ਕੈਬਨਿਟ ਮੰਤਰੀ ਤੇ ‘ਆਪ’ ਪ੍ਰਧਾਨ ਅਮਨ ਅਰੋੜਾ ਦੇ ਹੁਕਮਾਂ ਦੇ ਬਾਵਜੂਦ ਸਿੱਖਿਆ ਸਕੱਤਰ ਮੀਟਿੰਗ ਤੋਂ ਭੱਜੇ

ਦਫ਼ਤਰੀ ਮੁਲਾਜ਼ਮਾਂ ਵੱਲੋਂ 5 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਵੱਲੋਂ 10 ਦਸੰਬਰ ਤੋਂ ਵਿਭਾਗੀ ਕੰਮ ਮੁਕੰਮਲ ਠੱਪ ਕਰਨ ਦੀ ਚਿਤਾਵਨੀ

ਦਫ਼ਤਰੀ ਮੁਲਾਜ਼ਮਾਂ ਦਾ ਡੀਜੀਐਸਈ ਦਫ਼ਤਰ ਦੇ ਬਾਹਰ ਲੜੀਵਾਰ ਧਰਨਾ ਪੰਜਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ, ਮੁਹਾਲੀ, 2 ਦਸੰਬਰ:
ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਕਰਨ ਵਿਰੁੱਧ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦਾ ਸਰਕਾਰ ਪ੍ਰਤੀ ਰੋਹ ਭਖਦਾ ਜਾ ਰਿਹਾ ਹੈ। ਦਫ਼ਤਰੀ ਮੁਲਾਜ਼ਮਾਂ ਦਾ ਡੀਜੀਐਸਈ ਦਫ਼ਤਰ ਦੇ ਬਾਹਰ ਲੜੀਵਾਰ ਧਰਨਾ ਅੱਜ ਪੰਜਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਧਰ, ਅੱਜ ਸਿੱਖਿਆ ਸਕੱਤਰ ਨੇ ਐਨ ਮੌਕੇ ਮੀਟਿੰਗ ਤੋਂ ਟਾਲਾ ਵੱਟ ਲਿਆ। ਸਰਵ ਸਿੱਖਿਆ ਅਭਿਆਨ ਅਤੇ ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਜਗਮੋਹਨ ਸਿੰਘ ਅਤੇ ਪ੍ਰਵੀਨ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਅਫ਼ਸਰਸ਼ਾਹੀ ਮੰਤਰੀਆਂ ਨੂੰ ਟਿੱਚ ਜਾਣਦੀ ਹੈ। ਉਨ੍ਹਾਂ ਦੱਸਿਆ ਕਿ ਬੀਤੀ 14 ਮਾਰਚ ਨੂੰ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਦਾ ਮਸਲਾ ਹੱਲ ਹੋਣ ਦੇ ਬਾਵਜੂਦ ਅਧਿਕਾਰੀ ਰਾਹ ਵਿੱਚ ਦਿੱਕਤਾਂ ਖੜੀਆਂ ਕਰ ਰਹੇ ਹਨ।
ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 21 ਅਪਰੈਲ 2022 ਅਤੇ ਕੈਬਨਿਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਮੰਗਾਂ ਮੰਨਣ ਦੇ ਬਾਵਜੂਦ ਅਫ਼ਸਰਸ਼ਾਹੀ ਵੱਲੋਂ ਅਮਲੀ ਜਾਮ ਨਹੀਂ ਪਹਿਨਾਇਆ ਜਾ ਰਿਹਾ। ਇਹੀ ਨਹੀਂ 14 ਮਾਰਚ ਦੀ ਮੀਟਿੰਗ ਵਿੱਚ ਵਿੱਤ ਮੰਤਰੀ ਦੇ ਆਦੇਸ਼ਾਂ ਅਨੁਸਾਰ ਜਥੇਬੰਦੀ ਨੇ ਡੀਜੀਐਸਈ ਨੂੰ ਹਲਫ਼ਨਾਮਾ ਵੀ ਦਿੱਤਾ ਸੀ। ਬੀਤੀ 28 ਨਵੰਬਰ ਨੂੰ ਮੁਲਾਜ਼ਮਾਂ ਨੇ ਸਿੱਖਿਆ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਤਾਂ ਮੁਹਾਲੀ ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਅਤੇ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਨਾਲ ਮੀਟਿੰਗ ਕਰਵਾਈ ਗਈ। ਜਿਨ੍ਹਾਂ ਨੇ ਮੌਕੇ ’ਤੇ ਹੀ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਫੋਨ ’ਤੇ ਗੱਲ ਕਰਕੇ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਸਨ ਅਤੇ ਅੱਜ 2 ਦਸੰਬਰ ਨੂੰ ਸਕੱਤਰ ਨਾਲ ਮੀਟਿੰਗ ਦਾ ਸਮਾਂ ਤੈਅ ਕੀਤਾ ਗਿਆ ਸੀ ਪ੍ਰੰਤੂ ਅੱਜ ਐਨ ਮੌਕੇ ਸਕੱਤਰ ਨੇ ਮੀਟਿੰਗ ਤੋਂ ਮਨ੍ਹਾਂ ਕਰ ਦਿੱਤਾ। ਜਿਸ ਕਾਰਨ ਕੱਚੇ ਮੁਲਾਜ਼ਮਾਂ ਦਾ ਰੋਹ ਹੋਰ ਜ਼ਿਆਦਾ ਭਖ ਗਿਆ।
ਆਗੂਆਂ ਨੇ ਐਲਾਨ ਕੀਤਾ ਕਿ 5 ਦਸੰਬਰ ਨੂੰ ਦਫ਼ਤਰੀ ਮੁਲਾਜ਼ਮ ਇਕੱਠੇ ਹੋ ਕੇ ਆਪ ਦੇ ਮੁੱਖ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਫਿਰ ਵੀ ਸਰਕਾਰ ਨੇ ਮੁਲਾਜ਼ਮਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 10 ਦਸੰਬਰ ਤੋਂ ਵਿਭਾਗ ਦਾ ਕੰਮ ਮੁਕੰਮਲ ਠੱਪ ਕੀਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਗੁਪਤ ਐਕਸ਼ਨ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਸਾਰਾ ਦਿਨ ਚੱਲਿਆ ਗੁਰਮਤਿ ਸਮਾ…