ਸਿੱਖਿਆ ਮੰਤਰੀ ਨੇ 77 ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਸਿੱਖਿਆ ਵਿਭਾਗ ਦੇ 77 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਵੰਡੇ। ਸਿੱਖਿਆ ਵਿਭਾਗ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਕੰਪਲੈਕਸ ਵਿਖੇ ਇਕ ਸਮਾਗਮ ਦੌਰਾਨ ਇਹ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਵਿਭਾਗ ਸਦਾ ਆਪਣੇ ਮੁਲਾਜ਼ਮਾਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਮੁਲਾਜ਼ਮ ਦੇ ਤੁਰ ਜਾਣ ਤੋਂ ਬਾਅਦ ਵਿਭਾਗ ਆਪਣੀ ਜ਼ਿੰਮੇਵਾਰੀ ਸਮਝਦਾ ਹੋਇਆ ਉਸ ਦੇ ਪਰਿਵਾਰ ਦੇ ਕਿਸੇ ਵਾਰਸ ਨੂੰ ਨੌਕਰੀ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਪਿਆ ਘਾਟਾ ਤਾਂ ਪੂਰਾ ਕੀਤਾ ਨਹੀਂ ਜਾ ਸਕਦਾ ਪਰ ਨੌਕਰੀ ਜ਼ਰੀਏ ਪਰਿਵਾਰਾਂ ਦੀ ਮੱਦਦ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸਿੱਖਿਆ ਮੰਤਰੀ ਨੇ ਨਵ ਨਿਯੁਕਤ ਮੁਲਾਜ਼ਮਾਂ ਦਾ ਵਿਭਾਗ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਭਾਗ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਵਿਭਾਗ ਵੀ ਇਹੋ ਆਸ ਕਰੇਗਾ ਕਿ ਨਵੇਂ ਨਿਯੁਕਤ ਮੁਲਾਜ਼ਮ ਆਪਣੀ ਸਖਤ ਮਿਹਨਤ ਤੇ ਲਗਨ ਨਾਲ ਵਿਭਾਗ ਦਾ ਨਾਂ ਰੌਸ਼ਨ ਕਰਨਗੇ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਖਿਆ ਵਿਭਾਗ ਨੂੰ ਵਿਸ਼ੇਸ਼ ਤਰਜੀਹ ਦੇ ਰਹੇ ਹਨ ਅਤੇ ਵਿਭਾਗ ਵੱਲੋਂ ਵੀ ਮਿਆਰੀ ਸਿੱਖਿਆ ਦੇਣ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਿੱਥੇ ਨਵੀਂ ਭਰਤੀ ਵੀ ਕੀਤੀ ਜਾ ਰਹੀ ਹੈ ਉਥੇ ਵਿਭਾਗ ਵੱਲੋਂ ਨਵੀਆਂ ਪਹਿਲਕਦਮੀਆਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 4-9-14 ਅਤੇ ਪਰਖ ਕਾਲ ਸਮਾਂ ਪੂਰਾ ਹੋਣ ’ਤੇ ਪੱਤਰ ਜਾਰੀ ਕਰਨ ਦੀਆਂ ਹੇਠਲੇ ਪੱਧਰ ’ਤੇ ਸ਼ਕਤੀਆਂ ਦੇਣ ਦੇ ਮੁਲਾਜ਼ਮ ਪੱਖੀ ਫੈਸਲੇ, ਪ੍ਰੀ ਪ੍ਰਾਇਮਰੀ ਕਲਾਸਾਂ, 1953 ਸਕੂਲਾਂ ਵਿੱਚ ਆਪਸ਼ਨ ਵਜੋਂ ਅੰਗਰੇਜ਼ੀ ਮਾਧਿਅਮ ਦੀ ਸ਼ੁਰੂ ਕੀਤੀ ਜਾ ਰਹੀ ਹੈ।
ਇਸ ਮੌਕੇ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਵੇਂ ਨਿਯੁਕਤ ਮੁਲਾਜ਼ਮ ਨੌਜਵਾਨ ਹਨ ਅਤੇ ਆਪਣੀ ਮਿਹਨਤ ਅਤੇ ਲਿਆਕਤ ਨਾਲ ਜੋ ਕੰਮ ਉਨ੍ਹਾਂ ਦੇ ਮਾਪੇ ਅਧੂਰੇ ਛੱਡ ਗਏ ਹਨ, ਉਨ੍ਹਾਂ ਨੂੰ ਪੂਰਿਆ ਕਰਨਗੇ। ਉਨ੍ਹਾਂ ਕਿਹਾ ਕਿ ਵਿਭਾਗ ਨੇ ਸਮੇਂ ਸਿਰ ਨਵੇਂ ਨਿਯੁਕਤ ਮੁਲਾਜ਼ਮਾਂ ਨੂੰ ਹੱਕ ਪ੍ਰਦਾਨ ਕੀਤਾ ਹੈ ਅਤੇ ਹੁਣ ਉਹ ਆਦਰਸ਼ ਮੁਲਾਜ਼ਮ ਬਣਕੇ ਆਪਣੀਆਂ ਸੇਵਾਵਾਂ ਰਾਹੀਂ ਸਿੱਖਿਆ ਵਿਭਾਗ ਵਿੱਚ ਭਰਵਾਂ ਯੋਗਦਾਨ ਪਾਉਣਗੇ। ਡੀਪੀਆਈ (ਸੈਕੰਡਰੀ) ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜਿਨ੍ਹਾਂ 77 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਵਿੱਚ 29 ਕਲਰਕ, 38 ਦਰਜਾ ਚਾਰ ਕਰਮਚਾਰੀ, 9 ਲਾਇਬ੍ਰੇਰੀ ਰਿਸਟੋਰਰ ਅਤੇ ਇੱਕ ਐਸ.ਐਲ.ਏ. ਸ਼ਾਮਲ ਹਨ। ਇਸ ਮੌਕੇ ਡੀਪੀਆਈ (ਐਲੀਮੈਂਟਰੀ ਸਿੱਖਿਆ) ਇੰਦਰਜੀਤ ਸਿੰਘ, ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੱਤਰ ਹਰਗੁਣਜੀਤ ਕੌਰ, ਡਿਪਟੀ ਡਾਇਰੈਕਟਰ ਧਰਮ ਸਿੰਘ ਤੇ ਸੁਪਰਡੈਂਟ ਪ੍ਰਭਜੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…