Nabaz-e-punjab.com

ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਅਧਿਆਪਕਾਂ ਤੋਂ ਵੱਧ ਮਿਹਨਤ ਕਰਨ ਸਕੂਲ ਮੁਖੀ: ਕ੍ਰਿਸ਼ਨ ਕੁਮਾਰ

ਤਿੰਨ ਜ਼ਿਲ੍ਹਿਆਂ ਦੇ ਸਕੂਲ ਮੁਖੀਆਂ ਨੂੰ ਤਿੰਨ ਮਹੀਨੇ ਦੀ ਯੋਜਨਾਬੰਦੀ ਲਈ ਹਦਾਇਤਾਂ ਦਿੱਤੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਅਜੋਕੇ ਸਮੇਂ ਵਿੱਚ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਬਣੇ ਮਿਆਰ ਨੂੰ ਬਰਕਰਾਰ ਰੱਖਦਿਆਂ ਹੋਰ ਸੁਧਾਰ ਦੀ ਜ਼ਰੂਰਤ ਨੂੰ ਮਹਿਸੂਸ ਕੀਤਾ ਜਾ ਰਿਹਾ ਹੈ। ਉਂਜ ਪ੍ਰਾਈਵੇਟ ਸਕੂਲਾਂ ਤੋਂ ਨਾਮ ਕਟਾ ਕੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ। ਇਸ ਤੋਂ ਸਪੱਸ਼ਟ ਪਤਾ ਚਲਦਾ ਹੈ ਕਿ ਪਿਛਲੇ ਸਾਲ ਦੌਰਾਨ ਅਧਿਆਪਕਾਂ ਨੇ ਸਖ਼ਤ ਮਿਹਨਤ ਕੀਤੀ ਹੈ ਪਰ ਇਸ ਮਿਹਨਤ ਦਾ ਫਲ ਤਾਹਿਓਂ ਸਾਹਮਣੇ ਆਵੇਗਾ ਜੇਕਰ ਮੌਜੂਦਾ ਸਮੇਂ ਵਿੱਚ ਵੀ ਸਕੂਲ ਮੁਖੀ ਅਧਿਆਪਕਾਂ ਤੋਂ ਵੱਧ ਮਿਹਨਤ ਕਰਕੇ ਆਪੋ-ਆਪਣੇ ਸਕੂਲ ਦੀ ਟੀਚਾ ਯੋਜਨਾਬੰਦੀ ਤਹਿਤ ਕੇਂਦਰਿਤ ਕਰਨਗੇ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹਾਈ ਸਕੂਲਾਂ ਦੇ ਮੁੱਖ ਅਧਿਆਪਕਾਂ ਤੇ ਇੰਚਾਰਜਾਂ ਦੀ ਇੱਕ ਰੋਜ਼ਾ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਮੀਟਿੰਗ ਵਿੱਚ ਜ਼ਿਲ੍ਹਾ ਫਰੀਦਕੋਟ, ਫਾਜ਼ਿਲਕਾ ਅਤੇ ਫਤਹਿਗੜ੍ਹ ਸਾਹਿਬ ’ਚੋਂ ਸਿੱਖਿਆ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ, ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਇੰਦਰਜੀਤ ਸਿੰਘ, ਡਿਪਟੀ ਡਾਇਰੈਕਟਰ ਮਨੋਜ ਕੁਮਾਰ ਵੀ ਹਾਜ਼ਰ ਸਨ।
ਇਸ ਮੌਕੇ ਸਿੱਖਿਆ ਸਕੱਤਰ ਨੇ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਦੇ ਨਾਲ-ਨਾਲ ਇਮਾਰਤਾਂ ਦੀ ਸਾਂਭ-ਸੰਭਾਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖ਼ਲੇ ਵਧਾਉਣ, ਸਮਾਂ ਸਾਰਣੀ ਅਨੁਸਾਰ ਅਧਿਆਪਕਾਂ ਵੱਲੋਂ ਰੋਜ਼ਾਨਾ ਜਮਾਤਾਂ ਵਿੱਚ ਪੜ੍ਹਾਉਣ, ਵਿਦਿਆਰਥੀਆਂ ਦੇ ਸਿੱਖਣ-ਪੱਧਰ ਵਿੱਚ ਸੁਧਾਰ ਅਤੇ ਜਮਾਤ ਅਨੁਸਾਰ ਸਿੱਖਣ ਪਰਿਣਾਮਾਂ ਦੇ ਪ੍ਰਾਪਤ ਕਰਨ ਦੀ ਰਿਪੋਰਟ ਤਿਆਰ ਕਰਨ, ਸਕੂਲਾਂ ਵਿੱਚ ਅਨੁਸ਼ਾਸਨ ਦਾ ਮਾਹੌਲ ਬਣਾਈ ਰੱਖਣ, ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਾਟਾ ਈ-ਪੋਰਟਲ ’ਤੇ ਬਿਨਾਂ ਦੇਰੀ ਅਪਲੋਡ ਕਰਨ, ਵਿਦਿਆਰਥੀਆਂ ਵਿੱਚ ਗਣਿਤ, ਵਿਗਿਆਨ ਤੇ ਅੰਗਰੇਜ਼ੀ ਭਾਸ਼ਾ ਦੀਆਂ ਧਾਰਨਾਵਾਂ ਸਮਝਣ ਦੀ ਰੁਚੀ ਪੈਂਦਾ ਕਰਨ ਲਈ ਪ੍ਰੇਰਿਆ। ਮੀਟਿੰਗ ਦੌਰਾਨ ਮੁੱਖ ਦਫ਼ਤਰ ਦੇ ਨੋਡਲ ਅਫ਼ਸਰਾਂ, ਸਕੂਲਾਂ ਦੇ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ, ਸਟੇਟ ਰਿਸੋਰਸ ਪਰਸਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…