਨਿਆਂ ਦਾ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਪ੍ਰਭਾਵਸ਼ਾਲੀ ਸਿੱਧ ਹੋਵੇਗਾ।
ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ 3 ਮਹੀਨਿਆਂ ਦਾ ਪੂਰਾ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ। ਜਿਸ ਵਿੱਚ ਬੱਚਿਆਂ ਨੂੰ ਖੇਡ ਵਿਧੀ ਰਾਹੀਂ ਉਨ੍ਹਾਂ ਦਾ ਬੌਧਿਕ, ਮਾਨਸਿਕ, ਸਰੀਰਿਕ, ਰਚਨਾਤਮਿਕ ਅਤੇ ਸਮਾਜਿਕ ਭਾਈਚਾਰਕ ਸਾਂਝ ਦਾ ਵਿਕਾਸ ਕਰਦਿਆਂ ਸਿੱਖਿਆ ਗ੍ਰਹਿਣ ਕਰਨ ਲਈ ਉਨ੍ਹਾਂ ਦਾ ਆਧਾਰ ਮਜ਼ਬੂਤ ਕੀਤਾ ਜਾਣਾ ਹੈ। ਇਸ ਲਈ ਪਹਿਲਾਂ ਰਾਜ ਪੱਧਰ ’ਤੇ ਸਟੇਟ ਰਿਸੋਰਸ ਪਰਸਨ ਵੱਲੋਂ ਜ਼ਿਲ੍ਹਾ ਤੇ ਬਲਾਕ ਰਿਸੋਰਸ ਪਰਸਨ ਨੂੰ ਤਿਆਰ ਕੀਤਾ ਜਾਣਾ ਹੈ ਤਾਂ ਜੋ ਇਸ ਪ੍ਰੋਗਰਾਮ ਤਹਿਤ ਵਰਤੀਆਂ ਜਾਣ ਵਾਲੀਆਂ ਖੇਡ ਵਿਧੀਆਂ, ਬੱਚਿਆਂ ਦੀਆਂ ਮੋਟਰ ਸਕਿੱਲ ਦੇ ਵਿਕਾਸ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਇਨ੍ਹਾਂ ਗਤੀਵਿਧੀਆਂ ਦੇ ਨਾਲ ਸਬੰਧਤ ਸਿੱਖਣ ਸਹਾਇਕ ਸਮੱਗਰੀ ਦੀ ਜਾਣਕਾਰੀ ਅਧਿਆਪਕਾਂ ਤੱਕ ਪੁੱਜਦੀ ਕੀਤੀ ਜਾ ਸਕੇ।
ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਦੇ ਸਟੇਟ ਕੋਆਰਡੀਨੇਟਰ ਡਾ. ਹਰਪਾਲ ਸਿੰਘ ਬਾਜਕ ਨੇ ਦੱਸਿਆ ਕਿ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਦਾ ਉਦੇਸ਼ ਪਹਿਲੀ ਜਮਾਤ ਦੇ ਬੱਚਿਆਂ ਨੂੰ ਸਕੂਲੀ ਸਿੱਖਿਆ ਪ੍ਰਾਪਤ ਕਰਨ ਲਈ ਤਿਆਰ ਕਰਨਾ ਹੈ। ਪਿਛਲੇ 2-3 ਸਾਲਾਂ ਦੌਰਾਨ ਬੱਚਿਆਂ ਨੂੰ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਜ਼ਿਆਦਾਤਰ ਕਲਾਸ-ਰੂਮ ਦਾ ਮਾਹੌਲ ਨਾ ਮਿਲਣ ਕਾਰਨ ਬਹੁਤ ਸਾਰੀਆਂ ਸਿੱਖਣ-ਸਿਖਾਉਣ ਗਤੀਵਿਧੀਆਂ ਤੋਂ ਵਾਂਝਾ ਰਹਿਣਾ ਪਿਆ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਇਸ ਸੈਸ਼ਨ ਦੇ ਸਿੱਖਣ ਪੱਧਰਾਂ ਅਤੇ ਪਰਿਣਾਮਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਵਿਸ਼ੇਸ਼ ਤਕਨੀਕ ਦੀ ਵਰਤੋਂ ਕਰਦਿਆਂ ਇਹਨਾਂ ਬੱਚਿਆਂ ਦਾ ਬੇਸ ਲਾਇਨ, ਮਿਡ ਟੈਸਟ ਅਤੇ ਅੰਤਿਮ ਜਾਂਚ ਕੀਤੀ ਜਾਵੇਗੀ ਜਿਸ ਨਾਲ ਪਤਾ ਲਗਾਇਆ ਜਾ ਸਕੇਗਾ ਕਿ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਦਾ ਪਹਿਲੀ ਜਮਾਤ ਦੇ ਬੱਚਿਆਂ ਨੂੰ ਕਿਸ ਪੱਧਰ ਤੱਕ ਫਾਇਦਾ ਹੋ ਸਕਿਆ ਹੈ। ਨਾਲ ਹੀ ਵਿਭਾਗ ਵੱਲੋਂ ਅਧਿਆਪਕਾਂ ਰਾਹੀਂ ਇਨ੍ਹਾਂ ਬੱਚਿਆਂ ਨੂੰ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਚਾਰਟ ਅਤੇ ਗਤੀਵਿਧੀਆਂ ਸਬੰਧੀ ਵੀਡੀਓਜ਼ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਅਧਿਆਪਕ ਪ੍ਰੋਗਰਾਮ ਨੂੰ ਸਕੂਲ ਅਤੇ ਕਲਾਸ-ਰੂਮ ਅੰਦਰ ਸੁਚਾਰੂ ਢੰਗ ਨਾਲ ਲਾਗੂ ਕਰ ਸਕਣ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…