Share on Facebook Share on Twitter Share on Google+ Share on Pinterest Share on Linkedin ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੇ ਯਤਨਾਂ ਨੂੰ ਬੂਰ ਪਿਆ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-9 ਨੂੰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਣਾਇਆ ਜਾ ਰਿਹੈ ਨਮੂਨੇ ਦਾ ਸਮਾਰਟ ਸਕੂਲ: ਧਾਲੀਵਾਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ: ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਸਮੂਹ ਸਰਕਾਰੀ ਸਕੂਲਾਂ ਨੂੰ ਸਰਕਾਰੀ ਫੰਡ ਤੋਂ ਬਿਨਾਂ ਤੋਂ ਸਿਰਫ਼ ਦਾਨੀ ਸੱਜਣਾਂ ਦੀ ਮਦਦ ਨਾਲ ਸਮਾਰਟ ਸਕੂਲ ਬਣਾਉਣ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਹੁਣ ਤੱਕ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਵੱਡੀ ਗਿਣਤੀ ਵਿੱਚ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਚੁੱਕਾ ਹੈ। ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਇਮਾਰਤਾਂ ਨੂੰ ਖੂਬਸੂਰਤ ਬਣਾਉਣ ਨਾਲ ਐਤਕੀਂ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਨਾਲੋਂ ਵਧੇਰੇ ਬੱਚਿਆਂ ਨੇ ਦਾਖ਼ਲਾ ਲਿਆ ਹੈ। ਇਸੇ ਲੜੀ ਤਹਿਤ ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-9 ਨੂੰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਨਮੂਨੇ ਦਾ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਅਧਿਆਪਕਾਂ ਵੱਲੋਂ ਜੰਗੀ ਪੱਧਰ ’ਤੇ ਕੰਮ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ ਨੇ ਅੱਜ ਫੇਜ਼-9 ਸਕੂਲ ਦਾ ਦੌਰਾ ਕਰ ਕੇ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਲਈ ਆਰੰਭੇ ਕਾਰਜਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਸਿੱਖਿਆ ਅਧਿਕਾਰੀ ਨੇ ਦਾਨੀ ਸੱਜਣਾਂ ਦੇ ਨਾਲ ਨਾਲ ਸਕੂਲ ਦੇ ਇੰਚਾਰਜ ਜਸਵੀਰ ਸਿੰਘ ਤੇ ਸਾਥੀਆਂ ਅਧਿਆਪਕਾਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਨੂੰ ਸ਼ਾਬਸ਼ ਦਿੱਤੀ। ਉਨ੍ਹਾਂ ਨੇ ਅਧਿਆਪਕਾਂ ਦੇ ਇਸ ਕਾਰਜ ਤੋਂ ਖੁਸ਼ ਹੋ ਕੇ ਆਪਣੀ ਨੇਕ ਕਮਾਈ ’ਚੋਂ ਇਕ ਕਮਰੇ ਦੀ ਫਲੋਰਿੰਗ ਟਾਈਲਜ਼ ਲਗਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਸਵੀਰ ਸਿੰਘ ਸੈਂਟਰ ਹੈੱਡ ਟੀਚਰ ਫੇਜ਼-9 ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਤਿਆਰ ਹੋਣ ਵਾਲਾ ਮੁਹਾਲੀ ਦਾ ਇਹ ਦੂਜਾ ਸਕੂਲ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਯਤਨਾਂ ਸਦਕਾ ਪਿੰਡ ਤੀੜਾ ਦੇ ਸਰਕਾਰੀ ਸਕੂਲ ਨੂੰ ਸਮੁੱਚੇ ਜ਼ਿਲ੍ਹੇ ’ਚੋਂ ਪਹਿਲਾ ਸਮਾਰਟ ਸਕੂਲ ਬਣਨ ਦਾ ਮਾਣ ਹਾਸਲ ਹੈ। ਇਸ ਮੌਕੇ ਸੈਂਟਰ ਹੈਡ ਟੀਚਰ ਜਸਵੀਰ ਸਿੰਘ ਨੇ ਦੱਸਿਆ ਕਿ ਦਾਨੀ ਸੱਜਣਾਂ ਅਤੇ ਅਧਿਆਪਕ ਸਾਥੀਆਂ ਦੇ ਸਹਿਯੋਗ ਨਾਲ ਸਮਾਰਟ ਸਕੂਲ ਬਣਾਉਣ ਦਾ ਕੰਮ ਜਾਰੀ ਹੈ। ਉਨ੍ਰਾਂ ਦੱਸਿਆ ਕਿ ਬੱਚਿਆਂ ਨੂੰ ਆਧੁਨਿਕ ਤਰੀਕੇ ਨਾਲ ਮਿਆਰੀ ਸਿੱਖਿਆ ਦੇਣ ਲਈ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਪ੍ਰਾਜੈਕਟਰ ਰਾਹੀਂ ਸਿੱਖਿਆ ਦਿੱਤੀ ਜਾਵੇਗੀ, ਬੱਚਿਆਂ ਖੇਡਣ ਕੁੱਦਣ ਲਈ ਰੰਗ ਬਿਰੰਗੇ ਝੂਲੇ ਲਗਾਏ ਜਾ ਰਹੇ ਹਨ ਅਤੇ ਸਕੂਲ ਦੇ ਗਰਾਉਂਡ ਦਾ ਜ਼ਮੀਨੀ ਪੱਧਰ ਅਤੇ ਸੁੰਦਰ ਬਣਾਉਣ ਲਈ ਹਰਾ ਘਾਹ ਅਤੇ ਫੁੱਲ ਬੂਟੇ ਲਗਾਏ ਜਾ ਰਹੇ ਹਨ। ਜਿਸ ਨਾਲ ਬੱਚਿਆਂ ਦਾ ਦਾਖ਼ਲਾ ਵਧੇਗਾ। ਇਸ ਮੌਕੇ ਭਾਜਪਾ ਆਗੂ ਰਮੇਸ਼ ਵਰਮਾ, ਸ੍ਰੀਮਤੀ ਮਨਿੰਦਰ ਕੌਰ, ਸ੍ਰੀਮਤੀ ਸ਼ਿਵਾਲੀ ਕੰਵਰ, ਸ੍ਰੀਮਤੀ ਭਵਨਪ੍ਰੀਤ ਕੌਰ, ਸ੍ਰੀਮਤੀ ਅੰਜੂ ਬਾਲਾ, ਸ੍ਰੀਮਤੀ ਸੁਖਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਸ੍ਰੀਮਤੀ ਸ਼ਰਨਜੀਤ ਕੌਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ