Nabaz-e-punjab.com

ਵਿੱਦਿਅਕ ਮੁਕਾਬਲੇ: ਪ੍ਰਾਇਮਰੀ ਸਕੂਲਾਂ ਦੇ 10 ਲੱਖ ਬੱਚਿਆਂ ਤੇ 40 ਹਜ਼ਾਰ ਅਧਿਆਪਕਾਂ ਨੇ ਹਿੱਸਾ ਲਿਆ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਹੁਨਰ ਦੀ ਕਮੀ ਨਹੀਂ: ਕ੍ਰਿਸ਼ਨ ਕੁਮਾਰ

ਪ੍ਰਾਇਮਰੀ ਤੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੇ ਕੀਤੀਆਂ ਬਾ-ਕਮਾਲ ਪੇਸ਼ਕਾਰੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਨਵੰਬਰ:
ਸਿੱਖਿਆ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ ਵਿੱਚ ਸੂਬੇ ਦੇ ਲਗਭਗ 13 ਹਜ਼ਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰਾਇਮਰੀ ਅਤੇ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ 10.8 ਲੱਖ ਵਿਦਿਆਰਥੀਆਂ ਅਤੇ ਲਗਭਗ 40 ਹਜ਼ਾਰ ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਕਰਵਾਈ ਸਖ਼ਤ ਮਿਹਨਤ ਮੰਚ ’ਤੇ ਸਾਫ਼ ਝਲਕ ਰਹੀ ਸੀ। ਉਨ੍ਹਾਂ ਕਿਹਾ ਕਿ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਤਹਿਤ ਕਰਵਾਏ ਗਏ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਬੇਹੱਦ ਸਹਾਈ ਹੋਣਗੇ। ਵਿਦਿਆਰਥੀਆਂ ਨੇ ਵੱਖ-ਵੱਖ ਭਾਸ਼ਾਵਾਂ ਵਿੱਚ ਭਾਸ਼ਣ ਦਿੱਤੇ ਅਤੇ ਸੁਲੇਖ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਹੁਨਰ ਦੀ ਕਮੀ ਨਹੀਂ ਹੈ, ਬਸ ਬੱਚਿਆਂ ਨੂੰ ਮੁਕਾਬਲਿਆਂ ਲਈ ਤਿਆਰ ਅਤੇ ਉਤਸ਼ਾਹਿਤ ਕਰਨ ਦੀ ਲੋੜ ਹੈ।
ਪੰਜਾਬ ਪੜ੍ਹਾਓ ਪੰਜਾਬ ਦੇ ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਵਿੱਚ ਜਮਾਤ ਅਨੁਸਾਰ ਪੜ੍ਹਨ, ਸੁਲੇਖ, ਪਹਾੜਿਆਂ, ਬੋਲ ਲਿਖਤ, ਕਵਿਤਾ ਗਾਇਨ, ਚਿੱਤਰਕਲਾ, ਆਮ ਗਿਆਨ ਅਤੇ ਪ੍ਰੀ-ਪ੍ਰਾਇਮਰੀ ਖੇਡ ਕਿਰਿਆਵਾਂ ਦੇ ਮੁਕਾਬਲੇ ਕਰਵਾਏ ਗਏ। ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ ਅਤੇ ਜ਼ਿਲ੍ਹਾ ਕੋਆਰਡੀਨੇਟਰਾਂ ਨੇ ਇਨ੍ਹਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਜੇਤੂ ਬੱਚੇ 19 ਨਵੰਬਰ ਨੂੰ ਕਲਸਟਰ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…