ਸਿੱਖਿਆ ਸਕੱਤਰ ਨੇ ਮਿਸ਼ਨ ਸ਼ਤ-ਪ੍ਰਤੀਸ਼ਤ ਲਈ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਦਿੱਤੀ ਹੱਲਾਸ਼ੇਰੀ

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਐਜੂਸੈਟ ਰਾਹੀਂ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਕੀਤਾ ਸੰਬੋਧਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਮਿਸ਼ਨ ਸ਼ਤ-ਪ੍ਰਤੀਸ਼ਤ ਸਮੇਤ ਵਿਭਾਗ ਦੇ ਹੋਰਨਾਂ ਟੀਚਿਆਂ ਦੀ ਪੂਰਤੀ ਲਈ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਐਜੂਸੈਟ ਰਾਹੀਂ ਸੰਬੋਧਨ ਕੀਤਾ ਅਤੇ ਸੈਸ਼ਨ 2020-21 ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਬਣਾਉਣ ਲਈ ਹੱਲਾਸ਼ੇਰੀ ਦਿੰਦਿਆਂ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਆ।
ਉਨ੍ਹਾਂ ਕਿਹਾ ਕਿ 7 ਨਵੰਬਰ 2020 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਸ਼ਨ ਸ਼ਤ-ਪ੍ਰਤੀਸ਼ਤ 2021 ਦਾ ਆਗਾਜ਼ ਕਰਦਿਆਂ 100 ਫੀਸਦੀ ਵਿਦਿਆਰਥੀ ਪਾਸ ਹੋਣ ਅਤੇ ਜ਼ਿਆਦਾਤਰ ਵਿਦਿਆਰਥੀ 90 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ’ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਕੋਵਿਡ-19 ਦੇ ਮੱਦੇਨਜ਼ਰ ਤਾਲਾਬੰਦੀ ਦੌਰਾਨ ਕਰੋਨਾ ਯੋਧਿਆਂ ਵਾਂਗ ਅੱਗ ਹੋ ਕੇ ਕੰਮ ਕੀਤਾ ਅਤੇ ਵਧੀਆ ਨਤੀਜੇ ਲਈ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ, ਅਧਿਆਪਕਾਂ, ਨਾਨ-ਟੀਚਿੰਗ ਸਟਾਫ਼, ਮਿਡ-ਡੇਅ-ਮੀਲ ਵਰਕਰਾਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਪਿੰਡਾਂ ਅਤੇ ਸ਼ਹਿਰਾਂ ਦੇ ਪਤਵੰਤਿਆਂ ਨੇ ਅਹਿਮ ਭੂਮਿਕਾ ਨਿਭਾਈ ਹੈ।
ਸਰਕਾਰੀ ਸਕੂਲਾਂ ਵਿੱਚ ਸੈਸ਼ਨ 2020-21 ਦੇ ਦਾਖ਼ਲਿਆਂ ਵਿੱਚ ਰਿਕਾਰਡ ਵਾਧਾ ਕਰਨ ਲਈ ਈਚ ਵਨ, ਬਰਿੰਗ ਵਨ ਮੁਹਿੰਮ, ਪੰਜਾਬ ਪ੍ਰਾਪਤੀ ਸਰਵੇਖਣ ਵਿੱਚ ਸ਼ਮੂਲੀਅਤ ਅਤੇ ਸ਼ਾਨਦਾਰ ਕਾਰਗੁਜ਼ਾਰੀ, ਬੱਚਿਆਂ ਨੂੰ ਘਰ ਬੈਠੇ ਸਿੱਖਿਆ ਦੇਣ ਲਈ ਪੰਜਾਬ ਐਜੂਕੇਅਰ ਐਪ ਅਤੇ ਆਨਲਾਈਨ ਵਰਚੁਅਲ ਜਮਾਤਾਂ, ਬੁੱਕ ਬੈਂਕਾਂ ਅਤੇ ਨਵੀਆਂ ਪਾਠਕ੍ਰਮ ਦੀਆਂ ਕਿਤਾਬਾਂ ਦੀ ਸਮੇਂ ’ਤੇ ਵੰਡ, ਮਾਪੇ ਅਧਿਆਪਕ ਵਰਚੁਅਲ ਅਤੇ ਆਫਲਾਈਨ ਮਿਲਣੀਆਂ ਵਿੱਚ ਬੱਚਿਆਂ ਅਤੇ ਮਾਪਿਆਂ ਨੂੰ ਉਤਸ਼ਾਹਿਤ ਕਰਨਾ, ਸਕੂਲਾਂ ਨੂੰ ਸਮਾਰਟ ਬਣਾਉਣ, ਫਰਨੀਚਰ ਦੀ ਸੰਭਾਲ, ਹਫ਼ਤਾਵਾਰੀ ਅਤੇ ਦੋਮਾਹੀ ਟੈਸਟਾਂ ਦਾ ਆਯੋਜਨ ਅਤੇ ਮੁਲਾਂਕਣ ਕਰਕੇ ਵਿਦਿਆਰਥੀਆਂ ਦੀ ਅਗਵਾਈ ਕਰਨਾ, ਆਨਲਾਈਨ ਵਿੱਦਿਅਕ ਮੁਕਾਬਲਿਆਂ ਵਿੱਚ ਲੱਖਾਂ ਵਿਦਿਆਰਥੀਆਂ ਦੀ ਸ਼ਮੂਲੀਅਤ ਕਰਵਾਕੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕਾਰਜ ਸ਼ਲਾਘਾਯੋਗ ਰਹੇ ਹਨ।
ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਲਿਖਾਈ ਨੂੰ ਸੁੰਦਰ ਬਣਾਉਣ ਲਈ ਅੱਖਰਕਾਰੀ ਮੁਹਿੰਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣਾ, ਸਕੂਲ ਮੁਖੀਆਂ ਵੱਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਅੰਗਰੇਜ਼ੀ ਬੂਸਟਰ ਕਲੱਬਾਂ ਵਿੱਚ ਸ਼ਮੂਲੀਅਤ ਕਰਵਾ ਕੇ ਉਨ੍ਹਾਂ ਦੇ ਭਾਸ਼ਾਈ ਕੌਸ਼ਲਾਂ ਦੀ ਵਿਕਾਸ ਕਰਨਾ, ਮਿਡ-ਡੇ-ਮੀਲ ਮਟੀਰੀਅਲ ਦੀ ਬੱਚਿਆਂ ਨੂੰ ਘਰ-ਘਰ ਜਾ ਕੇ ਵੰਡ, ਈ-ਕੰਟੈਂਟ ਅਤੇ ਹੋਰ ਮਟੀਰੀਅਲ ਦੀ ਤਿਆਰ ਕਰਨਾ ਅਤੇ ਬੱਚਿਆਂ ਨੂੰ ਪੜ੍ਹਨ ਲਈ ਉਤਸ਼ਾਹਿਤ ਕਰਨਾ ਜਿਹੇ ਮਹੱਤਵਪੂਰਨ ਕਾਰਜਾਂ ਨੂੰ ਇਨ੍ਹਾਂ ਦਿਨਾਂ ਵਿੱਚ ਪ੍ਰਮੁੱਖਤਾ ਦੇ ਕੇ ਸਿੱਖਿਆ ਵਿਭਾਗ ਦਾ ਮਾਣ ਵਧਾਇਆ ਹੈ।
ਸਿੱਖਿਆ ਸਕੱਤਰ ਨੇ ਕਿਹਾ ਕਿ ਮਿਸ਼ਨ ਸ਼ਤ-ਪ੍ਰਤੀਸ਼ਤ 2021 ਨੂੰ ਸੰਜ਼ੀਦਗੀ ਨਾਲ ਲੈ ਕੇ ਵਿਦਿਆਰਥੀਆਂ ਦੀ ਦੋਮਾਹੀ ਟੈਸਟਾਂ ਦੀ ਕਾਰਗੁਜ਼ਾਰੀ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ ਜਾਵੇ। ਜਿਹੜੇ ਪੱਖਾਂ ਵਿੱਚ ਵਿਦਿਆਰਥੀ ਕਮਜ਼ੋਰ ਹਨ ਉਨ੍ਹਾਂ ਦੇ ਸਿੱਖਣ ਪਰਿਣਾਮਾਂ ਦੇ ਮੁਲਾਂਕਣ ਨੂੰ ਧਿਆਨ ਵਿੱਚ ਰੱਖਦਿਆਂ ਬੱਚਿਆਂ ਨੂੰ ਬਡੀ ਗਰੁੱਪ ਵਿੱਚ ਕੰਮ ਕਰਵਾਕੇ ਸਬੰਧਤ ਵਿਸ਼ੇ ਦੀਆਂ ਧਾਰਨਾਵਾਂ ਦੀ ਦੁਹਰਾਈ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਾਡਲ ਟੈਸਟ ਪੇਪਰਾਂ ਨਾਲ ਪਾਠਕ੍ਰਮ ਦੀ ਦੁਹਰਾਈ ਕਰਵਾਉਣ ਅਤੇ ਲਿਖਣ ਦਾ ਅਭਿਆਸ ਵੀ ਵਾਰ-ਵਾਰ ਕਰਵਾਇਆ ਜਾਵੇ ਤਾਂ ਜੋ ਗਲਤੀਆਂ ਨੂੰ ਖਤਮ ਕੀਤਾ ਜਾ ਸਕੇ।
ਕ੍ਰਿਸ਼ਨ ਕੁਮਾਰ ਨੇ ਵੱਧ ਹਾਜ਼ਰੀ ਵਾਲੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਯੋਜਨਾਬੰਦੀ ਬਾਰੇ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਰ੍ਹਵੀਂ ਤੱਕ ਨੈਤਿਕ ਸਿੱਖਿਆ ਦਾ ਵਿਸ਼ਾ ‘ਸਵਾਗਤ ਜ਼ਿੰਦਗੀ ਪਹਿਲੀ ਵਾਰ ਸ਼ੁਰੂ ਕੀਤਾ ਗਿਆ ਹੈ ਜਿਸ ਦਾ ਪਾਠਕ੍ਰਮ ਅਧਿਆਪਕਾਂ ਵੱਲੋਂ ਹੀ ਤਿਆਰ ਕੀਤਾ ਗਿਆ ਹੈ ਅਤੇ ਸਮਾਜ ਦੇ ਹਰ ਵਰਗ ਨੇ ਇਸਦਾ ਸਵਾਗਤ ਕੀਤਾ ਹੈ। ਇੱਥੋਂ ਤੱਕ ਕਿ ਦੂਜੇ ਰਾਜ ਵੀ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ। ਐੱਜੂਸੈੱਟ ਰਾਹੀਂ ਹੋਈ ਇਸ ਮੀਟਿੰਗ ਵਿੱਚ ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਜਗਤਾਰ ਸਿੰਘ ਕੂਲੜੀਆ ਅਤੇ ਸਹਾਇਕ ਡਾਇਰੈਕਟਰ ਸਲਿੰਦਰ ਸਿੰਘ ਅਤੇ ਹੋਰ ਸਟੇਟ ਰਿਸੋਰਸ ਪਰਸਨ ਵੀ ਮੌਜੂਦ ਰਹੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…